
ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ: ਪਾਠਕ੍ਰਮ ਦੀਆਂ ਰਚਨਾਤਮਿਕ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਵਰਕਸ਼ਾਪ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਾਰਚ:
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਗੁਣਾਤਮਿਕ ਬਣਾਉਣ ਲਈ ਚਲਾਏ ਜਾ ਰਹੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਦੇ ਤਹਿਤ ਦੂਜੇ ਗੇੜ ਦੀ ਸਿਖਲਾਈ ਵਰਕਸ਼ਾਪ ਲਗਾਈ ਗਈ। ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਇਸ ਸਿਖਲਾਈ ਵਰਕਸ਼ਾਪ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ 251 ਮੈਂਬਰ ਰਿਸੋਰਸ ਪਰਸਨਾਂ ਨੇ ਹਿੱਸਾ ਲਿਆ।
ਇਹ ਜਾਣਕਾਰੀ ਦਿੰਦਿਆਂ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰ ਰਹੇ ਅਧਿਆਪਕ ਅੱਗੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਬਲਾਕ ਪੱਧਰ ’ਤੇ ਦੂਜੇ ਅਧਿਆਪਕਾਂ ਨੂੰ ਸਿਖਲਾਈ ਪ੍ਰਦਾਨ ਕਰਨਗੇ। ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਪਾਠਕ੍ਰਮ ਦਾ ਗਿਆਨ ਰਚਨਾਤਮਿਕ ਢੰਗ ਨਾਲ ਪ੍ਰਦਾਨ ਕਰਕੇ ਸਿੱਖਣ-ਸਿਖਾਉਣ ਦੀ ਪ੍ਰਕਿਰਿਆ ਨੂੰ ਦਿਲਚਸਪ ਬਣਾਉਣਾ ਹੈ।
ਸਿਖਲਾਈ ਵਰਕਸ਼ਾਪ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਅਤੇ ਪ੍ਰਾਇਮਰੀ ਦੇ ਪਾਠਕ੍ਰਮ ਦੀਆਂ ਗਤੀਵਿਧੀਆਂ ਨੂੰ ਅਧਿਆਪਕਾਂ ਨੂੰ ਵਿਵਹਾਰਿਕ ਰੂਪ ਵਿੱਚ ਸਿਖਲਾਈ ਦਿੱਤੀ ਗਈ। ਵੱਖ-ਵੱਖ ਵਿਸ਼ਾ-ਮਾਹਰਾਂ ਵੱਲੋਂ ਪ੍ਰਾਇਮਰੀ ਜਮਾਤਾਂ ਦੇ ਪਾਠਕ੍ਰਮ ਦੀ ਰਚਨਾਤਮਿਕ ਅਧਿਆਪਨ ਵਿਧੀਆਂ ਨਾਲ ਸਿਖਲਾਈ ਪ੍ਰਦਾਨ ਕੀਤੀ ਗਈ। ਸਿਖਲਾਈ ਵਰਕਸ਼ਾਪ ਵਿੱਚ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਅਨੁਸਾਰ ਸਿੱਖਣ-ਪਰਿਣਾਮਾਂ ਦੀ ਪ੍ਰਾਪਤੀ ਲਈ ਪੇਪਰ ਪੈਟਰਨ, ਸੁੰਦਰ ਲਿਖਾਈ, ਇਨਫਰਮੇਸ਼ਨ ਅਤੇ ਕਮਿਊਨੀਕੇਸ਼ਨ ਟੈਕਨਾਲੋਜੀ ਦੀ ਸਿਖਲਾਈ ਵੀ ਦਿੱਤੀ ਗਈ।