ਕੱਚੇ ਅਧਿਆਪਕਾਂ ਦੀ ਸਰਕਾਰ ਨੂੰ ਧਮਕੀ ਭਰੀ ਲਲਕਾਰ, ਹੱਕ ਲਏ ਬਿਨਾਂ ਨਹੀਂ ਚੁੱਕਾਂਗੇ ਧਰਨਾ

ਸਿੱਖਿਆ ਭਵਨ ਦੀ ਛੱਤ ’ਤੇ ਡਟੇ ਅਧਿਆਪਕ ਦੀ ਤਬੀਅਤ ਵਿਗੜੀ, ਮੈਡੀਕਲ ਟੀਮ ਨੇ ਕੀਤੀ ਜਾਂਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੂਨ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਦਾ ਲੜੀਵਾਰ ਧਰਨਾ ਪ੍ਰਦਰਸ਼ਨ ਸ਼ੁੱਕਰਵਾਰ ਨੂੰ ਤੀਜੇ ਦਿਨ ਵੀ ਜਾਰੀ ਰਿਹਾ। ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਸਕੱਤਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸੂਬਾ ਸਰਕਾਰ ਨੂੰ ਧਮਕੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਇਨਸਾਫ਼ ਮਿਲਣ ਤੱਕ ਧਰਨਾ ਜਾਰੀ ਰਹੇਗਾ।
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਅੌਲਖ, ਦਵਿੰਦਰ ਸਿੰਘ ਸੰਧੂ ਅਤੇ ਜੁਝਾਰ ਸਿੰਘ ਸੰਗਰੂਰ, ਹਰਪ੍ਰੀਤ ਕੌਰ ਨੇ ਇਕਸੁਰ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਕਾਂਗਰਸੀ ਵਿਧਾਇਕਾਂ ਦੇ ਧੀਆਂ ਪੁੱਤਾਂ ਅਤੇ ਆਮ ਲੋਕਾਂ ਨੂੰ ਨੌਕਰੀਆਂ ਦੇਣ ਲਈ ਵੱਖੋ-ਵੱਖਰੇ ਨਿਯਮਾਂ ਬਣਾਏ ਗਏ ਹਨ। ਪਾਰਟੀ ਅੰਦਰ ਚੱਲ ਰਹੀ ਬਗਾਵਤ ਨੂੰ ਠੱਲ੍ਹਣ ਲਈ ਪੰਜਾਬ ਕੈਬਨਿਟ ਨੇ ਕਾਂਗਰਸੀ ਆਗੂਆਂ ਦੇ ਬੱਚਿਆਂ ਨੂੰ ਰੁਜ਼ਗਾਰ ਦੇਣ ’ਤੇ ਤਾਂ ਮੋਹਰ ਲਗਾ ਦਿੱਤੀ ਹੈ ਪ੍ਰੰਤੂ ਜਿਹੜੇ ਕੱਚੇ ਅਧਿਆਪਕ ਪਿਛਲੇ ਡੇਢ ਦਹਾਕੇ ਤੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਹਨ, ਉਨ੍ਹਾਂ ਨੂੰ ਆਪਣੇ ਵਾਅਦੇ ਮੁਤਾਬਕ ਪੱਕੇ ਕਰਨ ਤੋਂ ਪੱਲਾ ਝਾੜ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਸਰਕਾਰ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਬਲਕਿ ਆਪਣੇ ਹੱਕ ਲਏ ਬਿਨਾਂ ਇੱਥੋਂ ਧਰਨਾ ਨਹੀਂ ਚੁੱਕਿਆ ਜਾਵੇਗਾ ਸਗੋਂ ਆਉਣ ਵਾਲੇ ਦਿਨਾਂ ਵਿੱਚ ਸਮਾਜ ਸੇਵੀ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਰਕਾਰ ’ਤੇ ਦਬਾਅ ਪਾਉਣ ਲਈ ਗੁਪਤ ਐਕਸ਼ਨ ਕੀਤੇ ਜਾਣਗੇ।
ਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਸਾਫ਼ ਨਹੀਂ ਹੈ। ਜਿਸ ਕਾਰਨ ਅੱਜ ਸਾਰੇ ਵਰਗਾ ਦੇ ਲੋਕ ਇਨਸਾਫ਼ ਪ੍ਰਾਪਤੀ ਲਈ ਸੜਕਾਂ ’ਤੇ ਉਤਰੇ ਹੋਏ ਹਨ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਕੀਤੇ ਵਾਅਦੇ ਚੇਤੇ ਕਰਵਾਏ ਗਏ ਹਨ ਤਾਂ ਸਿੱਖਿਆ ਸਕੱਤਰ ਦਾ ਕਹਿਣਾ ਸੀ ਕਿ ਜੇਕਰ ਉਨ੍ਹਾਂ ਨੂੰ ਪੱਕਾ ਕਰਦੇ ਹਾਂ ਤਾਂ ਕਾਨੂੰਨੀ ਦਿੱਕਤਾਂ ਆ ਸਕਦੀਆਂ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਸੁਆਲ ਕੀਤਾ ਕਿ ਜੇਕਰ ਉਹ ਨਿਯਮਾਂ ਤੋਂ ਚੰਗੀ ਤਰ੍ਹਾਂ ਵਾਕਿਫ਼ ਨਹੀਂ ਸਨ ਤਾਂ ਉਨ੍ਹਾਂ ਨੂੰ ਪੱਕਾ ਕਰਨ ਦਾ ਝੂਠਾ ਲਾਰਾ ਕਿਉਂ ਲਾਇਆ ਗਿਆ। ਉਨ੍ਹਾਂ ਕਿਹਾ ਕਿ ਸੋਮਵਾਰ ਤੱਕ ਗੁਪਤ ਐਕਸ਼ਨ ਕੀਤਾ ਜਾਵੇਗਾ।
ਹਰਪ੍ਰੀਤ ਕੌਰ ਨੇ ਕਿਹਾ ਕਿ ਹੁਣ ਉਹ ਸਰਕਾਰ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਸਗੋਂ ਆਪਣੇ ਹੱਕ ਲੈ ਕੇ ਹੀ ਵਾਪਸ ਘਰਾਂ ਨੂੰ ਜਾਣਗੇ। ਉਨ੍ਹਾਂ ਕਿਹਾ ਕਿ 18 ਸਾਲਾਂ ਬਾਅਦ ਉਨ੍ਹਾਂ ਨੂੰ 6 ਹਜ਼ਾਰ ਰੁਪਏ ਤਨਖ਼ਾਹ ਮਿਲਣ ਲੱਗੀ ਹੈ। ਜਿਸ ਨਾਲ ਘਰ ਦਾ ਗੁਜ਼ਾਰਾ ਚਲਾਉਣਾ ਕਾਫ਼ੀ ਮੁਸ਼ਕਲ ਹੈ। ਉਨ੍ਹਾਂ ਮੰਗ ਕੀਤੀ ਕਿ ਕੱਚੇ ਅਧਿਆਪਕਾਂ ਨੂੰ ਘੱਟ-ਘੱਟ 40 ਹਜ਼ਾਰ ਰੁਪਏ ਤਨਖ਼ਾਹ ਦਿੱਤੀ ਜਾਵੇ ਅਤੇ ਬਿਨਾਂ ਸ਼ਰਤ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ। ਮਹਿਲਾ ਆਗੂ ਨੇ ਕਿਹਾ ਕਿ ਸਰਕਾਰ ਵੱਲੋਂ ਨੈਸ਼ਨਲ ਟੀਚਿੰਗ ਟਰੇਨਿੰਗ ਦੀ ਪ੍ਰੀਖਿਆ ਮੁਲਤਵੀ ਕਰਨਾ ਅਧਿਆਪਕਾ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਮੁਲਤਵੀ ਕਰਨ ਨਾਲ ਗੱਲ ਨਹੀਂ ਬਣੇਗੀ ਬਲਕਿ ਸਰਕਾਰ ਨੂੰ ਇਹ ਪ੍ਰੀਖਿਆ ਰੱਦ ਕਰਨੀ ਚਾਹੀਦੀ ਹੈ।
ਉਧਰ, ਤਿੰਨ ਦਿਨਾਂ ਤੋਂ ਸਤਿੰਦਰ ਸਿੰਘ ਕੰਗ ਤਰਨ ਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਸੰਗਰੂਰ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ। ਇਨ੍ਹਾਂ ’ਚੋਂ ਸਮਰ ਸਿੰਘ ਦੀ ਅੱਜ ਅਚਾਨਕ ਤਬੀਅਤ ਵਿਗੜ ਗਈ। ਸੂਚਨਾ ਮਿਲਦੇ ਹੀ ਪ੍ਰਸ਼ਾਸਨ ਵੱਲੋਂ ਤੁਰੰਤ ਮੈਡੀਕਲ ਟੀਮ ਨੂੰ ਮੌਕੇ ’ਤੇ ਸੱਦਿਆ ਗਿਆ ਅਤੇ ਸੰਘਰਸ਼ਸ਼ੀਲ ਆਗੂ ਦੀ ਸਿਹਤ ਦੀ ਜਾਂਚ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…