nabaz-e-punjab.com

ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਵਾਹਨਾਂ ’ਤੇ ਰਿਫ਼ਲੈਕਟਰ ਟੇਪ ਲਗਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਰੀਜਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਮੁਹਾਲੀ ਦੇ ਸਕੱਤਰ ਸੁਖਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਰਣਪ੍ਰੀਤ ਸਿੰਘ ਭਿਉਰਾ ਅਤੇ ਜ਼ਿਲ੍ਹਾ ਪੁਲੀਸ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ ਵੱਲੋਂ ਲਾਂਡਰਾਂ-ਭਾਗੋਮਾਜਰਾ ’ਤੇ ਸਥਿਤ ਹਾਈ ਸਕਿਉਰਿਟੀ ਨੰਬਰ ਪਲੇਟ ਦਫ਼ਤਰ ਵਿੱਚ ਵਾਹਨਾਂ ’ਤੇ ਨੰਬਰ ਪਲੇਟਾਂ ਲਗਾਉਣ ਆਏ ਵਿਅਕਤੀਆਂ ਅਤੇ ਆਮ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਅਧਿਕਾਰੀਆਂ ਨੇ ਵਾਹਨ ਚਾਲਕਾਂ ਨੂੰ ਪ੍ਰਦੂਸ਼ਣ, ਨਸ਼ਿਆਂ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੀ ਦੱਸਦਿਆਂ ਓਵਰ ਸਪੀਡ ਵਾਹਨ ਨਾ ਚੱਲਣ ਅਤੇ ਓਵਰ ਸਪੀਡ ਨਾਲ ਵਧ ਰਹੇ ਸੜਕ ਹਾਦਸਿਆਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਅਧਿਕਾਰੀਆਂ ਨੇ ਵਾਹਨਾਂ ਉੱਤੇ ਰਿਫ਼ਲੈਕਟਰ ਟੇਪ ਵੀ ਲਗਾਈ ਗਈ ਤਾਂ ਜੋ ਧੁੰਦ ਤੇ ਹਨੇਰੇ ਕਾਰਨ ਕੋਈ ਹਾਦਸਾ ਨਾ ਵਾਪਰ ਸਕੇ।
ਇਸ ਮੌਕੇ ਏਐਸਆਈ ਜਨਕ ਰਾਜ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਘੱਟ ਉਮਰ ਦੇ ਬੱਚਿਆਂ ਨੂੰ ਕੋਈ ਵੀ ਵਾਹਨ ਨਾ ਚਲਾਉਣ ਦਿੱਤਾ ਜਾਵੇ ਕਿਉਂਕਿ ਇਸ ਨਾਲ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਲੋਕਾਂ ਨੂੰ ਧੁੰਦ ਦੇ ਦਿਨਾਂ ਵਿੱਚ ਹੋਣ ਵਾਲੇ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਕਮਰਸ਼ੀਅਲ ਵਾਹਨਾਂ ’ਤੇ ਰਿਫ਼ਲੈਕਟਰ ਟੇਪ ਅਤੇ ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੌਜਵਾਨ ਪੀੜ੍ਹੀ ਸਮੇਤ ਸਾਰੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਕਿਉਂਕਿ ਸਰਵੇ ਵਿੱਚ ਪਾਇਆ ਗਿਆ ਹੈ ਕਿ ਜ਼ਿਆਦਾਤਰ ਸੜਕ ਹਾਦਸੇ ਨਿਯਮਾਂ ਦੀ ਉਲੰਘਣਾ ਅਤੇ ਨਸ਼ੇ ਦਾ ਸੇਵਨ ਕਰਕੇ ਵਾਹਨ ਚਲਾਉਣ ਕਾਰਨ ਵਾਪਰਦੇ ਹਨ। ਇਸ ਮੌਕੇ ਸਿਪਾਹੀ ਹਰਜੀਤ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ 8 ਮਾਰਚ ਨੂੰ ਸਿੱਖਿਆ ਮੰਤਰ…