nabaz-e-punjab.com

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰਜਿਸਟਰੀ ਕਲਰਕ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਨਵੰਬਰ:
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ’ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਵਿਭਾਗ ਦੇ ਇੱਕ ਰਜਿਸਟਰੀ ਕਲਰਕ ਗੁਰਮੀਤ ਕੌਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਅੌਰਤ ਇਸ ਸਮੇਂ ਜ਼ੀਰਕਪੁਰ ਤਹਿਸੀਲ ਦਫ਼ਤਰ ਵਿੱਚ ਰਜਿਸਟਰੀ ਕਲਰਕ ਵਜੋਂ ਤਾਇਨਾਤ ਹੈ। ਰਜਿਸਟਰੀ ਕਲਰਕ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਨੇ ਇਹ ਕਾਰਵਾਈ ਹਰਸਿਮਰਨ ਸਿੰਘ ਵਾਸੀ ਪਿੰਡ ਅੱਡਾ ਝੁੰਗੀਆਂ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਅੱਡਾ ਝੁੰਗੀਆਂ (ਡੇਰਾਬੱਸੀ) ਦੇ ਹਰਸਿਮਰਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉੱਤੇ ਉਕਤ ਮਹਿਲਾ ਕਲਰਕ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਦੇ ਅਧਾਰ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਪੜਤਾਲ ਕੀਤੀ ਗਈ। ਵਿਜੀਲੈਂਸ ਅਨੁਸਾਰ ਸ਼ਿਕਾਇਤ ਅਤੇ ਇਸ ਸਬੰਧੀ ਸਬੂਤਾਂ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਰਜਿਸਟਰੀ ਕਲਰਕ ਗੁਰਮੀਤ ਕੌਰ ਨੇ ਸ਼ਿਕਾਇਤਕਰਤਾ ਕੋਲੋਂ ਆਪਣਾ ਖ਼ੁਦ-ਮੁਖ਼ਤਿਆਰਨਾਮਾ ਦਰਜ ਕਰਵਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਹਨ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਕਰਤਾ ਵੱਲੋਂ ਰਜਿਸਟਰੀ ਕਲਰਕ ਵਿਰੁੱਧ ਲਗਾਏ ਗਏ ਦੋਸ਼ ਸਹੀ ਪਾਏ ਗਏ। ਜਾਂਚ ਉਪਰੰਤ ਮਾਲ ਵਿਭਾਗ ਦੀ ਉਕਤ ਮਹਿਲਾ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Load More Related Articles

Check Also

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’ ਸੀਐਮ ਦੀ ਯੋਗਸ਼ਾਲਾ ਦਾ ਲੋ…