ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ: ਐਸਜੀਪੀਸੀ ਤੇ ਅਕਾਲੀ ਵਰਕਰਾਂ ਵੱਲੋਂ ਡੀਸੀ ਦਫ਼ਤਰ ਬਾਹਰ ਰੋਸ ਮੁਜ਼ਾਹਰਾ

ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਰੋਸ ਮਾਰਚ ਕਰਦੇ ਹੋਏ ਡੀਸੀ ਦਫ਼ਤਰ ਤੱਕ ਪਹੁੰਚੇ ਅਕਾਲੀ ਵਰਕਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ:
ਪਿਛਲੇ ਕਈ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਵਰਕਰਾਂ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਐਸਜੀਪੀਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ ਅਤੇ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ। ਇਸ ਤੋਂ ਪਹਿਲਾਂ ਅਕਾਲੀ ਆਗੂ ਅਤੇ ਵਰਕਰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਤਰ ਹੋਏ ਅਤੇ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਨ ਉਪਰੰਤ ਰੋਸ ਮਾਰਚ ਕਰਦੇ ਹੋਏ ਡੀਸੀ ਦਫ਼ਤਰ ਦੇ ਬਾਹਰ ਪਹੁੰਚੇ।
ਸਿੱਖ ਆਗੂਆਂ ਨੇ ਕਾਲੀਆਂ ਦਸਤਾਰਾਂ ਅਤੇ ਕਾਲੇ ਚੋਲੇ ਪਾਏ ਹੋਏ ਸੀ ਜਦੋਂਕਿ ਸਿੱਖ ਬੀਬੀਆਂ ਨੇ ਵੀ ਕਾਲੇ ਸੂਟ ਅਤੇ ਕਾਲੇ ਰੰਗ ਦੇ ਦੁਪੱਟੇ ਲਏ ਹੋਏ ਸੀ। ਹੋਰਨਾਂ ਧਾਰਮਿਕ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਅੱਜ ਕੋਈ ਮੰਗ ਪੱਤਰ ਨਹੀਂ ਦਿੱਤਾ। ਇਸ ਬਾਰੇ ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਪ੍ਰਧਾਨ ਮੰਤਰੀ, ਰਾਸ਼ਟਰਪਤੀ ਅਤੇ ਰਾਜਪਾਲਾਂ ਨੂੰ ਮੰਗ ਪੱਤਰ ਦਿੰਦੇ ਆ ਰਹੇ ਹਨ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।
ਬੁਲਾਰਿਆਂ ਨੇ ਮੰਗ ਕੀਤੀ ਕਿ ਕਾਨੂੰਨ ਮੁਤਾਬਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਚੇਤੇ ਕਰਵਾਇਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਹਾਲੇ ਤੱਕ ਕਿਸੇ ਸਿੱਖ ਕੈਦੀ ਨੂੰ ਰਿਹਾਅ ਨਹੀਂ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਾਵਜੂਦ ਬੇਗਾਨਿਆਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਤਿੰਨ ਦਹਾਕਿਆਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਸਿੱਖ ਨਜ਼ਰਬੰਦ ਹਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਸਮੁੱਚੇ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਸਿੱਖ ਬੰਦੀਆਂ ਨੂੰ ਰਿਹਾਅ ਨਾ ਕਰਕੇ ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖਾਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ ਜੋ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਸਿੱਖਾਂ ਨਾਲ ਇਨਸਾਫ਼ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਅਕਾਲੀ ਦਲ (ਯੂਥ ਵਿੰਗ) ਦੇ ਸ਼ਹਿਰੀ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਨੰਬਰਦਾਰ ਹਰਵਿੰਦਰ ਸਿੰਘ, ਲਖਵੀਰ ਸਿੰਘ ਮੀਤ ਸਕੱਤਰ ਉਪ ਦਫ਼ਤਰ ਚੰਡੀਗੜ੍ਹ, ਇੰਚਾਰਜ ਜਸਵੀਰ ਸਿੰਘ, ਅਵਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬਾਗ ਸ਼ਹੀਦਾਂ ਚੰਡੀਗੜ੍ਹ, ਪ੍ਰਿੰਸੀਪਲ ਕਰਮਵੀਰ ਸਿੰਘ, ਭਾਗ ਸਿੰਘ ਮੈਨੇਜਰ ਗੁਰਦੁਆਰਾ ਨਾਭਾ ਸਾਹਿਬ ਜ਼ੀਰਕਪੁਰ, ਜਗਦੀਪ ਸਿੰਘ ਮੈਨੇਜਰ ਗੁਰਦੁਆਰਾ ਬਾਉਲੀ ਸਾਹਿਬ ਜ਼ੀਰਕਪੁਰ ਆਦਿ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

Vigilance Bureau arrests ASI for taking Rs 15,000 bribe

Vigilance Bureau arrests ASI for taking Rs 15,000 bribe Chandigarh 29 January 2025 : The P…