ਰੈਫਰੰਡਮ-2020: ਸਿੱਖ ਨੌਜਵਾਨਾਂ ਦੀ ਫੜੋਫੜੀ ਦੇ ਮਾਮਲੇ ਜਥੇਦਾਰ ਨਿੱਜੀ ਦਖ਼ਲ ਦੇਣ: ਪੰਜੋਲੀ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਕਰਨ ਵਾਲੇ ਨਿਰਮਲਜੀਤ ਸਿੰਘ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ

ਮੁਲਤਾਨੀ ਕਤਲ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ:
ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸਿੱਖਾਂ ਦੀ ਆਜ਼ਾਦੀ ਲਈ ਅਰਦਾਸ ਕਰਨ ਵਾਲੇ ਪਿੰਡ ਕੋਟਸ਼ਮੀਰ (ਬਠਿੰਡਾ) ਦੇ ਨਿਰਮਲਜੀਤ ਸਿੰਘ ਦੇ ਖ਼ਿਲਾਫ਼ ਝੂਠਾ ਕੇਸ ਦਰਜ ਕਰਨ ਅਤੇ ਰੈਫਰੰਡਮ-2020 ਅਤੇ ਯੂਏਪੀਏ ਵਰਗੇ ਕਾਲੇ ਕਾਨੂੰਨਾਂ ਤਹਿਤ ਸਿੱਖ ਨੌਜਵਾਨਾਂ ਦੀ ਫੜੋ-ਫੜੀ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਅੱਜ ਇੱਥੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਭਾਈ ਨਿਰਮਲਜੀਤ ਸਿੰਘ ਵੱਲੋਂ ਕੀਤੀ ਗਈ ਅਰਦਾਸ ਦੀ ਸ਼ਬਦਾਵਲੀ ਗੁਰ ਮਰਿਆਦਾ ਅਨੁਸਾਰ ਬਿਲਕੁਲ ਠੀਕ ਸੀ ਪ੍ਰੰਤੂ ਸਮੇਂ ਦੀਆਂ ਸਰਕਾਰਾਂ ਹੁਣ ਸਿੱਖਾਂ ਕੋਲੋਂ ਅਰਦਾਸ ਕਰਨ ਦਾ ਹੱਕ ਵੀ ਖੋਹਣ ’ਤੇ ਤੱੁਲ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਆਦੇਸ਼ਾਂ ਉੱਤੇ ਗੁਰੂਘਰ ਦੇ ਅਰਦਾਸੀਏ ਖ਼ਿਲਾਫ਼ ਝੂਠਾ ਫੌਜਦਾਰੀ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਰਦਾਸ ਕਰਨ ’ਤੇ ਲਗਾਈ ਗਈ ਅਣਐਲਾਨੀ ਪਾਬੰਦੀ ਵਿਰੁੱਧ ਸਿੱਖ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ।
ਜਥੇਦਾਰ ਪੰਜੋਲੀ ਨੇ ਮੰਗ ਕੀਤੀ ਕਿ 28 ਅਗਸਤ ਨੂੰ ਹੋਣ ਵਾਲੇ ਇਕ ਰੋਜ਼ਾ ਇਜਲਾਸ ਦੌਰਾਨ ਸਾਰੇ ਵਿਧਾਨਕਾਰ ਇੱਕਜੱੁਟ ਕਹੋ ਕੇ ਸਿੱਖਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਅਤੇ ਪਾਣੀਆਂ ਦੇ ਮੁੱਦੇ ’ਤੇ ਇੱਕਜੱੁਟਤਾ ਦਾ ਸਬੂਤ ਦੇਣ। ਉਨ੍ਹਾਂ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ, ਰਾਵੀ ਅਤੇ ਬਿਆਸ ਦੇ ਪਾਣੀਆਂ ’ਤੇ ਸਿਰਫ਼ ਪੰਜਾਬ ਦਾ ਹੱਕ ਹੈ।
ਮੁਹਾਲੀ ਦੇ ਸਿੱਖ ਨੌਜਵਾਨ ਤੇ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਅਗਵਾ ਕਰਕੇ ਕਥਿਤ ਤੌਰ ’ਤੇ ਕਤਲ ਕਰਨ ਦੇ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਪੁਲੀਸ ਸੈਣੀ ਨੂੰ ਗ੍ਰਿਫ਼ਤਾਰ ਕਰਕੇ ਹਵਾਲਾਤ ਵਿੱਚ ਨਹੀਂ ਡੱਕਦੀ ਹੈ ਤਾਂ ਕਾਨੂੰਨ ਤੋਂ ਸਿੱਖਾਂ ਅਤੇ ਆਮ ਲੋਕਾਂ ਦਾ ਭਰੋਸਾ ਉੱਠ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਵੱਖ-ਵੱਖ ਅਦਾਲਤਾਂ ਵਿੱਚ ਵਿਚਾਰ ਕੇਸਾਂ ਦੀ ਸੁਣਵਾਈ ਫਾਸਟ ਟਰੈਕ ’ਤੇ ਕੀਤੀ ਜਾਵੇ ਤਾਂ ਜੋ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …