
ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਨੇ ਸਾਬਕਾ ਡਿਪਟੀ ਮੇਅਰ ਮਨਜੀਤ ਸੇਠੀ ਨੂੰ ਵਾਰਡ ਨੰਬਰ-2 ਤੋਂ ਉਮੀਦਵਾਰ ਐਲਾਨਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਦਸੰਬਰ:
ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਸੰਭਾਵੀ ਉਮੀਦਵਾਰਾਂ ਨੇ ਵੋਟਰਾਂ ਨਾਲ ਤਾਲਮੇਲ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਇੱਥੋਂ ਦੇ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਫੇਜ਼-3ਏ (ਸਾਢੇ ਸੱਤ ਮਰਲਾ) ਦੀ ਮੀਟਿੰਗ ਪ੍ਰਧਾਨ ਜਤਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਨਗਰ ਨਿਗਮ ਚੋਣਾਂ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਮੁਹੱਲਾ ਵਾਸੀਆਂ ਨੇ ਸਰਬਸੰਮਤੀ ਨਾਲ ਵਾਰਡ ਨੰਬਰ-2 ਤੋਂ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ। ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਇਸ ਇਲਾਕੇ ਵਿੱਚ ਸਿਰਫ਼ ਮਨਜੀਤ ਸਿੰਘ ਸੇਠੀ ਅਜਿਹੇ ਆਗੂ ਹਨ, ਜੋ ਕਿ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਭਲੀਭਾਂਤ ਜਾਣਦੇ ਹਨ ਅਤੇ ਸਰਬਪੱਖੀ ਵਿਕਾਸ ਕਰਵਾ ਸਕਦੇ ਹਨ। ਪਿਛਲੇ ਪੰਜ ਸਾਲਾਂ ਦੌਰਾਨ ਵੀ ਸ੍ਰ. ਸੇਠੀ ਨੇ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨੂੰ ਮੁੱਖ ਰੱਖਦਿਆਂ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਲੋਕਾਂ ਦੇ ਕੰਮ ਕੀਤੇ ਹਨ ਅਤੇ ਵਿਕਾਸ ਨੂੰ ਤਰਜੀਹ ਦਿੱਤੀ ਗਈ ਹੈ।
ਇਸ ਮੌਕੇ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਕਿਹਾ ਕਿ ਸਥਾਨਕ ਵਸਨੀਕਾਂ ਵੱਲੋਂ ਉਨ੍ਹਾਂ ਉੱਤੇ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸਰਬਸੰਮਤੀ ਨਾਲ ਦੁਬਾਰਾ ਆਪਣਾ ਉਮੀਦਵਾਰ ਬਣਾਉਣਾ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਪੂਰਾ ਉੱਤਰਨਗੇ ਅਤੇ ਵਾਰਡ ਨੰਬਰ-2 ਤੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਸਥਾਨਕ ਲੋਕ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਨ ਅਤੇ ਉਹ ਵਾਰਡ ਵਾਸੀਆਂ ਦੇ ਹਰ ਦੁੱਖ ਸੁੱਖ ਵਿਚ ਉਨ੍ਹਾਂ ਦੇ ਨਾਲ ਖੜੇ ਹਨ।
ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਮਾ. ਹਰਬੰਸ ਸਿੰਘ, ਚੀਫ਼ ਪੈਟਰਨ ਅਜੀਤ ਸਿੰਘ ਸੋਹਲ, ਮੀਤ ਪ੍ਰਧਾਨ ਜੇਪੀ ਸੇਠੀ, ਕਾਨੂੰਨੀ ਸਲਾਹਕਾਰ ਐਡਵੋਕੇਟ ਐਸ.ਐਸ. ਸੋਢੀ, ਐਗਜ਼ੈਕਟਿਵ ਮੈਂਬਰ ਹਰਭਜਨ ਸਿੰਘ, ਉਜਲ ਸਿੰਘ, ਰਣਜੋਤ ਸਿੰਘ, ਮੋਹਣ ਸਿੰਘ ਸੈਣੀ, ਅਜੈ ਭੰਡਾਰੀ, ਪੰਜਾਬ ਐਂਪਲਾਈਜ ਯੂਨੀਅਨ ਦੇ ਸੂਬਾ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿੱਚ ਮੁਹੱਲਾ ਨਿਵਾਸੀ ਮੌਜੂਦ ਸਨ।