Share on Facebook Share on Twitter Share on Google+ Share on Pinterest Share on Linkedin ਬੰਦੀ ਸਿੰਘਾਂ ਦੀ ਰਿਹਾਈ: ਕੌਮੀ ਇਨਸਾਫ਼ ਮੋਰਚੇ ਦੇ ਕਾਰਕੁਨਾਂ ਅਤੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਮੁਹਾਲੀ ਏਅਰਪੋਰਟ ਦੀ ਥਾਂ ਸਿੱਧਾ ਚੰਡੀਗੜ੍ਹ ਉਤਰਿਆ ਪ੍ਰਧਾਨ ਮੰਤਰੀ ਦਾ ਜਹਾਜ਼ ਮੁਹਾਲੀ ਦੀਆਂ ਸੜਕਾਂ ’ਤੇ ਗੂੰਜੇ ‘ਮੋਦੀ ਗੋ ਬੈਕ’ ਦੇ ਨਾਅਰੇ ਨਬਜ਼-ਏ-ਪੰਜਾਬ, ਮੁਹਾਲੀ, 3 ਦਸੰਬਰ: ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ, ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਵੱਲੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਲੰਮੇ ਸਮੇਂ ਤੋਂ ਲੜੀਵਾਰ ਧਰਨਾ (ਪੱਕਾ ਮੋਰਚਾ) ਜਾਰੀ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਦੇ ਮੱਦੇਨਜ਼ਰ ਕੌਮੀ ਇਨਸਾਫ਼ ਮੋਰਚੇ ਦੇ ਪ੍ਰਮੁੱਖ ਆਗੂਆਂ ਬਾਪੂ ਗੁਰਚਰਨ ਸਿੰਘ, ਜਥੇਦਾਰ ਗੁਰਦੀਪ ਸਿੰਘ ਬਠਿੰਡਾ ਅਤੇ ਕਿਸਾਨ ਯੂਨੀਅਨ (ਤੋਤੇਵਾਲ) ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਦੀ ਅਗਵਾਈ ਹੇਠ ਇਨਸਾਫ਼ ਪਸੰਦ ਵਿਅਕਤੀਆਂ ਨੇ ਆਪਣੇ ਹੱਥਾਂ ਵਿੱਚ ਕਾਲੇ ਝੰਡੇ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ‘ਮੋਦੀ ਗੋ ਬੈਕ’ ਦੇ ਨਾਅਰੇ ਲਗਾਏ। ਸਿੱਖ ਜਥੇਬੰਦੀਆਂ ਅਤੇ ਕਿਸਾਨਾਂ ਨੂੰ ਇਹ ਮਲਾਲ ਸੀ ਕਿ ਪ੍ਰਧਾਨ ਮੰਤਰੀ ਤੇ ਹੋਰ ਆਗੂ ਮੁਹਾਲੀ ਕੌਮਾਂਤਰੀ ਏਅਰਪੋਰਟ ’ਤੇ ਉੱਤਰਨਗੇ ਅਤੇ ਮੁਹਾਲੀ ਦੇ ਰਸਤੇ ਚੰਡੀਗੜ੍ਹ ਵਿੱਚ ਦਾਖ਼ਲ ਹੋਣਗੇ ਪ੍ਰੰਤੂ ਪ੍ਰਧਾਨ ਮੰਤਰੀ ਦਾ ਜਹਾਜ਼ ਸਿੱਧਾ ਰਜਿੰਦਰ ਪਾਰਕ ਸੈਕਟਰ-2 ਵਿੱਚ ਉਤਰਿਆ। ਉੱਥੋਂ ਉਹ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੜਕ ਰਸਤੇ ਪ੍ਰੋਗਰਾਮ ਵਿੱਚ ਪਹੁੰਚੇ। ਜਾਣਕਾਰੀ ਅਨੁਸਾਰ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਅਤੇ ਕਿਸਾਨਾਂ ਨੇ ਪੱਕੇ ਮੋਰਚੇ ਵਾਲੀ ਥਾਂ ਤੋਂ ਆਪਣੇ ਹੱਥਾਂ ਵਿੱਚ ਕੇਸਰੀ ਅਤੇ ਕਾਲੇ ਝੰਡੇ ਫੜ ਕੇ ‘ਮੋਦੀ ਗੋ ਬੈਕ’ ਦੇ ਨਾਅਰੇ ਲਗਾਉਂਦੇ ਹੋਏ ਅੱਗੇ ਵਧਦੇ ਗਏ ਪ੍ਰੰਤੂ ਮੁਹਾਲੀ ਪੁਲੀਸ ਨੇ ਪਹਿਲਾਂ ਉਨ੍ਹਾਂ ਨੂੰ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਰੋਕ ਲਿਆ। ਇੱਥੇ ਕੁੱਝ ਦੇਰ ਬਹਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਸੀਪੀ ਮਾਲ ਤੱਕ ਪਹੁੰਚ ਗਏ। ਇੱਥੋਂ ਫਿਰ ਉਹ ਏਅਰਪੋਰਟ ਸੜਕ ’ਤੇ ਆਈਸ਼ਰ ਤੱਕ ਪਹੁੰਚ ਗਏ ਅਤੇ ਪ੍ਰਧਾਨ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਬਾਅਦ ਵਿੱਚ ਸਾਰੇ ਪ੍ਰਦਰਸ਼ਨਕਾਰੀ ਵਾਪਸ ਪੱਕੇ ਮੋਰਚੇ ਵਿੱਚ ਪਹੁੰਚ ਗਏ। ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਬਾਪੂ ਗੁਰਚਰਨ ਸਿੰਘ ਅਤੇ ਕਿਸਾਨ ਆਗੂ ਸੁੱਖ ਗਿੱਲ ਮੋਗਾ ਨੇ ਕਿਹਾ ਕਿ ਸਿੱਖ ਪਿਛਲੇ ਦੋ ਸਾਲਾਂ ਤੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਲੜੀਵਾਰ ਪੱਕਾ ਮੋਰਚਾ ਲਗਾ ਕੇ ਬੈਠੇ ਹਨ ਪ੍ਰੰਤੂ ਹੁਣ ਤੱਕ ਪੰਜਾਬ ਅਤੇ ਦੇਸ਼ ਦੇ ਹੁਕਮਰਾਨਾਂ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਧਰਤੀ ’ਤੇ ਭਲਵਾਨੀ ਗੇੜੇ ਨਹੀਂ ਮਾਰਨ ਦੀ ਥਾਂ ਕੌਮੀ ਇਨਸਾਫ਼ ਮੋਰਚੇ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਸਿੱਖਾਂ ਦੇ ਮਸਲੇ ਹੱਲ ਕਰਨ ਲਈ ਸੁਹਿਰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਾਨੂੰਨ ਮੁਤਾਬਕ ਸਜ਼ਾਵਾਂ ਭੁਗਤ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਉੱਥੇ ਪੰਜਾਬ ਦਾ ਕਿਸਾਨ ਇਨਸਾਫ਼ ਲਈ ਸੜਕਾਂ ’ਤੇ ਰੁਲ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ