
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ
ਨਬਜ਼-ਏ-ਪੰਜਾਬ, ਮੁਹਾਲੀ, 26 ਅਗਸਤ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਵਿੱਚ ਭਾਈ ਗੁਰਪ੍ਰੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਚੱਪੜਚਿੜੀ ਦੀ ਧਰਤੀ ’ਤੇ ਜਬਰ ਤੇ ਜੁਲਮ ਖ਼ਿਲਾਫ਼ ਮੁਗਲ ਫੌਜਾਂ ਨਾਲ ਲੜੀ ਲੜਾਈ ਅਤੇ 1710 ਈਸਵੀਂ ਵਿੱਚ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਨ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ। ਭਾਈ ਬਹੁਲਿਵਲੀਨ ਸਿੰਘ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਹਰਜੀਤ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਬਾਰੇ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਭਾਈ ਧੰਨਾ ਸਿੰਘ ਨਵਾਂ ਸ਼ਹਿਰ ਦੇ ਇੰਟਰਨੈਸ਼ਨਲ ਢਾਡੀ ਜਥਾ, ਭਾਈ ਕੰਵਲਜੀਤ ਸਿੰਘ ਖੰਨੇ ਵਾਲੇ, ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ, ਸ਼੍ਰੋਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ, ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਸੁਖਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 30 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।