
ਬੰਦੀ ਸਿੰਘਾਂ ਦੀ ਰਿਹਾਈ: ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਸਿੱਖਾਂ ਦਾ ਪੱਕਾ ਮੋਰਚਾ ਜਾਰੀ
ਪ੍ਰਦਰਸ਼ਨਕਾਰੀ ਸਿੱਖ ਆਗੂਆਂ ਦੀ ਯੂਟੀ ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ ਰਹੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦੇ ਸਾਂਝੇ ਬੈਨਰ ਹੇਠ ਹੱਡ ਚੀਰਵੀਂ ਠੰਢ ਦੇ ਮੌਸਮ ਵਿੱਚ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਧਰਨਾ ਜਾਰੀ ਹੈ। ਐਤਵਾਰ ਨੂੰ ਦੂਜੇ ਦਿਨ ਵੀ ਮਨੁੱਖ ਅਧਿਕਾਰ ਸੰਗਠਨਾਂ, ਪੰਥ ਦਰਦੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਇਨਸਾਫ਼ ਪਸੰਦ ਲੋਕਾਂ ਨੇ ਸ਼ਮੂਲੀਅਤ ਕੀਤੀ। ਸਿੱਖਾਂ ਨੇ ਧਰਨਾ ਸਥਾਨ ’ਤੇ ਜੈਕਾਰੇ ਛੱਡ ਕੇ ਏਕੇ ਦਾ ਸਬੂਤ ਦਿੰਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਸਿੱਖਾਂ ਦੇ ਸਾਰੇ ਮਸਲੇ ਹੱਲ ਨਹੀਂ ਹੁੰਦੇ ਉਦੋਂ ਤੱਕ ਧਰਨਾ ਜਾਰੀ ਰਹੇਗਾ।
ਉਧਰ, ਪ੍ਰਦਰਸ਼ਨਕਾਰੀ ਸਿੱਖ ਆਗੂਆਂ ਅਤੇ ਯੂਟੀ ਪ੍ਰਸ਼ਾਸਨ ਵਿਚਾਲੇ ਮੀਟਿੰਗ ਵੀ ਬੇਸਿੱਟਾ ਰਹੀ। ਜਾਣਕਾਰੀ ਅਨੁਸਾਰ ਧਰਨੇ ਵਾਲੀ ਥਾਂ ਦੇ ਨੇੜੇ ਚੰਡੀਗੜ੍ਹ ਵਾਲੇ ਪਾਸੇ ਯੂਟੀ ਪ੍ਰਸ਼ਾਸਨ ਨੇ ਆਪਣੇ ਕੈਂਪਸ ਆਫ਼ਿਸ ਵਿੱਚ ਸਿੱਖ ਆਗੂ ਬਾਪੂ ਗੁਰਚਰਨ ਸਿੰਘ ਦੀ ਅਗਵਾਈ ਵਾਲੇ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਧਰਨਾ ਚੁੱਕਣ ਦੀ ਅਪੀਲ ਕੀਤੀ ਲੇਕਿਨ ਸਿੱਖ ਆਗੂਆਂ ਨੇ ਅਧਿਕਾਰੀਆਂ ਨੂੰ 100 ਦੀ ਇੱਕ ਸੁਣਾਉਂਦੇ ਹੋਏ ਕਿਹਾ ਕਿ ਜਦੋਂ ਤੱਕ ਸਿੱਖਾਂ ਦੇ ਮਸਲੇ ਹੱਲ ਨਹੀਂ ਹੁੰਦੇ, ਉਹ ਇੱਥੋਂ ਜਾਣ ਵਾਲੇ ਨਹੀਂ ਹਨ। ਬਾਪੂ ਗੁਰਚਰਨ ਸਿੰਘ ਨੇ ਯੂਟੀ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਆਖਿਆ ਕਿ ਜਗਤਾਰ ਸਿੰਘ ਹਵਾਰਾ ਸਮੇਤ ਜਿਹੜੇ ਪੰਜ ਹੋਰ ਕੇਸ ਚੰਡੀਗੜ੍ਹ ਵਿੱਚ ਦਰਜ ਹਨ, ਘੱਟੋ-ਘੱਟ ਉਨ੍ਹਾਂ ਨੂੰ ਤਾਂ ਰਿਹਾਅ ਕੀਤਾ ਜਾਵੇ। ਇਸ ਸਬੰਧੀ ਯੂਟੀ ਪ੍ਰਸ਼ਾਸਨ ਨੇ ਸਿੱਖਾਂ ਨੂੰ ਲਿਖਤੀ ਰੂਪ ਵਿੱਚ ਮੰਗ ਪੱਤਰ ਦੇਣ ਲਈ ਆਖਿਆ ਤਾਂ ਸਿੱਖਾਂ ਨੇ ਤੁਰੰਤ ਲਿਖਤੀ ਰੂਪ ਵਿੱਚ ਆਪਣੀਆਂ ਮੰਗਾਂ ਬਾਰੇ ਪੱਤਰ ਸੌਂਪ ਦਿੱਤਾ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸਿੱਖਾਂ ਨੂੰ ਉਨ੍ਹਾਂ ਦੀ ਮੰਗ ’ਤੇ ਗੌਰ ਕਰਨ ਦਾ ਭਰੋਸਾ ਦਿੱਤਾ।
ਬਾਪੂ ਗੁਰਚਰਨ ਸਿੰਘ, ਇਕਬਾਲ ਸਿੰਘ ਦਿੱਲੀ, ਰਜਿੰਦਰ ਸਿੰਘ ਬਾਲੀ, ਜਗਮੋਹਨ ਸਿੰਘ ਕਾਹਲੋਂ ਅਤੇ ਹੋਰ ਸਿੱਖ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, 328 ਸਰੂਪਾਂ ਦਾ ਮਾਮਲਾ ਅਤੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜਾਵਾਂ ਨਹੀਂ ਦਿੱਤੀਆਂ ਜਾਂਦੀਆਂ ਉਦੋਂ ਤੱਕ ਪੱਕਾ ਮੋਰਚਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਸਬੰਧਤ ਚਾਰ ਕੌਮੀ ਮੁੱਦਿਆਂ ’ਤੇ ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਸਿੱਖਾਂ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਦੀਆਂ ਆ ਰਹੀਆ ਹਨ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਮਨੁੱਖਤਾ ਦੀ ਰਾਖੀ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਇਸ ਸਬੰਧੀ ਲੋਕਾਂ ਨੂੰ ਹੁਕਮਰਾਨਾਂ ਤੋਂ ਸਵਾਲ ਜਵਾਬ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਖੌਤੀ ਸਾਧ ਨੂੰ ਤਾਂ ਸਰਕਾਰ ਜਦੋਂ ਮਰਜ਼ੀ ਚਾਹੇ ਪੈਰੋਲ ’ਤੇ ਬਾਹਰ ਭੇਜ ਦਿੰਦੀ ਹੈ ਪ੍ਰੰਤੂ ਜਿਹੜੇ ਸਿੱਖ ਕੈਦੀ ਕਾਨੂੰਨ ਮੁਤਾਬਕ ਆਪਣੀਆਂ ਸਜਾਵਾਂ ਭੁਗਤ ਚੁੱਕੇ ਹਨ, ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ, ਜੋ ਸਿੱਖਾਂ ਨਾਲ ਧੱਕਾ ਹੈ।