
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਾਲੀ ਦੇ ਸ਼ਹਿਰੀ ਤੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ
ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਵੱਖ-ਵੱਖ ਪ੍ਰਾਜੈਕਟਾਂ ਦਾ ਕੰਮ ਛੇਤੀ ਮੁਕੰਮਲ ਕਰਨ ’ਤੇ ਜ਼ੋਰ
ਨਬਜ਼-ਏ-ਪੰਜਾਬ, ਮੁਹਾਲੀ, 30 ਅਗਸਤ:
ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਿਸ ਗੀਤਿਕਾ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਵੱਖੋ-ਵੱਖਰੇ ਤੌਰ ’ਤੇ ਪੇਂਡੂ ਅਤੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਮੁਹਾਲੀ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਦੋਵਾਂ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਦੌਰਾਨ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੇਟ-ਲਤੀਫ਼ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਏਡੀਸੀ (ਪੇਂਡੂ ਵਿਕਾਸ) ਮਿਸ ਗੀਤਿਕਾ ਸਿੰਘ ਨੇ ਖੇਡ ਮੈਦਾਨਾਂ, ਪਖਾਨਿਆਂ, ਛੱਪੜਾਂ ਦੀ ਸਾਫ਼-ਸਫਾਈ, ਪੀਣ ਵਾਲੇ ਪਾਣੀ ਦੇ ਪ੍ਰਾਜੈਕਟਾਂ, ਨਾਜਾਇਜ਼ ਕਬਜ਼ੇ ਛੁਡਾਉਣ, ਪਿੰਡ ਦੀ ਦਿੱਖ ਸੁਧਾਰਨ ਲਈ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਮਹਾਤਮਾ ਗਾਂਧੀ ਦਿਹਾਤੀ ਰੁਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ-ਵੱਖ ਕਾਰਜ ਕਰਵਾਉਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਪਿੰਡਾਂ ਵਿੱਚ ਬੂਟੇ ਲਗਾਉਣ, ਸਾਂਝੇ ਜਲ ਤਾਲਾਬ ਬਣਾਉਣ, ਸਕੂਲਾਂ ਵਿੱਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਛੱਪੜਾਂ ਦੀ ਸਫ਼ਾਈ ’ਤੇ ਜ਼ੋਰ ਦਿੱਤਾ।
ਉਧਰ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਸ਼ਹਿਰੀ ਖੇਤਰ ਵਿੱਚ ਵੱਖ-ਵੱਖ ਥਾਵਾਂ ’ਤੇ ਚਲ ਰਹੇ ਵਿਕਾਸ ਕਾਰਜ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਇਨ੍ਹਾਂ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਨੇ ਮੁਹਾਲੀ ਨਗਰ ਨਿਗਮ ਸਮੇਤ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਆਪਣੇ ਖੇਤਰ ਵਿੱਚ ਸੀਵਰੇਜ ਅਤੇ ਪਾਣੀ ਦੀ ਸਪਲਾਈ ਵੱਲ ਧਿਆਨ ਦੇਣ ਦੇ ਆਦੇਸ਼ ਦਿੱਤੇ ਅਤੇ ਐਸਡੀਐਮਜ਼ ਨੂੰ ਟਿਊਬਵੈੱਲ ਲਗਾਉਣ ਸਬੰਧੀ ਲੰਬਿਤ ਕੰਮ ਜਲਦੀ ਨਿਪਟਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਸੌਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਬਲਕ ਵੇਸਟ ਜਨਰੇਟਰਜ਼ ਸਬੰਧੀ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਮੀਟਿੰਗਾਂ ਵਿੱਚ ਮੁਹਾਲੀ ਦੇ ਐਸਡੀਐਮ ਚੰਦਰ ਜੋਤੀ ਸਿੰਘ, ਐਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਡੈਵੀ ਗੋਇਲ, ਡੀਡੀਪੀਓ ਅਮਰਿੰਦਰ ਪਾਲ ਸਿੰਘ ਚੌਹਾਨ ਸਮੇਤ ਨਗਰ ਨਿਗਮ ਤੇ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀ ਮੌਜੂਦ ਸਨ।