ਜ਼ਮੀਨ ਵਿਵਾਦ: ਹਮਲਾਵਰਾਂ ਖ਼ਿਲਾਫ਼ ਇਰਾਦਾ-ਏ-ਕਤਲ ਦਾ ਕੇਸ ਦਰਜ ਕਰਨ ਦੀ ਮੰਗ

ਪੀੜਤ ਪਰਿਵਾਰ ਨੇ ਡੀਜੀਪੀ, ਆਈਜੀ ਅਤੇ ਮੁਹਾਲੀ ਦੇ ਐਸਐਸਪੀ ਨੂੰ ਦਿੱਤੀ ਲਿਖਤੀ ਸ਼ਿਕਾਇਤ

ਦੋ ਧਿਰਾਂ ਦੀ ਲੜਾਈ ਸਬੰਧੀ ਕੇਸ ਦਰਜ ਕਰਕੇ ਸਾਰੇ ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ: ਡੀਐਸਪੀ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੂਨ:
ਪਿੰਡ ਕਰਤਾਰਪੁਰ ਵਿੱਚ ਲਗਭਗ ਢਾਈ ਕਨਾਲ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਆਏ ਦਰਜਨ ਤੋਂ ਵੱਧ ਵਿਅਕਤੀਆਂ ਨੇ ਜ਼ਮੀਨ ’ਤੇ ਕਾਬਜ਼ ਪਰਿਵਾਰ ਦੇ ਮੈਂਬਰਾਂ ਦੀ ਕੁੱਟਮਾਰ ਕੀਤੀ ਗਈ। ਇਸ ਸਬੰਧੀ ਮੱੁਲਾਂਪੁਰ ਗਰੀਬਦਾਸ ਥਾਣੇ ਵਿੱਚ ਹਮਲਾਵਰਾਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਪ੍ਰੰਤੂ ਹੁਣ ਪੀੜਤ ਧਿਰ ਦੀ ਮੰਗ ਹੈ ਕਿ ਹਮਲਾਵਰਾਂ ਦੇ ਖ਼ਿਲਾਫ਼ ਇਰਾਦਾ-ਏ-ਕਤਲ ਦਾ ਕੇਸ ਦਰਜ ਕੀਤਾ ਜਾਵੇ।
ਉਕਤ ਜ਼ਮੀਨ ’ਤੇ ਕਾਬਜ਼ ਧਿਰ ਦੇ ਬਹਾਦਰ ਸਿੰਘ, ਅਜੈਬ ਸਿੰਘ ਅਤੇ ਹਰਮੇਲ ਸਿੰਘ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪਿੰਡ ਦੀ ਆਬਾਦੀ ਵਿੱਚ ਉਨ੍ਹਾਂ ਦੀ ਲਗਭਗ ਢਾਈ ਕਨਾਲ ਜ਼ਮੀਨ ਹੈ, ਜਿਸ ਦਾ ਆਪਸੀ ਫੈਸਲਾ 1981 ਵਿੱਚ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਬੈਠ ਕੇ ਹੋ ਗਿਆ ਸੀ। ਅਪਰੈਲ 2019 ਵਿੱਚ ਮੁਹਾਲੀ ਅਦਾਲਤ ਨੇ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ। ਮੌਜੂਦਾ ਸਮੇਂ ਵਿੱਚ ਉਹ ਆਪਣੀ ਆਪਣੀ ਜ਼ਮੀਨ ’ਤੇ ਕਾਬਜ਼ ਹਨ।
ਉਨ੍ਹਾਂ ਦੱਸਿਆ ਕਿ ਬੀਤੀ 1 ਜੂਨ ਨੂੰ ਸਵੇਰੇ 10-12 ਵਿਅਕਤੀਆਂ ਨੇ ਉਨ੍ਹਾਂ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਦੀ ਨੀਅਤ ਨਾਲ ਇੱਟਾਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਸ਼ਿਕਾਇਤਕਰਤਾ ਅਨੁਸਾਰ ਇਹ ਵਿਅਕਤੀ ਕੁਝ ਦਿਨ ਪਹਿਲਾਂ ਵੀ ਉਨ੍ਹਾਂ ਦੀ ਜ਼ਮੀਨ ਵਿੱਚ ਇੱਟਾਂ ਸੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ ਪ੍ਰੰਤੂ ਉਨ੍ਹਾਂ ਨੇ ਸਾਰੀਆਂ ਇੱਟਾਂ ਚੁੱਕ ਕੇ ਬਾਹਰ ਸੁੱਟ ਦਿੱਤੀਆਂ ਸਨ। ਸ਼ਿਕਾਇਤਕਰਤਾ ਅਨੁਸਾਰ ਜਦੋਂ ਉਨ੍ਹਾਂ ਦੇ ਪਰਿਵਾਰ ਦੇ ਉਕਤ ਵਿਅਕਤੀਆਂ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਕਿਰਪਾਨਾਂ ਅਤੇ ਰਾਡਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਹਰਮੇਲ ਸਿੰਘ ਦੇ ਸਿਰ ਵਿੱਚ ਕਿਰਪਾਨਾਂ ਵੱਜਣ ਕਾਰਨ ਉਹ ਲਹੂ ਲੁਹਾਨ ਹੋ ਗਿਆ। ਬਹਾਦਰ ਸਿੰਘ ਅਤੇ ਅਜੈਬ ਸਿੰਘ ਨੂੰ ਵੀ ਸੱਟਾਂ ਲੱਗੀਆਂ ਹਨ। ਝਗੜੇ ਵਾਲੀ ਥਾਂ ’ਤੇ ਪਿੰਡ ਵਾਸੀਆਂ ਨੂੰ ਇਕੱਠੇ ਹੁੰਦੇ ਦੇਖ ਹਮਲਾਵਰ ਉੱਥੋਂ ਭੱਜ ਗਏ।
ਉਧਰ, ਮੱੁਲਾਂਪੁਰ ਗਰੀਬਦਾਸ ਦੇ ਡੀਐਸਪੀ ਅਮਰੋਜ ਸਿੰਘ ਨੇ ਕਿਹਾ ਕਿ ਪਿੰਡ ਕਰਤਾਰਪੁਰ ਦੀ ਵਿਵਾਦਿਤ ਜ਼ਮੀਨ ’ਤੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਹੋਇਆ ਸੀ। ਇਕ ਧਿਰ ਦੇ ਕੁਝ ਵਿਅਕਤੀ ਜ਼ਖ਼ਮੀ ਹੋਏ ਹਨ। ਜਿਨ੍ਹਾਂ ਦੀ ਸ਼ਿਕਾਇਤ ’ਤੇ ਹਮਲਾਵਰਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਐਸਐਚਓ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੇ ਹਨ ਅਤੇ ਮੈਡੀਕਲ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…