
ਹਲਕਾ ਮੁਹਾਲੀ ਵਿੱਚ ਧਰਮ ਪ੍ਰਚਾਰ ਲਹਿਰ ਹੋਰ ਵੀ ਤੇਜ਼ ਕੀਤੀ ਜਾਵੇਗੀ: ਜੇਪੀ ਸਿੰਘ
ਕਲਗੀਧਰ ਸੇਵਕ ਜੱਥਾ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿੱਚ ਗੁਰਸ਼ਬਦ ਸਮਾਗਮ 29 ਅਕਤੂਬਰ ਨੂੰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ:
ਧਰਮ ਪ੍ਰਚਾਰ ਕਮੇਟੀ ਮੁਹਾਲੀ ਅਤੇ ਕਲਗੀਧਰ ਸੇਵਕ ਜਥੇ ਵੱਲੋਂ 29 ਅਕਤੂਬਰ ਨੂੰ ਗੁਰਦੁਆਰਾ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਸ਼ਬਦ ਸਮਾਗਮ ਗੁਰਦੁਆਰਾ ਅੰਬ ਸਾਹਿਬ ਦੀ ਪਾਰਕਿੰਗ ਵਿਚ ਵੱਡਾ ਪੰਡਾਲ ਲਗਾ ਕੇ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਮੁਖੀ ਅਤੇ ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬੰਡੂਗਰ ਦੀ ਪ੍ਰੇਰਣਾ ਸਦਕਾ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਅਰਵਿੰਦਰਜੀਤ ਸਿੰਘ ਕਿੱਟੂ ਵੀਰ ਜੀ, ਭਾਈ ਗੁਰਪ੍ਰੀਤ ਸਿੰਘ ਨਿਆਮੀਆਂ, ਭਾਈ ਇੰਦਰਪਾਲ ਸਿੰਘ, ਭਾਈ ਪਵਨੀਤ ਸਿੰਘ, ਭਾਈ ਜਤਿੰਦਰ ਸਿੰਘ ਬਟਾਲੇ ਵਾਲੇ ਅਤੇ ਹੋਰ ਰਾਗੀ ਜਥੇ, ਪ੍ਰਸਿੱਧ ਕੀਰਤਨੀ ਜਥੇ, ਪ੍ਰਚਾਰਕ ਅਤੇ ਢਾਡੀ ਜਥੇ ਗੁਰਮਤਿ ਵਿਚਾਰਾਂ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਉਹਨਾਂ ਕਿਹਾ ਕਿ ਉਹਨਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਅਤੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨਾਲ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ ਕਰਨ ਸਬੰਧੀ ਮੀਟਿੰਗ ਹੋਈ ਹੈ, ਜਿਸ ਵਿੱਚ ਇਸ ਲਹਿਰ ਨੂੰ ਹੋਰ ਤੇਜ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਉਹਨਾਂ ਕਿਹਾ ਧਰਮ ਪ੍ਰਚਾਰ ਲਹਿਰ ਤਹਿਤ ਇਲਾਕੇ ਦੇ ਵੱਖ ਵੱਖ ਪਿੰਡਾਂ ਵਿਚ ਵੀ ਧਾਰਮਿਕ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਬੱਚਿਆਂ ਨੂੰ ਦਸਤਾਰ ਬੰਨਣ ਦੀ ਸਿਖਲਾਈ ਵੀ ਦਿਤੀ ਜਾਵੇਗੀ। ਇਸ ਤੋਂ ਇਲਾਵਾ ਬਚਿਆ ਨੂੰ ਸਿੱਖੀ ਸਰੂਪ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਨੌਜਵਾਨ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਹਲਕਾ ਮੁਹਾਲੀ ਵਿੱਚ ਧਰਮ ਪ੍ਰਚਾਰ ਲਹਿਰ ਹੋਰ ਵੀ ਤੇਜ ਕੀਤੀ ਜਾਵੇਗੀ।