ਬੰਦੀ ਸਿੰਘਾਂ ਦੀ ਰਿਹਾਈ: ਚੰਡੀਗੜ੍ਹ ਫੇਰੀ ਮੌਕੇ ਪ੍ਰਧਾਨ ਮੰਤਰੀ ਨੂੰ ਕਾਲੀ ਝੰਡੀਆਂ ਦਿਖਾਉਣਗੇ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰ

ਸਿੱਖ ਸੰਗਤ ਨੂੰ ਪ੍ਰਧਾਨ ਮੰਤਰੀ ਦੇ ਵਿਰੋਧ ਲਈ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚਣ ਦੀ ਅਪੀਲ

ਮੁਹਾਲੀ ਦੀਆਂ ਸੜਕਾਂ ’ਤੇ ‘ਮੋਦੀ ਗੋ ਬੈਕ’ ਦੇ ਨਾਅਰੇ ਲਗਾਉਣਗੇ ਸਿੱਖ ਅਤੇ ਕਿਸਾਨ

ਨਬਜ਼-ਏ-ਪੰਜਾਬ, ਮੁਹਾਲੀ, 2 ਦਸੰਬਰ:
ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ, ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਵੱਲੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਲੰਮੇ ਸਮੇਂ ਤੋਂ ਲੜੀਵਾਰ ਧਰਨਾ (ਪੱਕਾ ਮੋਰਚਾ) ਜਾਰੀ ਹੈ। ਲੇਕਿਨ ਹੁਣ ਤੱਕ ਦੇਸ਼ ਦੇ ਹੁਕਮਰਾਨਾਂ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ। ਅੱਜ ਪੱਕੇ ਮੋਰਚੇ ਵਾਲੀ ਥਾਂ ’ਤੇ ਕੌਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਜਥੇਦਾਰ ਗੁਰਦੀਪ ਸਿੰਘ ਬਠਿੰਡਾ ਅਤੇ ਬਾਪੂ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਕਿਸਾਨ ਯੂਨੀਅਨ (ਤੋਤੇਵਾਲ) ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਤੇ ਹੋਰਨਾਂ ਆਗੂਆਂ ਨੇ ਵੀ ਸ਼ਿਰਕਤ ਕੀਤੀ।
ਮੀਟਿੰਗ ਵਿੱਚ ਭਲਕੇ 3 ਦਸੰਬਰ ਨੂੰ ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਦੌਰਾਨ ਰੋਸ ਪ੍ਰਗਟ ਕਰਨ ਦਾ ਫ਼ੈਸਲਾ ਲਿਆ ਅਤੇ ਵਿਰੋਧ ਪ੍ਰਦਰਸ਼ਨ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ। ਆਗੂਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਦੋ ਸਾਲਾਂ ਤੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਕੌਮੀ ਇਨਸਾਫ਼ ਮੋਰਚਾ ਲੱਗਿਆ ਹੋਇਆ ਹੈ। ਇੰਜ ਹੀ ਸ਼ੰਭੂ ਬਾਰਡਰ ’ਤੇ ਪਿਛਲੇ 8 ਮਹੀਨਿਆਂ ਤੋਂ ਕਿਸਾਨ ਮੋਰਚਾ ਲੱਗਾ ਹੋਇਆ ਹੈ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹਨ। ਸਿੱਖ ਅਤੇ ਕਿਸਾਨ ਪ੍ਰਧਾਨ ਮੰਤਰੀ ਨੂੰ ਕਾਲੀ ਝੰਡੀਆਂ ਦਿਖਾ ਕੇ ਰੋਸ ਪ੍ਰਗਟਾਉਣਗੇ।
ਆਗੂਆਂ ਨੇ ਚੰਡੀਗੜ੍ਹ ਪੰਜਾਬ ਦੀ ਧਰਤੀ ’ਤੇ ਬਣਿਆ ਹੋਇਆ ਹੈ। ਇਸ ਧਰਤੀ ਉੱਤੇ ਪ੍ਰਧਾਨ ਮੰਤਰੀ ਨੂੰ ਭਲਵਾਨੀ ਗੇੜੇ ਨਹੀਂ ਮਾਰਨ ਦੇਣੇ ਚਾਹੀਦੇ। ਪ੍ਰਧਾਨ ਮੰਤਰੀ ਨੂੰ ਕੌਮੀ ਇਨਸਾਫ਼ ਮੋਰਚੇ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨਣ ਤੋਂ ਬਾਅਦ ਹੀ ਪੰਜਾਬ ਆਉਣਾ ਚਾਹੀਦਾ ਹੈ ਤਾਂ ਜੋ ਸਾਰੇ ਪੰਜਾਬ ਵਾਸੀ ਉਨ੍ਹਾਂ ਦਾ ਸਵਾਗਤ ਕਰ ਸਕਣ। ਮੋਰਚੇ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਕੋਈ ਰਸਤਾ ਨਹੀਂ ਰੋਕਣਗੇ ਅਤੇ ਨਾ ਹੀ ਟਰੈਫ਼ਿਕ ਵਿੱਚ ਕੋਈ ਵਿਘਨ ਪਾਇਆ ਜਾਵੇਗਾ। ਉਹ ਸਿਰਫ਼ ਸੜਕ ਕਿਨਾਰੇ ਖੜੇ ਹੋ ਕੇ ਰੋਸ ਪ੍ਰਗਟਾਉਣਗੇ। ਉਨ੍ਹਾਂ ਮੁਹਾਲੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਕੋਲੋਂ ਸ਼ਾਂਤਮਈ ਰੋਸ ਪ੍ਰਗਟ ਕਰਨ ਦਾ ਅਧਿਕਾਰ ਨਾ ਖੋਹਿਆ ਜਾਵੇ। ਆਗੂਆਂ ਨੇ ਦੱਸਿਆ ਕਿ ਭਲਕੇ 3 ਦਸੰਬਰ ਨੂੰ ਸਵੇਰੇ 10 ਵਜੇ ਤੋਂ ਆਈਸ਼ਰ ਚੌਕ ਨੇੜੇ ਇੱਕ ਪਾਸੇ ਖੜੇ ਹੋ ਕੇ ਕਾਲੇ ਝੰਡੇ ਅਤੇ ਤਖ਼ਤੀਆਂ ਫੜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾਵੇਗਾ। ਸਿੱਖਾਂ ਅਤੇ ਕਿਸਾਨਾਂ ਵੱਲੋਂ ‘ਮੋਦੀ ਗੋ ਬੈਕ’ ਦੇ ਨਾਅਰੇ ਲਗਾਏ ਜਾਣਗੇ। ਕਾਬਿਲੇਗੌਰ ਹੈ ਕਿ ਮੁਹਾਲੀ ਕੌਮਾਂਤਰੀ ਏਅਰਪੋਰਟ ਤੋਂ ਇਸ ਰਸਤੇ ਪ੍ਰਧਾਨ ਮੰਤਰੀ ਚੰਡੀਗੜ੍ਹ ਜਾਣਗੇ।
ਇਸ ਮੌਕੇ ਪੀਐਸ ਗਿੱਲ, ਬਲਜੀਤ ਸਿੰਘ ਰੁੜਕੀ, ਮੇਵਾ ਸਿੰਘ ਘੜੂੰਆਂ, ਜਗਤਾਰ ਸਿੰਘ ਕੁੰਭੜਾ, ਲਖਮੀਰ ਨਿਹੰਗ ਕੁੰਭੜਾ, ਕਰਨੈਲ ਸਿੰਘ ਪਾਤੜਾਂ, ਜੀਤ ਸਿੰਘ, ਬਾਬਾ ਬਿੱਲਾ ਨਿਹੰਗ ਸਿੰਘ, ਬਾਬਾ ਪਵਨਦੀਪ ਸਿੰਘ, ਗੁੱਜਰ ਤੋਤੇਵਾਲ, ਗੋਰਾ ਤਖਾਣਬੱਦ, ਪਾਲ ਸਿੰਘ ਯੂਪੀ, ਮੱਖਣ ਸਿੰਘ ਮਾਨਸਾ ਅਤੇ ਬਾਪੂ ਲਾਭ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…