ਸਰਕਾਰੀ ਕਾਲਜ ਮੁਹਾਲੀ ਵਿੱਚ ਸੁਤੰਤਰਤਾ ਦਿਵਸ ਸਮਾਰੋਹ ਬਾਰੇ ਫੁੱਲ ਡਰੈੱਸ ਰਿਹਰਸਲ

ਕਰੋਨਾ ਮਹਾਮਾਰੀ ਕਾਰਨ ਇਸ ਵਾਰ ਵੀ ਸੀਮਤ ਹੋਵੇਗਾ ਆਜ਼ਾਦੀ ਸਮਾਰੋਹ: ਡੀਸੀ ਗਿਰੀਸ਼ ਦਿਆਲਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸੌਰਿਆ ਚੱਕਰ ਵਿਜੇਤਾ ਸਰਕਾਰੀ ਕਾਲਜ ਫੇਜ਼-6 ਦੇ ਗਰਾਉਂਡ ਵਿੱਚ ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਵਜੋਂ ਅੱਜ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਹੋਣਗੇ। ਹਾਲਾਂਕਿ ਪਹਿਲਾਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੁਹਾਲੀ ਤਿਰੰਗਾ ਲਹਿਰਾਉਣਾ ਸੀ ਪ੍ਰੰਤੂ ਹੁਣ ਪਤਾ ਲੱਗਾ ਹੈ ਕਿ ਸ੍ਰੀ ਸਿੱਧੂ ਅਤੇ ਮਹਿੰਦਰਾ ਨੇ ਆਪਸ ਵਿੱਚ ਅਦਲਾ ਬਦਲੀ ਕਰ ਲਈ ਹੈ ਕਿਉਂਕਿ ਸਿੱਧੂ ਨੇ ਪਟਿਆਲਾ ਝੰਡਾ ਲਹਿਰਾਉਣ ਜਾਣਾ ਸੀ। ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਇਸ ਸਾਲ ਸੁਤੰਤਰਤਾ ਦਿਵਸ ਸਮਾਰੋਹ ਸਾਦੇ ਢੰਗ ਨਾਲ ਮਨਾਇਆ ਜਾ ਰਿਹਾ ਹੈ। ਸਿਰਫ਼ ਪੰਜਾਬ ਪੁਲੀਸ ਦੀਆਂ ਟੁਕੜੀਆਂ ਅਤੇ ਐਨਸੀਸੀ ਕੈਡਿਟਾਂ ਦੀਆਂ ਟੁਕੜੀਆਂ ਹੀ ਪਰੇਡ ਵਿੱਚ ਹਿੱਸਾ ਲੈ ਰਹੀਆਂ ਹਨ। ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹਾਮਾਰੀ ਕਾਰਨ ਸੁਰੱਖਿਆ ਉਪਾਵਾਂ ਤਹਿਤ ਸੁਤੰਤਰਤਾ ਦਿਵਸ ਮਨਾਇਆ ਜਾਵੇਗਾ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਫੁੱਲ ਡਰੈੱਸ ਰਿਹਰਸਲ ਕੀਤੀ। ਉਨ੍ਹਾਂ ਦੱਸਿਆ ਕਿ ਕੋਵਿਡ ਸੰਕਟ ਕਾਰਨ, ਸੁਤੰਤਰਤਾ ਦਿਵਸ ਸਮਾਰੋਹ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਮੁੱਖ ਮਹਿਮਾਨ ਵੱਲੋਂ ਸੰਬੋਧਨ ਤੇ ਇਨਾਮ ਵੰਡ ਤੱਕ ਸੀਮਤ ਰਹੇਗਾ। ਉਨ੍ਹਾਂ ਕਿਹਾ ਕਿ ਸੁਰੱਖਿਆ ਮਾਪਦੰਡਾਂ ਕਾਰਨ ਕੋਈ ਜਨਤਕ ਇਕੱਠ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਸਕੂਲੀ ਬੱਚੇ ਸਮਾਗਮ ਵਿੱਚ ਸ਼ਾਮਲ ਹੋਣਗੇ। ਉਂਜ ਕੋਵਿਡ ਦੇ ਬਾਵਜੂਦ ਇਹ ਜਸ਼ਨ ਪੂਰੇ ਉਤਸ਼ਾਹ ਤੇ ਦੇਸ਼-ਭਗਤੀ ਦੀ ਭਾਵਨਾ ਨਾਲ ਕਰਵਾਏ ਜਾਣਗੇ। ਇਸ ਮੌਕੇ ਐਸਐਸਪੀ ਸਤਿੰਦਰ ਸਿੰਘ, ਏਡੀਸੀ ਸ੍ਰੀਮਤੀ ਕੋਮਲ ਮਿੱਤਲ, ਸਹਾਇਕ ਕਮਿਸ਼ਨਰ (ਜਨਰਲ) ਤਰਸੇਮ ਚੰਦ ਸ਼ਰਮਾ, ਐਸਡੀਐਮ ਹਰਬੰਸ ਸਿੰਘ, ਕਮਿਸ਼ਨਰ ਡਾ. ਕਮਲ ਗਰਗ ਅਤੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਡੀਪੀਆਰਓ ਅਮਨਪ੍ਰੀਤ ਸਿੰਘ ਮਨੌਲੀ ਅਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…