ਸਾਰੇ ਕਮਿਸ਼ਨਾਂ ਦੀਆਂ ਰਿਪੋਰਟਾਂ ਸਦਨ ਵਿੱਚ ਪੇਸ਼ ਕੀਤੀਆਂ ਜਾਣਗੀਆਂ: ਕੈਪਟਨ ਅਮਰਿੰਦਰ ਸਿੰਘ

ਜਸਟਿਸ ਨਾਰੰਗ ਕਮਿਸ਼ਨ ਦੀ ਰਿਪੋਰਟ ਚਾਲੂ ਬਜਟ ਇਜਲਾਸ ਵਿੱਚ ਹੋਵੇਗੀ ਪੇਸ਼

ਬੇਅਦਬੀ, ਬਦਅਮਨੀ ਅਤੇ ਹੋਰ ਮੁੱਦਿਆਂ ’ਤੇ ਅਕਾਲੀਆਂ ਨੂੰ ਘੇਰਨ ਵਿੱਚ ਆਪ ਵਿਧਾਇਕਾਂ ਨੇ ਵੀ ਕਾਂਗਰਸੀਆਂ ਦਾ ਸਾਥ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਵੱਖ-ਵੱਖ ਕਮਿਸ਼ਨਾਂ ਦੀਆਂ ਸਾਰੀਆਂ ਰਿਪੋਰਟ ਵਿਧਾਨ ਸਭਾ ਦੇ ਸਦਨ ’ਚ ਪੇਸ਼ ਕੀਤੀਆਂ ਜਾਣਗੀਆਂ। ਬਜਟ ਇਜਲਾਸ ਦੇ ਦੂਜੇ ਦਿਨ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦੀ ਮਤੇ ’ਤੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਇਹ ਜਵਾਬ ਦਿੱਤਾ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗਲੱਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਸਟਿਸ ਨਾਰੰਗ ਕਮਿਸ਼ਨ ਦੀ ਰਿਪੋਰਟ ਚਾਲੂ ਬਜਟ ਇਜਲਾਸ ਵਿੱਚ ਸਦਨ ’ਚ ਪੇਸ਼ ਕਰਨ ਲਈ ਤਿਆਰ ਹੈ ਜਦਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਅਤੇ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਕਮਿਸ਼ਨ ਦੀਆਂ ਰਿਪੋਰਟਾਂ ਨੂੰ ਅੰਤਮ ਰੂਪ ਦਿੱਤੇ ਜਾਣ ਤੋਂ ਬਾਅਦ ਸਦਨ ਵਿੱਚ ਪੇਸ਼ ਕੀਤਾ ਜਾਵੇਗਾ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਗਠਨ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰਨ ਜਦਕਿ ਜਸਟਿਸ ਮਹਿਤਾਬ ਸਿੰਘ ਕਮਿਸ਼ਨ ਅਕਾਲੀ-ਭਾਜਪਾ ਸਰਕਾਰ ਦੌਰਾਨ ਦਰਜ ਹੋਏ ਝੂਠੇ ਮਾਮਲਿਆਂ ਦੀ ਪੜਤਾਲ ਕਰਨ ਲਈ ਬਣਾਇਆ ਗਿਆ ਹੈ।
ਸਦਨ ਵਿੱਚ ਅੱਜ ਬੇਅਦਬੀ ਦੇ ਮਾਮਲਿਆਂ ਦਾ ਮੁੱਦਾ ਗੂੰਜਿਆ ਕਿਉਂ ਜੋ ਕਾਂਗਰਸੀ ਵਿਧਾਇਕਾਂ ਦਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵੀ ਸਾਥ ਦਿੱਤਾ ਜਿਨ੍ਹਾਂ ਨੇ ਅਕਾਲੀਆਂ ਨੂੰ ਬੇਅਦਬੀ ਦੇ ਮਾਮਲਿਆਂ ਦੇ ਨਾਲ-ਨਾਲ ਨਸ਼ਿਆਂ ਅਤੇ ਬਦਅਮਨੀ ਦੇ ਮੁੱਦਿਆਂ ’ਤੇ ਬੁਰੀ ਤਰ੍ਹਾਂ ਘੇਰਿਆ। ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਦਰਜ ਹੋਏ ਕੇਸਾਂ ਦੀ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਸਮਰਥਨ ਕੀਤਾ।
ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦੀ ਮਤੇ ’ਤੇ ਆਪਣੇ ਸੰਬੋਧਨ ਵਿੱਚ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀਆਂ ਨੂੰ ਉਨ੍ਹਾਂ ਦੇ ਮਾੜੇ ਕਾਰਨਾਮਿਆਂ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਨਾਲ ਵਿਸ਼ਵ ਭਰ ਵਿੱਚ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਸੀ। ਸ੍ਰੀ ਰੰਧਾਵਾ ਨੇ ਬੇਅਦਬੀ ਦੀਆਂ ਘਟਨਾਵਾਂ ਲਈ ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਅਕਾਲੀਆਂ ਨੇ ਉਸ ਸਮੇਂ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਲਈ ਅਜਿਹੀਆਂ ਸਾਜ਼ਿਸ਼ਾਂ ਘੜੀਆਂ ਸਨ।
ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀਆਂ ਨੂੰ ਲਾੜੇ ਹੱਥੀਂ ਲੈਦਿਆਂ ਕਿਹਾ ਕਿ ਕੇਂਦਰ ’ਚ ਸੱਤਾਧਾਰੀ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਵੱਲੋਂ ਲਗਾਤਾਰ ਕਿਸਾਨ ਭਾਈਚਾਰੇ ਦੇ ਹਿੱਤਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਜਦਕਿ ਅਕਾਲੀ ਦਲ ਇਸ ਦੇ ਬਾਵਜੂਦ ਭਾਈਵਾਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲੋਂ ਕਿਸਾਨਾਂ ਦੇ ਰਹਿਬਰ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ ਪਰ ਇਸ ਨੇ ਖੇਤੀ ਸੈਕਟਰ ਦੇ ਹਿੱਤਾਂ ਦੀ ਰਾਖੀ ਲਈ ਕੱਖ ਨਹੀਂ ਕੀਤਾ।
ਪਰਿਵਾਰਕ ਮੈਂਬਰ ਨੂੰ ਕੇਂਦਰੀ ਵਜ਼ੀਰ ਬਣਾਉਣ ਲਈ ਸੂਬੇ ਦੇ ਹਿੱਤਾਂ ਦਾ ਸੌਦਾ ਕਰਨ ਲਈ ਬਾਦਲ ਪਿਓ-ਪੁੱਤ ’ਤੇ ਹਮਲਾ ਕਰਦਿਆਂ ਸ੍ਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੇ ਗੌਰਵ ਤੇ ਅਣਖ ਨੂੰ ਤਬਾਹ ਕਰਨ ਲਈ ਅਕਾਲੀਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਜੇਕਰ ਅਕਾਲੀ ਸੰਜੀਦਾ ਹੁੰਦੇ ਤਾਂ ਉਨ੍ਹਾਂ ਨੇ ਕਿਸਾਨਾਂ ਲਈ ਖੱੁਲੇ ਗੱਫੇ ਲਿਆਉਣ ਵਾਸਤੇ ਕੇਂਦਰ ’ਤੇ ਦਬਾਅ ਪਾਉਣਾ ਸੀ।
ਸਦਨ ਤੋਂ ਭੱਜਣ ਲਈ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ’ਤੇ ਹਮਲਾ ਕਰਦਿਆਂ ਸ੍ਰੀ ਰੰਧਾਵਾ ਨੇ ਕਿਹਾ ਕਿ ਲੋਕਾਂ ਦੇ ਮੱਠੇ ਹੁੰਗਾਰੇ ਕਾਰਨ ਅਕਾਲੀਆਂ ਦੀਆਂ ‘ਪੋਲ ਖੋਲ੍ਹ’ ਰੈਲੀਆਂ ਬਿਲਕੁਲ ਨਾਕਾਮ ਸਾਬਿਤ ਹੋਈਆਂ ਹਨ ਕਿਉਂਕਿ ਉਹ ਅਕਾਲੀਆਂ ਹੱਥੋਂ ਮੁੜ ਮੂਰਖ ਬਣਨ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਮੌਜੂਦਾ ਸੈਸ਼ਨ ਅਕਾਲੀਆਂ ਦੇ ਕਾਲੇ ਕਾਰਨਾਮਿਆਂ ਤੋਂ ਪਰਦਾ ਹਟਾਏਗਾ ਅਤੇ ਉਹ ਅਜਿਹਾ ਰਾਜਸੀ ਢਕਵੰਜ ਕਰਨ ਦਾ ਮੁੜ ਹੌਸਲਾ ਨਹੀਂ ਕਰਨਗੇ।
ਧੰਨਵਾਦੀ ਮਤੇ ਉਤੇ ਬੋਲਦਿਆਂ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਮਾੜੀ ਵਿੱਤੀ ਹਾਲਤ ਦੇ ਬਾਵਜੂਦ ਕਿਸਾਨਾਂ ਦੀ ਕਰਜ਼ਾ ਮੁਆਫੀ ਵਾਲਾ ਵਾਅਦਾ ਪੂਰਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਹਾਲਤ ਸੁਧਾਰਨ ਅਤੇ ਗੈਂਗਸਟਰਾਂ, ਜੋ ਪਹਿਲਾਂ ਅਕਾਲੀ-ਭਾਜਪਾ ਸਰਕਾਰ ਨਾਲ ਸਾਜ਼ਬਾਜ਼ ਹੋਣ ਕਾਰਨ ਵਧ-ਫੁੱਲ ਰਹੇ ਸਨ, ਨੂੰ ਖ਼ਤਮ ਕਰਕੇ ਆਮ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਲਈ ਵੀ ਮੁੱਖ ਮੰਤਰੀ ਨੂੰ ਵਧਾਈ ਦਿੱਤੀ।
ਡਰੱਗ ਮਾਫੀਆ ਖ਼ਿਲਾਫ਼ ਕਾਂਗਰਸ ਸਰਕਾਰ ਦੀ ਸਫ਼ਲਤਾ ਬਾਰੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਡਰੱਗਜ਼ ਮਾਫ਼ੀਆ ਨੂੰ ਨੱਥ ਹੀ ਨਹੀਂ ਪਾਈ ਸਗੋਂ ਪ੍ਰਭਾਵਿਤ ਨੌਜਵਾਨਾਂ ਨੂੰ ਸਨਮਾਨਜਨਕ ਢੰਗ ਨਾਲ ਜ਼ਿੰਦਗੀ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਉਨ੍ਹਾਂ ਦਾ ਸਫ਼ਲਤਾਪੂਰਵਕ ਮੁੜ-ਵਸੇਬਾ ਕੀਤਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…