nabaz-e-punjab.com

ਰੈਵੀਨਿਊ ਪਟਵਾਰ ਤੇ ਕਾਨੂੰਗੋ ਯੂਨੀਅਨ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਪੁਤਲਾ ਸਾੜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ:
ਰੈਵੀਨਿਊ ਪਟਵਾਰ ਅਤੇ ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਅਤੇ ਪਟਵਾਰ ਯੂਨੀਅਨ ਮੁਹਾਲੀ ਦੇ ਪ੍ਰਧਾਨ ਸਤਪਾਲ ਕੰਬੋਜ ਦੀ ਅਗਵਾਈ ਹੇਠ ਅੱਜ ਮੁਹਾਲੀ ਤਹਿਸੀਲ ਦੇ ਬਾਹਰ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸਤਪਾਲ ਕੰਬੋਜ ਅਤੇ ਅਜੀਤ ਸਿੰਘ ਨੇ ਦੱਸਿਆ ਕਿ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿੱਤ ਮੰਤਰੀ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ 1996 ਵਿੱਚ ਇਕੋ ਸਮੇਂ ਦੀ ਭਰਤੀ ਵੇਲੇ ਪਟਵਾਰੀਆਂ ਦੀ ਤਨਖ਼ਾਹ ਵਿੱਚ ਬਹੁਤ ਅੰਤਰ ਹੈ, ਜਿਸ ਨੂੰ ਹੁਣ ਤੱਕ ਦਰੁਸਤ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ 7 ਪਟਵਾਰੀ ਸਰਕਲਾਂ ਪਿੱਛੇ ਇਕ ਫੀਲਡ ਕਾਨੂੰਗੋ ਦੀ ਅਸਾਮੀ ਨੂੰ ਮਨਜ਼ੂਰੀ ਦਿੱਤੀ ਜਾਵੇ, ਪਟਵਾਰੀਆਂ ਨੂੰ ਲੈਪਟਾਪ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ 18 ਮਹੀਨੇ ਦੀ ਟਰੇਨਿੰਗ ਨੂੰ ਪਰਖ ਕਾਲ ਵਿੱਚ ਸ਼ਾਮਲ ਕਰਨ ਲਈ ਕਾਨੂੰਨ ਵਿੱਚ ਲੋੜੀਂਦੀ ਕਾਰਵਾਈ ਕੀਤੀ ਜਾ ਚੁੱਕੀ ਹੈ ਪ੍ਰੰਤੂ ਵਿੱਤ ਵਿਭਾਗ ਵੱਲੋਂ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ ਜਿਸ ਕਾਰਨ 2016 ਵਿੱਚ ਭਰਤੀ ਪਟਵਾਰੀਆਂ ਦਾ ਪਰਖ ਕਾਲ ਸਮਾਂ 4.5 ਸਾਲ ਹੈ ਜੋ ਕਿ ਪਿਛਲੇ ਲਗਭਗ 4 ਸਾਲ ਤੋਂ ਬੱਝਵੀਂ ਤਨਖ਼ਾਹ 10,000 ਰੁਪਏ ਪ੍ਰਤੀ ਮਹੀਨਾ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕਿਸੇ ਵੀ ਮਹਿਕਮੇ ਵਿੱਚ ਏਨਾ ਲੰਮਾਂ ਸਮਾਂ ਪਰਖ-ਕਾਲ ਦਾ ਨਹੀਂ ਹੈ। ਪੰਜਾਬ ਦੇ ਮੁਲਾਜ਼ਮਾਂ ਦੀਆਂ ਡੀਏ ਦੀਆਂ ਕਿਸ਼ਤਾਂ ਬਾਕੀ ਹਨ ਅਤੇ ਛੇਵੇਂ ਤਨਖ਼ਾਹ-ਕਮਿਸ਼ਨ ਨੂੰ ਵੀ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਜਾਇਜ਼ ਮੰਗਾਂ ਨਹੀਂ ਮੰਨਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਤਹਿਸੀਲ ਜਰਨਲ ਸਕੱਤਰ ਗੁਲਜ਼ਾਰ ਸਿੰਘ, ਹਰਵਿੰਦਰ ਸਿੰਘ ਪੋਹਲੀ ਕਾਨੂੰਗੋ ਬਲਜੀਤ ਸਿੰਘ, ਰਜਿੰਦਰ ਸਿੰਘ, ਬਚਿੱਤਰ ਸਿੰਘ ਕਾਨੂੰਗੋ, ਕਮਲ ਸੈਣੀ, ਤੇਜਿੰਦਰ ਸਿੰਘ ਭੱਟੀ, ਸੁਖਪਾਲ ਸਿੰਘ, ਨੀਰਜ ਸਿੰਗਲਾ, ਜਸਵਿੰਦਰ ਸਿੰਘ, ਸੰਜੀਵ ਕੁਮਾਰ ਅਤੇ ਸੋਨਮ ਪਟਵਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…