Share on Facebook Share on Twitter Share on Google+ Share on Pinterest Share on Linkedin ਸਰਕਾਰਾਂ ਦੀ ਢਿੱਲ ਕਾਰਨ ਮੁਹਾਲੀ ਹਵਾਈ ਅੱਡੇ ਦੇ ਨਾਮਕਰਨ ਦਾ ਮਾਮਲਾ ਲਮਕਿਆ: ਯੂਥ ਆਫ਼ ਪੰਜਾਬ ਕਰੋਨਾਵਾਇਰਸ: ਕਰਫਿਊ ਕਾਰਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਾਸਕ ਤੇ ਦਸਤਾਨੇ ਵੰਡਣ ਦਾ ਪ੍ਰੋਗਰਾਮ ਮੁਲਤਵੀ ਮੁਹਾਲੀ ਹਵਾਈ ਅੱਡੇ ਦੇ ਨਾਮਕਰਨ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ ਕਰਨ ਦਾ ਪ੍ਰੋਗਰਾਮ ਵੀ ਅੱਗੇ ਪਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ: ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਮੌਜੂਦਾ ਸਰਕਾਰਾਂ ਦੀ ਢਿੱਲ ਕਾਰਨ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦੇ ਨਾਮਕਰਨ ਦਾ ਮਾਮਲਾ ਠੰਢੇ ਬਸਤੇ ਵਿੱਚ ਪੈ ਗਿਆ ਹੈ। ਜਿਸ ਕਾਰਨ ਨੌਜਵਾਨ ਵਰਗ ਵਿੱਚ ਭਾਰੀ ਰੋਸ ਹੈ। ਉਨ੍ਹਾਂ ਸੰਸਥਾ ਵੱਲੋਂ ਲੰਮੇ ਸਮੇਂ ਤੋਂ ਮੁਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੁਹਾਲੀ ਰੱਖਣ ਦੀ ਮੰਗ ਕੀਤੀ ਜਾ ਰਹੀ ਹੈ। ਸਰਕਾਰਾਂ ਦੀ ਬੇਧਿਆਨੀ ਦੇ ਚੱਲਦਿਆਂ ਯੂਥ ਆਫ਼ ਪੰਜਾਬ ਵੱਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪ੍ਰੰਤੂ ਕਰੋਨਾਵਾਇਰਸ ਦੇ ਮੱਦੇਨਜ਼ਰ ਭੀੜ ਇਕੱਠੀ ਹੋਣ ’ਤੇ ਪਾਬੰਦੀ ਲਗਾਉਣ ਕਾਰਨ ਉਨ੍ਹਾਂ ਨੇ ਭੁੱਖ ਹੜਤਾਲ ਮੁਲਤਵੀ ਕੀਤੀ ਗਈ ਹੈ। ਇਸ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਨੇ ਮੀਟਿੰਗ ਕਰਕੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁਹਾਲੀ ਵਿੱਚ ਸ਼ਹਿਰ ਵਾਸੀਆਂ ਨੂੰ ਮਾਸਕ ਅਤੇ ਦਸਤਾਨੇ ਵੰਡਣ ਦਾ ਪ੍ਰੋਗਰਾਮ ਉਲੀਕਿਆਂ ਗਿਆ ਸੀ ਪ੍ਰੰਤੂ ਅਚਾਨਕ ਕਰਫਿਊ ਲੱਗਣ ਕਾਰਨ ਇਹ ਪ੍ਰੋਗਰਾਮ ਵੀ ਰੱਦ ਹੋ ਗਿਆ ਹੈ। ਸ੍ਰੀ ਬੈਦਵਾਨ ਨੇ ਮੁਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਵਿੱਚ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਬਾਰੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਹਵਾਈ ਅੱਡਾ ਪੰਜਾਬ ਦੀ ਧਰਤੀ ’ਤੇ ਮੁਹਾਲੀ ਦੇ ਪਿੰਡ ਝਿਊਰਹੇੜੀ ਦੀ ਜ਼ਮੀਨ ਵਿੱਚ ਬਣਾਇਆ ਗਿਆ ਹੈ ਹਾਲਾਂਕਿ ਪੰਜਾਬ ਸਰਕਾਰ ਇਸ ਦੇ ਨਾਮਕਰਨ ਲਈ ਯਤਨਸ਼ੀਲ ਹੈ ਪ੍ਰੰਤੂ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਸਹਿਮਤ ਨਹੀਂ ਹਨ। ਜਿਸ ਕਾਰਨ ਇਹ ਮਾਮਲਾ ਲਗਾਤਾਰ ਲਮਕਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਇਕੱਲੇ ਪੰਜਾਬ ਦੇ ਸ਼ਹੀਦ ਨਹੀਂ ਬਲਕਿ ਪੂਰੇ ਦੇਸ਼ ਦੇ ਸ਼ਹੀਦ ਹਨ। ਉਨ੍ਹਾਂ ਦੀ ਸ਼ਹੀਦੀ ਸਮੁੱਚੇ ਦੇਸ਼ ਲਈ ਹੈ। ਇਸ ਲਈ ਸਰਕਾਰਾਂ ਨੂੰ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਰੱਖਣ ਵਿੱਚ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ ਹੈ। ਆਗੂਆਂ ਨੇ ਦੱਸਿਆ ਕਿ ਯੂਥ ਆਫ਼ ਪੰਜਾਬ ਵੱਲੋਂ ਹੁਣ ਤੱਕ ਸੰਸਦ ਮੈਂਬਰ ਮਨੀਸ਼ ਤਿਵਾੜੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੇਪੀ ਰਾਣਾ, ਸਿਹਤ ਮੰਤਰੀ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਸਮੇਤ ਲੜੀਵਾਰ ਜ਼ੋਰਦਾਰ ਤਰੀਕੇ ਨਾਲ ਮੰਗ ਚੁੱਕੀ ਜਾ ਰਹੀ ਹੈ ਪ੍ਰੰਤੂ ਹੁਣ ਤੱਕ ਹਵਾਈ ਅੱਡੇ ਦੇ ਨਾਮਕਰਨ ਦਾ ਰੇੜਕਾ ਖ਼ਤਮ ਨਹੀਂ ਹੋਇਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਰਫਿਊ ਖ਼ਤਮ ਹੋਣ ਤੋਂ ਬਾਅਦ ਇਸ ਸਬੰਧੀ ਸਰਕਾਰਾਂ ਨੇ ਕੋਈ ਠੋਸ ਫੈਸਲਾ ਨਹੀਂ ਲਿਆ ਤਾਂ ਯੂਥ ਆਫ਼ ਪੰਜਾਬ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਯੂਥ ਆਫ਼ ਪੰਜਾਬ ਦੇ ਸਰਪ੍ਰਸਤ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ, ਪ੍ਰਧਾਨ ਰਮਾਂਕਾਤ ਕਾਲੀਆ, ਮੀਤ ਪ੍ਰਧਾਨ ਬੱਬੂ ਮੁਹਾਲੀ, ਚੀਫ਼ ਕੋਆਰਡੀਨੇਟਰ ਜੱਗੀ ਧਨੋਆ, ਪੈੱ੍ਰਸ ਸਕੱਤਰ ਰਣਜੀਤ ਸਿੰਘ ਕਾਕਾ, ਜਨਰਲ ਸਕੱਤਰ ਲੱਕੀ ਕਲਸੀ, ਪਰਮਿੰਦਰ ਸਿੰਘ ਜੈਸਵਾਲ, ਸਤਿੰਦਰ ਹੁੰਦਲ, ਕੈਸ਼ੀਅਰ ਵਿੱਕੀ ਮਨੌਲੀ, ਅੰਮ੍ਰਿਤ ਜੌਲੀ, ਜ਼ਿਲ੍ਹਾ ਪ੍ਰਧਾਨ ਗੁਰਜੀਤ ਮਟੌਰ, ਲੀਗਲ ਸੈੱਲ ਦੀ ਇੰਚਾਰਜ ਸਿਮਰਨਜੀਤ ਕੌਰ ਗਿੱਲ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ