ਗਣਤੰਤਰ ਦਿਵਸ: ਡੀਸੀ ਤੇ ਐਸਐਸਪੀ ਵੱਲੋਂ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ

ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਜੋਸ਼ ਨਾਲ ਭਰਪੂਰ ਆਪਣੀਆਂ ਪੇਸ਼ਕਾਰੀਆਂ ਦਾ ਕੀਤਾ ਪ੍ਰਦਰਸ਼ਨ

ਡੀਸੀ ਨੇ ਠੰਢ ਦਾ ਮੁਕਾਬਲਾ ਕਰਨ ਲਈ 575 ਵਿਦਿਆਰਥੀਆਂ ਨੂੰ ਬਾਡੀ ਵਰਮਰ ਕੱਪੜੇ ਪ੍ਰਦਾਨ ਕੀਤੇ

ਨਬਜ਼-ਏ-ਪੰਜਾਬ, ਮੁਹਾਲੀ, 24 ਜਨਵਰੀ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸੌਰਿਆ ਚੱਕਰ ਵਿਜੇਤਾ) ਸਰਕਾਰੀ ਕਾਲਜ ਫੇਜ਼-6 ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਿਭਾਉਣਗੇ। ਅੰਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐੱਸਐੱਸਪੀ ਸੰਦੀਪ ਗਰਗ ਨੇ ਫੁੱਲ ਡਰੈੱਸ ਰਿਹਰਸਲ ਕੀਤੀ ਅਤੇ ਪਰੇਡ ਅਤੇ ਮਾਰਚ ਪਾਸਟ ਦਾ ਨਿਰੀਖਣ ਕੀਤਾ। ਪਰੇਡ ਕਮਾਂਡਰ ਡੀਐਸਪੀ ਸਪੈਸ਼ਲ ਬਰਾਂਚ ਹਰਸਿਮਰਤ ਸਿੰਘ ਛੇਤਰਾ ਦੀ ਅਗਵਾਈ ਹੇਠ ਮਾਰਚ ਪਾਸਟ ਵਿੱਚ ਪੁਲੀਸ ਜਵਾਨਾਂ ਦੀਆਂ ਤਿੰਨ ਟੁਕੜੀਆਂ, ਜਿਨ੍ਹਾਂ ਵਿੱਚ ਮਹਿਲਾ ਪੁਲੀਸ, ਐਨਸੀਸੀ ਕੈਡਿਟਾਂ ਦੀਆਂ ਪਲਟਨਾਂ ਸਮੇਤ ਵੱਖ-ਵੱਖ ਸਕੂਲਾਂ ਦੇ ਬੈਂਡ ਸ਼ਾਮਲ ਸਨ।
ਇਸ ਮੌਕੇ ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਗਣਤੰਤਰ ਦਿਵਸ ਸਬੰਧੀ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਹੱਡ ਚੀਰਵੀਂ ਠੰਢ ਦੇ ਬਾਵਜੂਦ ਸਮਾਗਮ ਦੌਰਾਨ ਵੱਖ-ਵੱਖ ਪੇਸ਼ਕਾਰੀਆਂ ਦੇਣ ਵਾਲੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਨੇ ਠੰਢ ਦਾ ਮੁਕਾਬਲਾ ਕਰਨ ਲਈ ਸਮਾਗਮ ਵਿੱਚ ਹਿੱਸਾ ਲੈਣ ਵਾਲੇ 575 ਵਿਦਿਆਰਥੀਆਂ ਨੂੰ ਬਾਡੀ ਵਾਰਮਰ ਵੀ ਵੰਡੇ।
ਡੀਸੀ ਨੇ ਦੱਸਿਆ ਕਿ ਫੁੱਲ ਡਰੈੱਸ ਰਿਹਰਸਲ ਦੌਰਾਨ 12 ਸਕੂਲਾਂ ਦੇ 600 ਵਿਦਿਆਰਥੀਆਂ ਨੇ ਦੇਸ਼ ਭਗਤੀ ਅਤੇ ਰਾਸ਼ਟਰੀ ਜੋਸ਼ ਨਾਲ ਭਰਪੂਰ ਸ਼ਾਨਦਾਰ ਪ੍ਰਦਰਸ਼ਨ ਕੀਤਾ। ਠੰਢ ਦੇ ਬਾਵਜੂਦ ਸਭਿਆਚਾਰਕ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ, ਨੈਸ਼ਨਲ ਪਬਲਿਕ ਸਕੂਲ ਕੁਰਾਲੀ, ਪੈਰਾਗਾਨ ਸਕੂਲ ਸੈਕਟਰ-70, ਏ.ਪੀ.ਜੇ. ਸਕੂਲ ਮੁੰਡੀ ਖਰੜ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6, ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-3ਬੀ1 ਦੇ ਸਪੈਸ਼ਲ ਬੱਚੇ ਅਤੇ ਪਰੇਡ ਵਿੱਚ ਭਾਗ ਲੈਣ ਵਾਲੀਆਂ ਪਲਟੂਨਾਂ ਵਿੱਚ ਸਰਕਾਰੀ ਕਾਲਜ ਮੁਹਾਲੀ, ਦੂਨ ਇੰਟਰਨੈਸ਼ਨਲ ਸਕੂਲ, ਸ਼ਿਵਾਲਿਕ ਪਬਲਿਕ ਸਕੂਲ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਦੀਆਂ ਬੈਂਡ ਟੀਮਾਂ ਸ਼ਾਮਲ ਸਨ।
ਸ੍ਰੀਮਤੀ ਆਸ਼ਿਕਾ ਜੈਨ ਗਣਤੰਤਰ ਦਿਵਸ ਨੂੰ ਸਫਲ ਬਣਾਉਣ ਲਈ ਅਗਾਊਂ ਪ੍ਰਬੰਧਾਂ ਵਿੱਚ ਡਟੇ ਵੱਖ-ਵੱਖ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਡੀਸੀ ਨੇ ਅਧਿਕਾਰੀਆਂ ਨੂੰ ਡਿਊਟੀਆਂ ਸੌਂਪਦਿਆਂ ਕਿਹਾ ਕਿ ਸਮਾਗਮ ਦੌਰਾਨ ਕਿਸੇ ਵੀ ਕਿਸਮ ਦੀ ਢਿੱਲਮੱਠ ਬਿਲਕੁਲ ਬਰਦਾਸ਼ਤ ਨਹੀਂ ਜਾਵੇਗੀ।
ਮੀਟਿੰਗ ਵਿੱਚ ਏਡੀਸੀ (ਜ) ਵਿਰਾਜ ਸ਼ਿਆਮਕਰਨ ਤਿੜਕੇ, ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਐਸਡੀਐਮ ਚੰਦਰਜੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਹਰਜੋਤ ਮਾਵੀ, ਫੀਲਡ ਅਫ਼ਸਰ ਮੁੱਖ ਮੰਤਰੀ ਇੰਦਰਪਾਲ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਡੇਵੀ ਗੋਇਲ ਸਹਾਇਕ ਕਮਿਸ਼ਨਰ (ਯੂਟੀ), ਐਸਪੀ ਜੋਤੀ ਯਾਦਵ ਅਤੇ ਮਨਪ੍ਰੀਤ ਸਿੰਘ, ਡੀਡੀਪੀਓ ਅਮਨਿੰਦਰ ਪਾਲ ਸਿੰਘ ਚੌਹਾਨ, ਡੀਈਓ ਡਾ. ਗਿੰਨੀ ਦੁੱਗਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਉਧਰ, ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ ਨੂੰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6, ਮੁਹਾਲੀ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ, ਇਸ ਦੇ ਆਲੇ ਦੁਆਲੇ ਦੇ ਏਰੀਆ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ‘ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ 24 ਤੋਂ 26 ਜਨਵਰੀ, 2024 ਤੱਕ ਲਾਗੂ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ ਪ…