ਖੇਤਰੀ ਦਫ਼ਤਰਾਂ ਦੀ ਚਿਰਕੌਣੀ ਮੰਗ ਹੋਈ ਪੂਰੀ: ਬੋਰਡ ਮੈਨੇਜਮੈਂਟ ਨੇ ਫ਼ਰਨੀਚਰ ਤੇ ਹੋਰ ਸਮਾਨ ਦਾ ਟਰੱਕ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰਾਂ ਦੀ ਚਿਰਕੌਣੀ ਮੰਗ ਨੂੰ ਪੂਰਾ ਕਰਦਿਆਂ ਫ਼ਰਨੀਚਰ ਅਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਗਿਆ ਹੈ। ਅੱਜ ਇੱਥੋਂ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਖੇਤਰੀ ਦਫ਼ਤਰਾਂ ਦੀ ਜ਼ਰੂਰਤ ਦੇ ਸਮਾਨ ਦੀ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਦਫ਼ਤਰੀ ਸਮਾਨ ਵਿੱਚ ਟੇਬਲ, ਕੁਰਸੀਆਂ, ਕੂਲਰਾਂ ਦਾ ਇੱਕ ਟਰੱਕ ਲੁਧਿਆਣਾ ਅਤੇ ਫਤਹਿਗੜ੍ਹ ਸਾਹਿਬ ਲਈ ਰਵਾਨਾ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਜ਼ਿਲ੍ਹਿਆਂ ਦੇ ਖੇਤਰੀ ਦਫ਼ਤਰਾਂ ਦੀਆਂ ਲੋੜਾਂ ਪੂਰੀਆਂ ਕੀਤੀਆਂ ਜਾਣਗੀਆਂ।
ਪ੍ਰੋ. ਯੋਗਰਾਜ ਨੇ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰਾਂ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ ਲੋੜੀਂਦੀ ਸਹੂਲਤਾਂ ਮੁਹੱਈਆ ਕੀਤੀਆਂ ਜਾਣ। ਕਿਉਂਕਿ ਦਫ਼ਤਰ ਵਿੱਚ ਕੰਮ ਕਰਨ ਵਾਲੇ ਹਰੇਕ ਮੁਲਾਜ਼ਮ ਦਾ ਇਹ ਹੱਕ ਹੈ ਕਿ ਉਸ ਦੇ ਕੰਮ ਕਰਨ ਦੀ ਜਗ੍ਹਾ ਅਤੇ ਆਲਾ-ਦੁਆਲਾ ਸਾਫ਼-ਸੁਥਰਾ ਅਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਹੋਵੇ। ਪ੍ਰੰਤੂ ਪਿਛਲੇ ਕਾਫ਼ੀ ਸਮੇਂ ਤੋਂ ਸਿੱਖਿਆ ਬੋਰਡ ਦੇ ਵਿੱਤੀ ਹਾਲਾਤ ਸੁਖਾਵੇਂ ਨਾ ਹੋਣ ਕਾਰਨ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰਾਂ ਦੇ ਮੁਲਾਜ਼ਮ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ ਅਤੇ ਅਣਸੁਖਾਵੇਂ ਵਿੱਤੀ ਹਾਲਾਤਾਂ ਕਾਰਨ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਅਤੇ ਖੇਤਰੀ ਦਫ਼ਤਰਾਂ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਨਹੀਂ ਸੀ ਕੀਤਾ ਸਕਿਆ। ਹੁਣ ਮੁਲਾਜ਼ਮਾਂ ਦੀ ਮੰਗ ਦੇ ਮੱਦੇਨਜ਼ਰ ਦਫ਼ਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਸਮੂਹ ਮੁਲਾਜ਼ਮਾਂ ਨੂੰ ਬਿਹਤਰ ਸੁਵਿਧਾਵਾਂ ਅਤੇ ਚੰਗਾ ਕੰਮ-ਕਾਜੀ ਮਾਹੌਲ ਪ੍ਰਦਾਨ ਕੀਤਾ ਜਾਵੇਗਾ ਤਾਂ ਜੋ ਦਫ਼ਤਰੀ ਕੰਮ ਵਿੱਚ ਨਿਖਾਰ ਆਵੇ।
ਇਸ ਮੌਕੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਕਿਹਾ ਕਿ ਮੁਲਾਜ਼ਮਾਂ ਦੀ ਕਾਰਜਕੁਸ਼ਲਤਾ ਵਿੱਚ ਸੁਧਾਰ ਲਈ ਇਹ ਅਤਿ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਇੱਕ ਬਿਹਤਰ ਮਾਹੌਲ ਦਿੱਤਾ ਜਾਵੇ। ਉਨ੍ਹਾਂ ਚੇਅਰਮੈਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਮੁਲਾਜ਼ਮਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਸਿੱਖਿਆ ਬੋਰਡ ਦੇ ਸਕੱਤਰ ਕਿਰਨਜੀਤ ਸਿੰਘ ਟਿਵਾਣਾ ਨੇ ਵੀ ਸਮੂਹ ਮੁਲਾਜ਼ਮਾਂ ਦੀ ਬਿਹਤਰੀ ਲਈ ਕੰਮ ਕਰਦੇ ਰਹਿਣ ਦਾ ਪ੍ਰਣ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਬੋਰਡ ਦੇ ਅਕਸ ਨੂੰ ਹੋਰ ਚਮਕਾਇਆ ਜਾਵੇ।
ਮੁਲਾਜ਼ਮ ਜਥੇਬੰਦੀ ਦੇ ਸਕੱਤਰ ਸੁਨੀਲ ਅਰੋੜਾ ਨੇ ਚੇਅਰਮੈਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਫ਼ਤਰ ਦੀ ਬਿਹਤਰੀ ਲਈ ਉਨ੍ਹਾਂ ਵੱਲੋਂ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਿੱਖਿਆ ਬੋਰਡ ਦੀ ਬਕਾਇਆ ਰਾਸ਼ੀ ਤੁਰੰਤ ਰਿਲੀਜ਼ ਕੀਤੀ ਜਾਵੇ। ਉਨ੍ਹਾਂ ਬੋਰਡ ਵਿੱਚ ਕੰਮ ਕਰਦੇ ਕੰਟਰੈਕਟ ਅਤੇ ਦਿਹਾੜੀਦਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਵੀ ਸਰਕਾਰ ਅੱਗੇ ਰੱਖੀ।
ਇਸ ਮੌਕੇ ਉਪ ਸਕੱਤਰ ਗੁਰਤੇਜ ਸਿੰਘ, ਜਥੇਬੰਦੀ ਦੇ ਪ੍ਰਧਾਨ ਬਲਜਿੰਦਰ ਬਰਾੜ, ਪ੍ਰਭਦੀਪ ਸਿੰਘ ਬੋਪਾਰਾਏ, ਰਾਜ ਕੁਮਾਰ, ਹਰਮਿੰਦਰ ਸਿੰਘ ਅਤੇ ਰਜਿੰਦਰ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…