ਗਣਤੰਤਰ ਦਿਵਸ: ਮੁਹਾਲੀ ਪੁਲੀਸ ਨੇ ਸ਼ਹਿਰ ਵਿੱਚ ਚੌਕਸੀ ਵਧਾਈ, ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ
ਨਬਜ਼-ਏ-ਪੰਜਾਬ, ਮੁਹਾਲੀ, 15 ਜਨਵਰੀ:
ਮੁਹਾਲੀ ਪੁਲੀਸ ਨੇ ਗਣਤੰਤਰ ਦਿਵਸ ਨੂੰ ਲੈ ਕੇ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਹੈ। ਮੁਹਾਲੀ ਏਅਰਪੋਰਟ ਸੜਕ ਸਮੇਤ ਹੋਰ ਐਂਟਰੀ ਪੁਆਇੰਟਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਜਾਂਚ ਕੀਤੀ ਗਈ। ਰਾਤ ਦੇ ਨਾਕਿਆਂ ਦੀ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਖ਼ੁਦ ਨਜ਼ਰਸਾਨੀ ਕੀਤੀ ਅਤੇ ਕਈ ਨਾਕਿਆਂ ’ਤੇ ਖ਼ੁਦ ਤਾਇਨਾਤ ਰਹਿ ਕੇ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਅਤੇ ਹੱਡ ਚੀਰਵੀਂ ਠੰਢ ਵਿੱਚ ਸੜਕਾਂ ਉੱਤੇ ਨਾਕਿਆਂ ’ਤੇ ਤਾਇਨਾਤ ਪੁਲੀਸ ਕਰਮਚਾਰੀਆਂ ਦੀ ਹੌਸਲਾ ਅਫਜਾਈ ਕੀਤੀ।
ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਮੁਹਾਲੀ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਚੈਕਿੰਗ ਅਭਿਆਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ 26 ਜਨਵਰੀ ਤੱਕ ਪੁਲੀਸ ਕਰਮਚਾਰੀ ਦਿਨ ਅਤੇ ਰਾਤ ਦੇ ਸਮੇਂ ਸਮੂਹ ਐਂਟਰੀ ਪੁਆਇੰਟਾਂ ਅਤੇ ਗੁਆਂਢੀ ਸੂਬਿਆਂ ਨਾਲ ਲਗਦੀਆਂ ਹੱਦਾਂ ’ਤੇ ਨਾਕੇ ਲਗਾ ਕੇ ਮੁਹਾਲੀ ਸ਼ਹਿਰ ਵਿੱਚ ਦਾਖ਼ਲ ਹੋਣ ਅਤੇ ਬਾਹਰ ਜਾਣ ਵਾਲੇ ਵਾਹਨਾਂ ਅਤੇ ਵਿਅਕਤੀਆਂ ਉੱਤੇ ਤਿੱਖੀ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਬੈਸਟੈੱਕ ਮਾਲ ਸੜਕ, ਆਈਸ਼ਰ ਟਰੈਫ਼ਿਕ ਲਾਈਟ ਪੁਆਇੰਟ, ਬਨੂੜ-ਲਾਂਡਰਾਂ ਸੜਕ, ਸਨੇਟਾ, ਏਅਰਪੋਰਟ ਰੋਡ ’ਤੇ ਛੱਤ ਲਾਈਟ ਪੁਆਇੰਟ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਹੋਟਲਾਂ ਅਤੇ ਪੀਜੀ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪੁਲੀਸ ਗਸ਼ਤ ਵੀ ਵਧਾਈ ਗਈ ਹੈ।