Nabaz-e-punjab.com

ਅਮਰੀਕਾ ਤੋਂ ਡਿਪੋਰਟ ਨੌਜਵਾਨਾਂ ਦੀਆਂ ਦਸਤਾਰਾਂ ਲਾਹ ਕੇ ਨੰਗੇ ਸਿਰ ਭੇਜਣਾ ਸਿੱਖ ਕੌਮ ਦਾ ਅਪਮਾਨ: ਚੰਦੂਮਾਜਰਾ

ਨਬਜ਼-ਏ-ਪੰਜਾਬ, ਮੁਹਾਲੀ, 17 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦੀਆਂ ਦਸਤਾਰਾਂ ਲਾਹ ਕੇ ਨੰਗੇ ਸਿਰ ਵਾਪਸ ਦੇਸ਼ ਭੇਜਣਾ ਸਿੱਖ ਕੌਮ ਦਾ ਬਹੁਤ ਵੱਡਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਾਗਰਿਕਾਂ ਖਾਸ ਕਰਕੇ ਸਿੱਖ ਨੌਜਵਾਨਾਂ ਦੇ ਹੋ ਰਹੇ ਇਸ ਘੋਰ ਅਪਮਾਨ ਨੂੰ ਕੇਂਦਰ ਸਰਕਾਰ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਅੱਜ ਇੱਥੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਵੱਖ-ਵੱਖ ਸੂਬਿਆਂ ਤੋਂ ਅਮਰੀਕਾ ਪਹੁੰਚੇ ਨੌਜਵਾਨਾਂ ਦੇ ਪੈਰਾਂ ਵਿੱਚ ਬੇੜੀਆਂ ਪਾ ਕੇ ਕੀਤੀ ਜਾ ਰਹੀ ਵਤਨ ਵਾਪਸੀ ਨਾਲ ਦੇਸ਼ ਦੇ ਮਾਣ-ਸਨਮਾਨ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਿਆਸੀ ਆਗੂਆਂ ਨੂੰ ਇਸ ਅਤਿ ਸੰੇਵਦਨਸ਼ੀਲ ਮੁੱਦੇ’ਤੇ ਇੱਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਅਤੇ ਚਿੱਕੜ ਸੁੱਟਣ ਦੀ ਥਾਂ ਇਸ ਮਸਲੇ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸੰਜੀਦਗੀ ਨਾਲ ਹੱਲ ਕਰਨਾ ਚਾਹੀਦਾ ਹੈ।
ਅਕਾਲੀ ਆਗੂ ਚੰਦੂਮਾਜਰਾ ਨੇ ਕਿਹਾ ਕਿ ਜ਼ਮੀਨਾਂ ਜਾਇਦਾਦਾਂ ਵੇਚ ਰੁਜ਼ਗਾਰ ਦੀ ਭਾਲ ਲਈ ਵਿਦੇਸ਼ੀ ਮੁਲਕਾਂ ਦੀ ਧਰਤੀ ਵੱਲ ਕੂਚ ਕਰਨਾ ਨੌਜਵਾਨ ਵਰਗ ਦਾ ਕੋਈ ਸੌਂਕ ਨਹੀਂ ਬਲਕਿ ਮਜਬੂਰੀ ਹੈ। ਆਪਣੇ ਦੇਸ਼ ਵਿੱਚ ਹੀ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਹੁਕਮਰਾਨਾਂ ਨੂੰ ਸੋਚ ਸਮਝ ਕੇ ਨੀਤੀ ਬਣਾਉਣੀ ਚਾਹੀਦੀ ਹੈ ਤਾਂ ਜੋ ਨੌਜਵਾਨਾਂ ਦੇ ਹੋ ਰਹੇ ਆਰਥਿਕ ਸ਼ੋਸ਼ਣ ਨੂੰ ਰੋਕਿਆ ਜਾ ਸਕੇ। ਚੰਦੂਮਾਜਰਾ ਨੇ ਸੂਬਾ ਸਰਕਾਰਾਂ ਨੂੰ ਮਨੁੱਖੀ ਤਸਕਰੀ ਦਾ ਧੰਦਾ ਖ਼ਤਮ ਕਰਨ ਲਈ ਠੋਸ ਤੇ ਸਖ਼ਤ ਨੀਤੀ ਤਿਆਰ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਬਾਹਰੋਂ ਆਏ ਨੌਜਵਾਨਾਂ ਨੂੰ ਪਹਿਲਾਂ ਰੁਜ਼ਗਾਰ ਦਾ ਬੰਦੋਬਸਤ ਕਰੇ ਅਤੇ ਕੇਂਦਰ ਆਰਥਿਕ ਨੁਕਸਾਨ ਦੀ ਭਰਪਾਈ ਯਕੀਨੀ ਬਣਾਏ। ਉਨ੍ਹਾਂ ਨੇ ਫ਼ਰਜ਼ੀ ਟਰੈਵਲ ਏਜੰਟਾਂ ’ਤੇ ਸ਼ਿਕੰਜਾ ਕੱਸਣ ਦੀ ਅਪੀਲ ਕਰਦਿਆਂ ਨੌਜਵਾਨਾਂ ਤੋਂ ਹੜੱਪੇ ਪੈਸੇ ਵਾਪਸ ਕਰਵਾਉਣ ਦੀ ਮੰਗ ਵੀ ਕੀਤੀ।

Load More Related Articles
Load More By Nabaz-e-Punjab
Load More In General News

Check Also

ਐਰੋਸਿਟੀ ਵਿੱਚ ਯੋਗਾ ਕੈਂਪ ਲਗਾਇਆ, ਅੌਰਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ

ਐਰੋਸਿਟੀ ਵਿੱਚ ਯੋਗਾ ਕੈਂਪ ਲਗਾਇਆ, ਅੌਰਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਨਬਜ਼-ਏ-ਪੰਜਾਬ, ਮੁਹਾਲੀ, 19 ਫਰਵਰੀ:…