ਡੀਸੀ ਵੱਲੋਂ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ, ਸਿੱਖਿਆ ਢਾਂਚੇ ਦੀ ਮਜ਼ਬੂਤੀ ’ਤੇ ਜੋਰ

ਮੁਹਾਲੀ ਜ਼ਿਲ੍ਹੇ ਵਿੱਚ ਸਕੂਲ ਆਫ਼ ਐਮੀਨੈਂਸ ਸਬੰਧੀ 75 ਫ਼ੀਸਦੀ ਤੋਂ ਵੱਧ ਕੰਮ ਮੁਕੰਮਲ

ਪੇਂਡੂ ਸਕੂਲਾਂ ਵਿੱਚ 750 ਲੱਖ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਵਿਕਸਤ ਕਰਨ ਦਾ ਦਾਅਵਾ

ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਦੇ ਆਦੇਸ਼

ਨਬਜ਼-ਏ-ਪੰਜਾਬ, ਮੁਹਾਲੀ, 20 ਸਤੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਮੌਜੂਦਾ ਸਮੇਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਵਿੱਚ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਿੱਖਿਆ ਢਾਂਚੇ ਦੀ ਮਜ਼ਬੂਤੀ ’ਤੇ ਜ਼ੋਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਸਕੂਲ ਆਫ਼ ਐਮੀਨੈਂਸ ਸਬੰਧੀ 75 ਫ਼ੀਸਦੀ ਤੋਂ ਵੱਧ ਕੰਮ ਮੁਕੰਮਲ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਪੇਂਡੂ ਸਕੂਲਾਂ ਵਿੱਚ ਕਰੀਬ 750 ਲੱਖ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਵਿਕਸਤ ਕੀਤਾ ਗਿਆ ਹੈ।
ਆਸ਼ਿਕਾ ਜੈਨ ਨੇ ਕਿਹਾ ਕਿ ਸਰਕਾਰੀ ਪ੍ਰਾਜੈਕਟਾਂ ਦੇ ਕਾਰਜਾਂ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਵਤੀਰਾ ਅਪਣਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਿਅਕਤੀਗਤ ਕਿਸਾਨਾਂ ਨੂੰ 495, ਸੁਸਾਇਟੀਆਂ ਨੂੰ 85, ਪੰਚਾਇਤਾਂ ਨੂੰ 111, ਕਿਸਾਨ ਗਰੁੱਪਾਂ ਨੂੰ 33 ਅਤੇ ਐੱਫ਼ਪੀਓ ਨੂੰ 4 ਮਸ਼ੀਨਾਂ ਦੇਣ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੁਲਾਈ ਅਤੇ ਅਗਸਤ ਮਹੀਨੇ ਦੌਰਾਨ 1300 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕੀਤਾ ਗਿਆ। 9 ਪਲੇਸਮੈਂਟ ਕੈਂਪ ਵਿੱਚ 600 ਨੌਜਵਾਨਾਂ ਦੀ ਕੌਂਸਲਿੰਗ ਕਰਨ ਸਮੇਤ 4500 ਨੌਜਵਾਨਾਂ ਦੀ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿੱਚ ਰਜਿਸਟਰੇਸ਼ਨ ਕੀਤੀ ਗਈ ਹੈ।
ਡੀਸੀ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਪਿੰਡਾਂ ਵਿੱਚ 75 ਤਲਾਬ ਬਣਾਉਣ ਦਾ ਟੀਚਾ ਹੈ। ਜਿਨ੍ਹਾਂ ’ਚੋਂ 54 ਤਲਾਬਾਂ ਦਾ ਕੰਮ ਪੂਰਾ ਹੋ ਗਿਆ ਹੈ। ਖੇਡ ਮੈਦਾਨਾਂ, ਪਖਾਨਿਆਂ, ਛੱਪੜਾਂ ਦੀ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਾਜੈਕਟਾਂ, ਨਾਜਾਇਜ਼ ਕਬਜ਼ੇ ਛੁਡਾਉਣ, ਪਿੰਡਾਂ ਦੀ ਦਿੱਖ ਸੁਧਾਰਨ ਬਾਰੇ ਵੱਖ-ਵੱਖ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਤਹਿਤ ਪਿੰਡਾਂ ਵਿੱਚ 3522 ਲੱਖ ਰੁਪਏ ਖਰਚੇ ਜਾਣੇ ਹਨ ਅਤੇ ਹੁਣ ਤੱਕ 1062.19 ਲੱਖ ਰੁਪਏ ਖ਼ਰਚੇ ਜਾ ਚੁੱਕੇ ਹਨ।
ਉਨ੍ਹਾਂ ਬੀਡੀਪੀਓ ਨੂੰ ਪਿੰਡਾਂ ਦੀ ਸਾਫ਼-ਸਫ਼ਾਈ ਸਬੰਧੀ ਖ਼ੁਦ ਨਿਰੀਖਣ ਕਰਨ ਦੇ ਆਦੇਸ਼ ਦਿੰਦਿਆਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਅਤੇ ਸਮੇਂ-ਸਮੇਂ ’ਤੇ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਵੇ। ਇਸ ਮੌਕੇ ਏਡੀਸੀ (ਪੇਂਡੂ ਵਿਕਾਸ) ਗੀਤਿਕਾ ਸਿੰਘ, ਐਸਡੀਐਮ ਚੰਦਰ ਜੋਤੀ ਸਿੰਘ, ਐਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ (ਅੰਡਰ-ਟਰੇਨਿੰਗ) ਡੈਵੀ ਗੋਇਲ, ਡੀਡੀਪੀਓ ਅਮਨਿੰਦਰਪਾਲ ਸਿੰਘ ਚੌਹਾਨ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …