
ਧਾਰਮਿਕ ਸਥਾਨਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਦੀਆਂ ਫੋਟੋਆਂ ਜਾਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਾਰਚ:
ਮੁਹਾਲੀ ਪੁਲੀਸ ਵੱਲੋਂ ਬੀਤੇ ਕੁੱਝ ਦਿਨਾਂ ਤੋਂ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਵਿੱਚ ਦਾਖ਼ਲ ਹੋ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਦੀਆਂ ਫੋਟੋਆਂ ਜਨਤਕ ਕੀਤੀਆਂ ਗਈਆਂ ਹਨ। ਮੁਹਾਲੀ ਦੇ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਨੇ ਸ਼ੱਕੀ ਵਿਅਕਤੀਆਂ ਦੀਆਂ ਇਹ ਫੋਟੋਆਂ ਜਾਰੀ ਕਰਦਿਆਂ ਕਿਹਾ ਕਿ 20 ਤੋਂ 25 ਸਾਲ ਉਮਰ ਦੇ ਇਨ੍ਹਾਂ ਵਿਅਕਤੀਆਂ ਵੱਲੋਂ ਹੀ ਗੁਰਦੁਆਰਾ ਰਵਿਦਾਸ ਮਹਾਰਾਜ ਕੁੰਭੜਾ, ਗੁਰਦੁਆਰਾ ਭਾਈ ਜੈਤਾ ਜੀ ਫੇਜ਼-3ਏ ਅਤੇ ਸੈਕਟਰ-61 ਦੇ ਮੰਦਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਇਨ੍ਹਾਂ ਧਾਰਮਿਕ ਸਥਾਨਾਂ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਇਨ੍ਹਾਂ ਦੀਆਂ ਫੋਟੋਆਂ ਨੂੰ ਕੰਪਿਊਟਰ ਮਾਹਰਾਂ ਦੀ ਮਦਦ ਨਾਲ ਸਾਫ਼ ਕਰਕੇ ਤਿਆਰ ਕੀਤਾ ਗਿਆ ਹੈ।
ਡੀਐਸਪੀ ਸੰਧੂ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਇਹ ਦੋਵੇਂ ਵਿਅਕਤੀ ਇੱਕ ਸਪਲੈਂਡਰ ਮੋਟਰ ਸਾਈਕਲ ’ਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਆਉਂਦੇ ਹਨ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਨ੍ਹਾਂ ਦੋਵਾਂ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਉਹ ਮੁਹਾਲੀ ਪੁਲੀਸ ਨੂੰ ਜ਼ਰੂਰ ਸਾਂਝੀ ਕਰਨ ਤਾਂ ਜੋ ਇਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਮੁਲਜ਼ਮਾਂ ਦੀ ਪੈੜ ਨੱਪਣ ਲਈ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਪੁਲੀਸ ਗਸ਼ਤ ਵੀ ਤੇਜ਼ ਕੀਤੀ ਗਈ ਹੈ।