Nabaz-e-punjab.com

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ: ਸਿੱਖਿਆ ਸਕੱਤਰ ਵੱਲੋਂ ਪੰਜ ਜ਼ਿਲ੍ਹਿਆਂ ਦੇ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ

ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਮਿਆਰੀ ਸਿੱਖਿਆ ਦੇਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਤਹਿਤ ਗੁਣਾਤਮਿਕ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦਾ ਦਾਅਵਾ ਕੀਤਾ ਹੈ। ਇਸ ਦੀ ਮਿਸਾਲ ਪ੍ਰਾਇਮਰੀ ਸਕੂਲਾਂ ਤੋਂ ਪੰਜਵੀਂ ਜਮਾਤ ਪਾਸ ਕਰਕੇ ਛੇਵੀਂ ਜਮਾਤ ਵਿੱਚ ਦਾਖ਼ਲ ਹੋਏ ਵਿਦਿਆਰਥੀਆਂ ਦੇ ਮਿਆਰ ਅਤੇ ਵੱਖ-ਵੱਖ ਭਾਸ਼ਾਵਾਂ ਵਿੱਚ ਪਰਪੱਕਤਾ ਤੋਂ ਪਤਾ ਚੱਲਦੀ ਹੈ। ਇਸ ਗੱਲ ਦਾ ਖੁਲਾਸਾ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਇੱਥੋਂ ਦੇ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਦੇ ਆਡੀਟੋਰੀਅਮ ਵਿੱਚ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਣ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਦਾ ਸਕਾਰਾਤਮਕ ਮਾਹੌਲ ਦੇਣ ਲਈ ਸਕੂਲ ਮੁਖੀਆਂ ਤੇ ਸਿੱਖਿਆ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਮਿਆਰੀ ਸਿੱਖਿਆ ਦੇਣ ’ਤੇ ਜ਼ੋਰ ਦਿੱਤਾ।
ਅੱਜ ਹੋਈ ਇਸ ਲੜੀਵਾਰ ਮੀਟਿੰਗ ਦੇ ਪਹਿਲੇ ਦਿਨ ਜ਼ਿਲ੍ਹਾ ਅੰਮ੍ਰਿਤਸਰ, ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ ਅਤੇ ਤਰਨਤਾਰਨ ਦੇ ਲਗਭਗ 600 ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਨੇ ਹਿੱਸਾ ਲਿਆ। ਸਿੱਖਿਆ ਸਕੱਤਰ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਉੱਚਾ ਚੁੱਕਣ ਅਤੇ ਸਮਾਰਟ ਅਤੇ ਸੋਹਣੀ ਦਿਖ ਵਾਲੇ ਸਕੂਲ ਬਣਾਉਣ ਲਈ ਕਾਫੀ ਲਗਨ ਤੇ ਮਿਹਨਤ ਨਾਲ ਸਫ਼ਲ ਉਪਰਾਲੇ ਕੀਤੇ ਹਨ। ਅਧਿਆਪਕਾਂ ਦੇ ਇਸ ਉੱਦਮ ਨਾਲ ਕੌਮੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸ ਦੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਚੰਗੇ ਨਤੀਜੇ ਸਾਹਮਣੇ ਆਉਣਗੇ। ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ, ਏਐਸਪੀਡੀ ਸੁਰੇਖਾ ਠਾਕੁਰ, ਪ੍ਰਿੰਸੀਪਲ ਸ਼ਲਿੰਦਰ ਸਿੰਘ, ਅਮਰਜੀਤ ਸਿੰਘ ਰੱਲੀ, ਹਰਿੰਦਰ ਸਿੰਘ ਗਰੇਵਾਲ ਅਤੇ ਹੋਰ ਸਟੇਟ ਰਿਸੋਰਸ ਪਰਸਨਾਂ ਨੇ ਸਮਾਰਟ ਸਕੂਲਾਂ ਸਬੰਧੀ ਆਪਣੇ ਵਿਚਾਰ ਸਕੂਲ ਮੁਖੀਆਂ ਨਾਲ ਸਾਂਝੇ ਕੀਤੇ। ਮੀਟਿੰਗ ਵਿੱਚ ਸਹਾਇਕ ਡਾਇਰੈਕਟਰ ਸੁਸ਼ੀਲ ਨਾਥ, ਹਰਪ੍ਰੀਤ ਸਿੰਘ ਸਮੇਤ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…