
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਤੇ ਧਾਰਮਿਕ ਸਮਾਗਮ
ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਸਾਲਾਨਾ ਸਮਾਗਮ 2 ਦਸੰਬਰ ਨੂੰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਅਰਦਾਸ ਉਪਰੰਤ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਕੰਪਲੈਕਸ ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਉਨ੍ਹਾਂ ਦੇ ਪਿੱਛੇ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ। ਪਾਲਕੀ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ। ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦਾ ਥਾਂ-ਥਾਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ।
ਗੁਰਪੁਰਬ ਸਬੰਧੀ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕਾਂ, ਕਥਾ ਵਾਚਕਾਂ ਅਤੇ ਰਾਗੀ ਸਿੰਘਾਂ ਨੇ ਸਾਰਾ ਦਿਨ ਹਰਿ ਜਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੈਡੀਕਲ ਕੈਂਪ ਦੌਰਾਨ ਡਾਕਟਰਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਅੰਮ੍ਰਿਤ ਛਕਿਆ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਉਧਰ, ਗੁਰਦੁਆਰਾ ਸਾਹਿਬ ਪਿੰਡ ਭਾਗੋਮਾਜਰਾ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਆਰੰਭ ਹੋਇਆ। ਇਹ ਨਗਰ ਕੀਰਤਨ ਗੁਰਦੁਆਰਾ ਭਾਗੋਮਾਜਰਾ ਤੋਂ ਆਰੰਭ ਹੋ ਕੇ ਪਿੰਡ ਦੇ ਆਲੇ-ਦੁਆਲੇ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਭਾਈ ਜੈਤਾ ਜੀ ਬੈਰੋਂਪੁਰ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਮਾਣਕਮਾਜਰਾ ਤੋਂ ਹੁੰਦਾ ਹੋਇਆ ਵਾਪਸ ਭਾਗੋਮਾਜਰਾ ਪਹੁੰਚ ਕੇ ਸਮਾਪਤ ਹੋਇਆ। ਇੰਜ ਹੀ ਗੁਰਪੁਰਬ ਦੀ ਖ਼ੁਸ਼ੀ ਪਿੰਡ ਕੁੰਭੜਾ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਸ ਤੋਂ ਇਲਾਵਾ ਹੋਰਨਾਂ ਥਾਵਾਂ ’ਤੇ ਵੀ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 2 ਦਸੰਬਰ ਨੂੰ ਬਾਬਾ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਤੇ ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਕੀਤੇ ਗਏ ਹਨ। ਜਿਨ੍ਹਾਂ ਦੇ ਭੋਗ ਬੁੱਧਵਾਰ ਨੂੰ ਪਾਏ ਜਾਣਗੇ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲੇਗਾ। ਬੁਲਾਰੇ ਨੇ ਦੱਸਿਆ ਕਿ ਸਾਲਾਨਾ ਸਮਾਗਮ ਦੀ ਖ਼ੁਸ਼ੀ ਵਿੱਚ ਸਵੇਰੇ 8 ਵਜੇ ਤੋਂ ਦੇਰ ਸ਼ਾਮ 6 ਵਜੇ ਤੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ।