Nabaz-e-punjab.com

ਸੇਵਾਮੁਕਤ ਡਾਕਟਰਾਂ ਨੂੰ ਮੁੜ ਠੇਕੇ ’ਤੇ ਰੱਖਣ ਲਈ ਨਵੀਂ ਭਰਤੀ ਪ੍ਰਕਿਰਿਆ ਛੇਤੀ: ਸਿੱਧੂ

ਵੱਖ ਵੱਖ ਬਿਮਾਰੀਆਂ ਦੇ ਮਾਹਰ ਸੇਵਾਮੁਕਤ ਡਾਕਟਰਾਂ ਦੀ ਠੇਕਾ ਪ੍ਰਣਾਲੀ ਤਹਿਤ ਨਵੀਂ ਭਰਤੀ ਨੂੰ ਮਿਲੀ ਹਰੀ ਝੰਡੀ

ਸੇਵਾਮੁਕਤ ਡਾਕਟਰਾਂ ਦੀ ਨਵੀਂ ਭਰਤੀ ਲਈ ਅਖ਼ਬਾਰਾਂ ਵਿੱਚ ਛੇਤੀ ਦਿੱਤਾ ਜਾਵੇਗਾ ਇਸ਼ਤਿਹਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਸਤੰਬਰ:
ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਪਹਿਲ ਦੇ ਆਧਾਰ ’ਤੇ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਸਬੰਧੀ ਵਿਆਪਕ ਯੋਜਨਾਵਾਂ ਉਲੀਕੀਆਂ ਗਈਆਂ ਹਨ। ਜਿਸ ਦੇ ਤਹਿਤ ਵੱਖ ਵੱਖ ਬਿਮਾਰੀਆਂ ਦੇ ਮਾਹਰ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਸੇਵਾਮੁਕਤ ਸਪੈਸ਼ਲਿਸਟ ਡਾਕਟਰਾਂ ਨੂੰ ਮੁੜ ਠੇਕੇ ’ਤੇ ਰੱਖਿਆ ਜਾਵੇਗਾ। ਇਸ ਸਬੰਧੀ ਪੰਜਾਬ ਕੈਬਨਿਟ ਨੇ ਵੀ ਹਰੀ ਝੰਡੀ ਦੇ ਦਿੱਤੀ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਸੀਜੀਸੀ ਕਾਲਜ ਲਾਂਡਰਾਂ ਵਿੱਚ ਘਰ ਘਰ ਰੁਜ਼ਗਾਰ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਇਸ ਸਬੰਧੀ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਅਨੁਸਾਰ ਹੋਰ ਸ਼ਰਤਾਂ ਨੂੰ ਲਾਗੂ ਕੀਤਾ ਜਾਵੇਗਾ। ਇਸ ਸਬੰਧੀ ਡਾਇਰੈਕਟਰ ਹੈਲਥ ਸਰਵਿਸਿਜ਼ ਵੱਲੋਂ ਚੋਣ ਪ੍ਰਕਿਰਿਆ ਸਬੰਧੀ ਮਾਪਦੰਡ ਤਿਆਰ ਕੀਤੇ ਜਾਣਗੇ ਅਤੇ ਸਟੇਸ਼ਨਾਂ ਸਮੇਤ ਅਸਾਮੀਆਂ ਦੀ ਜਾਣਕਾਰੀ ਸਿਹਤ ਵਿਭਾਗ ਦੀ ਵੈੱਬਸਾਈਟ ’ਤੇ ਉਪਲਬਧ ਕਰਵਾਈ ਜਾਵੇਗੀ।
ਸਿਹਤ ਮੰਤਰੀ ਨੇ ਕਿਹਾ ਕਿ ਵੱਖ ਵੱਖ ਬਿਮਾਰੀਆਂ ਦੇ ਮਾਹਰ ਸੇਵਾਮੁਕਤ ਡਾਕਟਰਾਂ ਦੀ ਠੇਕਾ ਪ੍ਰਣਾਲੀ ਤਹਿਤ ਨਵੇਂ ਸਿਰਿਓਂ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੀ ਇਸ ਯੋਜਨਾ ’ਤੇ ਮੁੱਖ ਮੰਤਰੀ ਨੇ ਬੀਤੇ ਦਿਨੀਂ ਆਪਣੀ ਪੱਕੀ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਰੈਗੂਲਰ ਭਰਤੀ ਨਹੀਂ ਹੁੰਦੀ ਉਦੋਂ ਤੱਕ ਸੇਵਾਮੁਕਤ ਡਾਕਟਰਾਂ ਦੀਆਂ ਸੇਵਾਵਾਂ ਲਈ ਜਾਣਗੀਆਂ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਆਉਂਦੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਛੇਤੀ ਹੀ ਵੱਖ ਵੱਖ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਸੇਵਾਮੁਕਤ ਡਾਕਟਰਾਂ ਦੀ ਠੇਕਾ ਆਧਾਰਿਤ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਠੇਕੇ ’ਤੇ ਰੱਖੇ ਜਾਣ ਵਾਲੇ ਇਨ੍ਹਾਂ ਡਾਕਟਰਾਂ ਨੂੰ ਸਰਕਾਰੀ ਨੇਮਾਂ ਮੁਤਾਬਕ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਹ ਯੋਜਨਾ ਸਿਰੇ ਚੜ੍ਹਨ ਨਾਲ ਸਰਕਾਰੀ ਹਸਪਤਾਲਾਂ ਵਿੱਚ ਮਾਹਰ ਡਾਕਟਰਾਂ ਦੀ ਘਾਟ ਪੁਰੀ ਹੋਵੇਗੀ।
ਸਿਹਤ ਮੰਤਰੀ ਨੇ ਦੱਸਿਆ ਕਿ ਪ੍ਰਬੰਧਕੀ ਵਿਭਾਗ ਵੱਲੋਂ 384 ਖਾਲੀ ਅਸਾਮੀਆਂ ’ਤੇ ਰੈਗੂਲਰ ਭਰਤੀ ਕਰਨ ਤੱਕ ਗਾਇਨੀਕੋਲੋਜਿਸਟ, ਸਰਜਨ, ਆਰਥੋਪੈਡਿਸ਼ਿਅਨਜ਼, ਰੇਡੀਓਲੋਜਿਸਟ, ਐਨੇਸਥੀਟਿਸਟਸ ਨੂੰ ਕੰਸਲਟੈਂਟ ਤੌਰ ’ਤੇ ਰੱਖਿਆ ਜਾਵੇਗਾ। ਸ਼ੁਰੂ ਵਿੱਚ ਹਰੇਕ ਕੰਸਲਟੈਂਟ ਨੂੰ ਇਕ ਸਾਲ ਦੇ ਸਮੇਂ ਲਈ ਠੇਕਾ ਅਧਾਰ ’ਤੇ ਨਿਯੁਕਤ ਕੀਤਾ ਜਾਵੇਗਾ। ਜਿਸ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਸਾਲ-ਦਰ-ਸਾਲ ਵਾਧਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕਰਦਿਆਂ ਦੱਸਿਆ ਕਿ ਇਨ੍ਹਾਂ ਕੰਸਲਟੈਂਟਾਂ ਨੂੰ ਦਿੱਤੀ ਜਾਣ ਵਾਲੀ ਤਨਖ਼ਾਹ ਉਨ੍ਹਾਂ ਦੇ ਸੇਵਾਕਾਲ ਦੀ ਆਖਰੀ ਤਨਖ਼ਾਹ ’ਚੋਂ ਪੈਨਸ਼ਨ ਦੀ ਰਕਮ ਘਟਾ ਕੇ ਬਚਦੀ ਰਕਮ ਤੋਂ ਜ਼ਿਆਦਾ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਕੰਸਲਟੈਂਟ ਸਿਰਫ਼ ਕਲੀਨਿਕਲ ਡਿਊਟੀਆਂ ਨਿਭਾਉਣਗੇ ਅਤੇ ਕਿਸੇ ਵੀ ਕੇਸ ਵਿੱਚ ਉਨ੍ਹਾਂ ਨੂੰ ਕੋਈ ਪ੍ਰਸ਼ਾਸਕੀ ਡਿਊਟੀ ਨਹੀਂ ਦਿੱਤੀ ਜਾਵੇਗੀ।
ਸ੍ਰੀ ਸਿੱਧੂ ਨੇ ਪ੍ਰਬੰਧਕੀ ਵਿਭਾਗ ਨੂੰ ਭਰਤੀ ਪ੍ਰਕਿਰਿਆ ਦੌਰਾਨ 100 ਫੀਸਦੀ ਪਾਰਦਰਸ਼ਿਤਾ ਬਣਾਏ ਰੱਖਣ, ਮੈਰਿਟ ਦੇ ਆਧਾਰ ’ਤੇ ਨਿਯੁਕਤੀਆਂ ਯਕੀਨੀ ਬਣਾਉਣ ਤੇ ਸਟੇਸ਼ਨ ਅਲਾਟ ਕਰਨ ਦੀ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਕ ਸਾਲ ਲਈ ਕੰਸਲਟੈਂਟਾਂ ਦੀ ਨਿਯੁਕਤੀ ਲਈ ਵੱਧ ਤੋਂ ਵੱਧ ਉਮਰ 64 ਸਾਲ ਹੋਵੇਗੀ ਅਤੇ ਕੰਟਰੈਕਟ ਸਮੇਂ ਦੌਰਾਨ ਉਨ੍ਹਾਂ ਪ੍ਰਾਈਵੇਟ ਪ੍ਰੈਕਟਿਸ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਐਸਡੀਐਮ ਜਗਦੀਪ ਸਹਿਗਲ, ਸੀਜੀਸੀ ਗਰੁੱਪ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ, ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ, ਰਣਜੀਤ ਸਿੰਘ ਜਗਤਪੁਰਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …