nabaz-e-punjab.com

ਮੰਤਰੀ ਮੰਡਲ ਵੱਲੋਂ ਰਾਈਫਲ ਸ਼ੂਟਰ ਅਜੀਤੇਸ਼ ਕੌਸ਼ਲ ਨੂੰ ਪੰਜਾਬ ਪੁਲੀਸ ’ਚ ਸਬ-ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ

ਪੰਜਾਬ ਪੁਲੀਸ ਅਕੈਡਮੀ ਫਿਲੌਰ ਦੇ ਤਿੰਨ ਲੈਕਚਰਾਰਾਂ ਦੀਆਂ ਸੇਵਾਵਾਂ ਰੈਗੂਲਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਦਸੰਬਰ:
ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਖਾਸ ਕਰਕੇ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਦੇ ਬਿਹਤਰ ਮੌੌਕੇ ਪ੍ਰਦਾਨ ਦੇ ਉਦੇਸ਼ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕੌਮਾਂਤਰੀ ਪ੍ਰਸਿੱਧੀ ਹਾਸਲ ਰਾਈਫਲ ਸ਼ੂਟਰ ਅਜੀਤੇਸ਼ ਕੌਸ਼ਲ ਨੂੰ ਪੰਜਾਬ ਪੁਲੀਸ ਵਿੱਚ ਸਬ-ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਅਜੀਤੇਸ਼ ਕੌਸ਼ਲ ਨੇ ਸੂਬਾਈ, ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਹੁਣ ਤੱਕ 85 ਤਮਗੇ ਹਾਸਲ ਕੀਤੇ ਹਨ। ਸੂਬੇ ਦੇ ਖੇਡ ਵਿਭਾਗ ਨੇ ਉਸ ਦੇ ਵਿਲੱਖਣ ਖੇਡ ਪ੍ਰਦਰਸ਼ਨ ਲਈ ‘ਏ’ ਗ੍ਰੇਡ ਖਿਡਾਰੀ ਵਜੋਂ ਸ਼੍ਰੇਣੀਬੱਧ ਕੀਤਾ ਅਤੇ ਇਸ ਤੋਂ ਪਹਿਲਾਂ 5.22 ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਵੀ ਕੀਤਾ। ਜ਼ਿਕਰਯੋਗ ਹੈ ਕਿ ਅਜੀਤੇਸ਼ ਦੇ ਪਿਤਾ ਰਾਕੇਸ਼ ਕੌਸ਼ਲ ਪੀ.ਪੀ.ਐਸ. ਅਧਿਕਾਰੀ ਹਨ ਜੋ ਇਸ ਵੇਲੇ ਮੁਹਾਲੀ ਵਿਖੇ ਤੀਜੀ ਬਟਾਲੀਅਨ ਦੇ ਕਮਾਂਡੈਂਟ ਹਨ ਜਿਨ੍ਹਾਂ ਨੇ ਪੰਜਾਬ ਵਿੱਚ ਅੱਤਵਾਦ ਖਿਲਾਫ ਮੂਹਰੇ ਹੋ ਕੇ ਲੜਾਈ ਲੜੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮੰਤਰੀ ਮੰਡਲ ਨੇ ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਜਿਸ ਨੇ ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਵਿੱਚ ਸ਼ਾਨਦਾਰ ਪਾਰੀ ਖੇਡਦਿਆਂ 171 ਦੌੜਾਂ ਬਣਾ ਕੇ ਨਾਮਣਾ ਖੱਟਿਆ ਸੀ, ਨੂੰ ਵੀ ਲੰਘੀ 24 ਅਗਸਤ ਨੂੰ ਪੰਜਾਬ ਪੁਲੀਸ ਵਿੱਚ ਡੀ.ਐਸ.ਪੀ. ਨਿਯੁਕਤ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਮੁੱਖ ਮੰਤਰੀ ਨੇ ਹਰਮਨਪ੍ਰੀਤ ਕੌਰ ਵੱਲੋਂ ਕੀਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਤੋਂ ਬਾਅਦ ਡੀ.ਐਸ.ਪੀ. ਦੇ ਅਹੁਦੇ ਲਈ ਪੇਸ਼ਕਸ਼ ਕੀਤੀ ਸੀ। ਮੰਤਰੀ ਮੰਡਲ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ, ਫਿਲੌਰ ਵਿਖੇ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਤਿੰਨ ਲੈਕਚਰਾਰਾਂ ਦੀਆਂ ਸੇਵਾਵਾਂ ਨਿਯਮਤ ਕਰ ਦਿੱਤੀਆਂ ਹਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ 19 ਲਾਅ ਅਫਸਰਾਂ ਦੀਆਂ ਸੇਵਾਵਾਂ ਨਿਯਮਤ ਕਰਨ ਸਬੰਧੀ ਦਿੱਤੇ ਹੁਕਮਾਂ ਦੇ ਮੁਤਾਬਕ ਹੀ ਡਾ. ਜਸਵਿੰਦਰ ਸਿੰਘ, ਡਾ. ਹਰਜੀਤ ਸਿੰਘ ਅਤੇ ਡਾ. ਹਰੂਨ ਨਈਮ ਖਾਨ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…