
ਦਸਵੀਂ ਤੇ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਸਤੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਦਸਵੀਂ ਅਤੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਬੀਬੀ ਬਲਵਿੰਦਰ ਕੌਰ ਅਤੇ ਜਲੰਧਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਵੱਲੋਂ ਜਬਰ ਅਤੇ ਜੁਲਮ ਖ਼ਿਲਾਫ਼ ਦਿੱਤੀ ਅਦੱੁਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ।
ਬੀਬੀ ਰਵਿੰਦਰ ਕੌਰ ਖਾਲਸਾ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਬੰਤਾ ਸਿੰਘ ਬਿਧੀਚੰਦ ਸੰਪ੍ਰਦਾਇ ਵਾਲੇ ਨੇ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ।
ਇਸ ਮੌਕੇ ਭਾਈ ਸੁਖਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ, ਭਾਈ ਗੁਰਦੀਪ ਸਿੰਘ, ਭਾਈ ਗੁਰਚਰਨ ਸਿੰਘ, ਭਾਈ ਤੇਜਿੰਦਰ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।