ਡੀਸੀ ਵੱਲੋਂ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ, ਅੰਮ੍ਰਿਤ ਸਰੋਵਰਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਪਿੰਡਾਂ ਵਿੱਚ ਮਨਰੇਗਾ ਸਕੀਮ ਤਹਿਤ ਵੱਧ ਤੋਂ ਵੱਧ ਕੰਮ ਕਰਨ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਾਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਵਤੀਰਾ ਅਪਣਾਉਣ ਵਾਲੇ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡੀਸੀ ਨੇ ਖੇਡ ਮੈਦਾਨਾਂ, ਪਖਾਨਿਆਂ, ਛੱਪੜਾਂ ਦੀ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਾਜੈਕਟਾਂ, ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ, ਪਿੰਡ ਦੀ ਦਿੱਖ ਨੂੰ ਸੁਧਾਰਨ ਹਿੱਤ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਪਿੰਡਾਂ ਵਿੱਚ ‘ਅੰਮ੍ਰਿਤ ਸਰੋਵਰ’ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਤੋਂ ਵੱਧ ਕੰਮ ਕਰਨ ’ਤੇ ਜ਼ੋਰ ਦਿੰਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮਹਾਤਮਾ ਗਾਂਧੀ ਦਿਹਾਤੀ ਰੁਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ-ਵੱਖ ਕਾਰਜ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਗਨਰੇਗਾ ਦਿਹਾਤੀ ਖੇਤਰਾਂ ਵਿਚ ਨਾ ਕੇਵਲ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਂਦਾ ਹੈ ਸਗੋਂ ਇਸ ਨਾਲ ਦਿਹਾਤੀ ਖੇਤਰਾਂ ’ਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਦਾ ਆਰਥਿਕ ਪੱਧਰ ਵੀ ਉੱਚਾ ਹੋ ਰਿਹਾ ਹੈ।
ਸ੍ਰੀਮਤੀ ਆਸ਼ਿਕਾ ਜੈਨ ਨੇ ਮਗਨਰੇਗਾ ਤਹਿਤ ਪਿੰਡਾਂ ਵਿੱਚ ਮਿੰਨੀ ਜੰਗਲ ਵਿਕਸਤ ਕਰਨ, ਸਾਂਝਾ ਜਲ ਤਲਾਬ ਸਕੀਮ ਤਹਿਤ ਹੋਰ ਤਲਾਬ ਬਣਾਉਣ, ਸਕੂਲਾਂ ਵਿੱਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਖੇਡ ਮੈਦਾਨ ਬਣਾਉਣ, ਛੱਪੜਾਂ ਨੂੰ ਸਾਫ਼ ਕਰਨ ਤੇ ਗਾਰ ਕੱਢਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਨਹੀਂ ਕਿਹਾ। ਉਨ੍ਹਾਂ ਨੇ ਮਗਨਰੇਗਾ ਤਹਿਤ ਸ਼ੁਰੂ ਕੀਤੇ ਪ੍ਰਾਜੈਕਟਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਵੀ ਦਿੱਤੇ। ਉਨ੍ਹਾਂ ਵਿਕਾਸ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਖ਼ੁਦ ਫੀਲਡ ਵਿੱਚ ਜਾ ਕੇ ਪ੍ਰਾਜੈਕਟਾਂ ਦੀ ਖ਼ੁਦ ਨਿਗਰਾਨੀ ਕਰਨ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਸਾਫ਼-ਸਫ਼ਾਈ ਉਨ੍ਹਾਂ ਦਾ ਮੁੱਖ ਮਕਸਦ ਹੈ, ਜਿਸ ਲਈ ਜ਼ਿਲ੍ਹੇ ਦੇ ਬੀਡੀਓਜ਼ ਖ਼ੁਦ ਨਿਰੀਖਣ ਕਰਨ ਤਾਂ ਜੋ ਪਿੰਡਾਂ ਨੂੰ ਮਾਡਲ ਪਿੰਡ ਦੇ ਰੂਪ ਵਿੱਚ ਬਦਲਿਆ ਜਾ ਸਕੇ।
ਡੀਸੀ ਨੇ ਬੀਡੀਓਜ਼ ਸਮੇਤ ਸਮੂਹ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਆਖਿਆ। ਉਨ੍ਹਾਂ ਨੇ ਮੁਹਾਲੀ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਛੇਤੀ ਪੂਰਾ ਕਰਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਸਮੇਂ-ਸਮੇਂ ਸਿਰ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਆਖਿਆ ਤਾਂ ਜੋ ਸਾਰੇ ਕੰਮ ਸਹੀ ਢੰਗ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣ। ਇਸ ਮੌਕੇ ਏਡੀਸੀ (ਵਿਕਾਸ) ਨਵਨੀਤ ਕੌਰ, ਐਸਡੀਐਮ ਸਰਬਜੀਤ ਕੌਰ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਐਸਡੀਐਮ ਖਰੜ ਰਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…