ਸਿੱਖਿਆ ਬੋਰਡ ਦੇ ਮੁਲਾਜ਼ਮ ਤੇ ਸੇਵਾਮੁਕਤ ਕਰਮਚਾਰੀਆਂ ਵੱਲੋਂ ਨਿਖੇਧੀ ਮਤਾ ਪਾਸ

ਨਬਜ਼-ਏ-ਪੰਜਾਬ, ਮੁਹਾਲੀ, 25 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਅਤੇ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੀ ਸਾਂਝੀ ਮੀਟਿੰਗ ਯੂਨੀਅਨ ਦਫ਼ਤਰ ਵਿੱਚ ਹੋਈ। ਜਿਸ ਵਿੱਚ ਪਿਛਲੇ ਦਿਨੀਂ ਮਨੀਪੁਰ ਵਿੱਚ ਵਾਪਰੇ ਘਿਨਾਉਣੇ ਘਟਨਾਕ੍ਰਮ ਖ਼ਿਲਾਫ਼ ਨਿਖੇਧੀ ਮਤਾ ਪਾਸ ਕੀਤਾ ਅਤੇ ਇਹ ਫੈਸਲਾ ਲਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਿੱਖਿਆ ਬੋਰਡ ਮੁਲਾਜ਼ਮਾਂ ਵੱਲੋਂ ਇਸ ਘਟਨਾ ਦੇ ਰੋਸ ਵਜੋਂ ਕਾਲੀਆਂ ਪੱਗਾਂ, ਦੁਪੱਟੇ, ਕਮੀਜ਼ਾਂ ਅਤੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ ਜਾਵੇਗਾ।
ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਨੇ ਕਿਹਾ ਕਿ ਮਨੀਪੁਰ ਵਿੱਚ ਪਿਛਲੇ ਦਿਨੀਂ ਜੋ ਸ਼ਰਮਨਾਕ ਘਟਨਾ ਵਾਪਰੀ ਹੈ, ਉਸ ਨਾਲ ਦੁਨੀਆ ਭਰ ਵਿੱਚ ਭਾਰਤ ਦਾ ਨਾਮ ਬਦਨਾਮ ਹੋਇਆ ਹੈ ਅਤੇ ਇਸ ਘਟਨਾ ਦੀ ਚੁਫੇਰਿਓਂ ਨਿਖੇਧੀ ਕੀਤੀ ਜਾ ਰਹੀ ਹੈ ਪ੍ਰੰਤੂ ਦੇਸ਼ ਦੇ ਹੁਕਮਰਾਨਾਂ ਦੀ ਚੁੱਪੀ ਲੋਕਤੰਤਰ ਲਈ ਵੱਡਾ ਖ਼ਤਰਾ ਹੈ।
ਬੁਲਾਰਿਆਂ ਨੇ ਕਿਹਾ ਕਿ ਭਾਰਤ ਇਕ ਅਜਿਹਾ ਦੇਸ਼ ਹੈ ਜਿੱਥੇ ਨਾਰੀ ਨੂੰ ਬਹੁਤ ਸਨਮਾਨ ਦਿੱਤਾ ਜਾਂਦਾ ਹੈ। ਗੁਰੂਆਂ ਪੀਰਾਂ ਨੇ ਵੀ ਅੌਰਤ ਨੂੰ ਉੱਚਾ ਦਰਜਾ ਦਿੱਤਾ ਹੈ। ਦੇਸ਼ ਵਿੱਚ ਅੌਰਤ ਵਰਗ ਨੂੰ ਸਮਾਜਿਕ ਅਤੇ ਰਾਜਨੀਤਕ ਖੇਤਰ ਵਿੱਚ ਵਿਸ਼ੇਸ਼ ਰਾਖਵਾਂਕਰਨ ਦਿੱਤਾ ਜਾਂਦਾ ਹੈ ਪ੍ਰੰਤੂ ਮਨੀਪੁਰ ਵਿੱਚ ਦੋ ਅੌਰਤਾਂ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਨਿਰਵਸਤਰ ਕਰਕੇ ਘੋਰ ਅਪਮਾਨਿਤ ਕੀਤਾ ਗਿਆ। ਭੀੜ ਵੱਲੋਂ ਪੀੜਤ ਅੌਰਤਾਂ ਦੀ ਬੇਰਹਿਮੀ ਨਾਲ ਕੁੱਟਮਾਰ ਵੀ ਕੀਤੀ ਗਈ। ਮਨੀਪੁਰ ਵਿੱਚ ਰੋਜ਼ਾਨਾ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜਿਸ ਨਾਲ ਇਨਸਾਨੀਅਤ ਤਾਰ-ਤਾਰ ਹੋ ਰਹੀ ਹੈ ਅਤੇ ਭਾਰਤੀ ਕਾਨੂੰਨ ਵਿਵਸਥਾ ਤੋਂ ਲੋਕਾਂ ਦਾ ਵਿਸ਼ਵਾਸ ਉੱਠਦਾ ਜਾ ਰਿਹਾ ਹੈ। ਇਨ੍ਹਾਂ ਪੀੜਤ ਅੌਰਤਾਂ ਵਿੱਚ ਇਕ ਅੌਰਤ ਦੇ ਪਤੀ ਨੇ ਕਾਰਗਿਲ ਦੀ ਜੰਗ ਲੜ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਜੇਕਰ ਅਜਿਹੇ ਪਰਿਵਾਰ ਦੇਸ਼ ਵਿੱਚ ਸੁਰੱਖਿਅਤ ਨਹੀਂ ਹਨ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਦੀ ਕੀ ਉਮੀਦ ਰੱਖੀ ਜਾ ਸਕਦੀ ਹੈ।
ਸੇਵਾਮੁਕਤ ਐਸੋਸੀਏਸ਼ਨ ਦੇ ਪ੍ਰਧਾਨ ਅਮਰ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਗੁਰਮੇਲ ਸਿੰਘ ਮੌਜੇਵਾਲ ਅਤੇ ਹਰਦੇਵ ਸਿੰਘ ਕਲੇਰ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਮਨੀਪੁਰ ਰਾਜ ਵਿੱਚ ਹਿੰਸਕ ਘਟਨਾਵਾਂ ਵਾਪਰ ਰਹੀਆਂ ਹਨ। ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਜੇਕਰ ਸਮੇਂ ਸਿਰ ਮਾਮਲੇ ਦੀ ਗੰਭੀਰਤਾ ਨੂੰ ਭਾਂਪਦਿਆਂ ਸਹੀ ਕਦਮ ਚੁੱਕੇ ਹੁੰਦੇ ਤਾਂ ਅੱਜ ਅਜਿਹੀ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਨਾ ਵਾਪਰਦੀ।
ਇਸ ਮੌਕੇ ਗੁਰਚਰਨ ਸਿੰਘ ਤਰਮਾਲਾ, ਸਤਨਾਮ ਸਿੰਘ ਸੱਤਾ, ਅਵਿਨਾਸ਼ ਸੰਧੂ, ਹਰਮਨਦੀਪ ਸਿੰਘ ਬੋਪਾਰਾਏ, ਅਮਨਦੀਪ ਸਿੰਘ ਬੈਂਸ, ਮਲਕੀਤ ਸਿੰਘ ਗੱਗੜ, ਗੁਰਜੀਤ ਸਿੰਘ ਬੀਦੋਵਾਲੀ, ਜਸਪਾਲ ਸਿੰਘ ਟਹਿਣਾ, ਅੰਮ੍ਰਿਤ ਕੌਰ, ਸੀਮਾ ਸੂਦ, ਰੁਪਿੰਦਰ ਕੌਰ, ਬਲਵਿੰਦਰ ਕੌਰ, ਸਵਰਨ ਸਿੰਘ ਤਿਊੜ, ਮਨਜਿੰਦਰ ਸਿੰਘ, ਪ੍ਰੈਸ ਸਕੱਤਰ ਜਸਪ੍ਰੀਤ ਸਿੰਘ ਗਿੱਲ ਵੀ ਮੌਜੂਦ ਸਨ।

Load More Related Articles

Check Also

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ ਮੁਹਾਲੀ …