ਮੁਹਾਲੀ ਦੀ ਫੈਕਟਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਲੁਟੇਰੇ ਕਾਬੂ, ਅਸਲਾ ਬਰਾਮਦ

ਮੁੱਖ ਮੁਲਜ਼ਮ ਰਾਜੀਵ ਕੁਮਾਰ ਖ਼ਿਲਾਫ਼ ਹਰਿਆਣਾ ਵਿੱਚ ਕਤਲ ਤੇ ਲੁੱਟ-ਖੋਹ ਦੇ 9 ਮਾਮਲੇ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੁਲਾਈ:
ਮੁਹਾਲੀ ਪੁਲੀਸ ਨੇ ਦੋ ਲੁਟੇਰਿਆਂ ਨੂੰ ਅਸਲੇ ਸਣੇ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੋਵੇਂ ਮੁਲਜ਼ਮ ਇੱਥੋਂ ਦੇ ਸਨਅਤੀ ਏਰੀਆ ਫੇਜ਼-8 ਵਿੱਚ ਇਕ ਫੈਕਟਰੀ ਵਿੱਚ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸੀ ਕਿ ਐਨ ਮੌਕੇ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਰਾਜੀਵ ਕੁਮਾਰ ਵਾਸੀ ਕੈਥਲ (ਹਰਿਆਣਾ) ਅਤੇ ਰਵੀ ਕੁਮਾਰ ਵਾਸੀ ਅਲੀਗੜ੍ਹ (ਯੂਪੀ) ਦੇ ਖ਼ਿਲਾਫ਼ ਫੇਜ਼-1 ਥਾਣੇ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਨਅਤੀ ਏਰੀਆ ਵਿੱਚ ਡੰਪਿੰਗ ਗਰਾਊਂਡ ਦੇ ਨੇੜੇ ਦੋ ਵਿਅਕਤੀ ਸ਼ੱਕੀ ਹਾਲਤ ਵਿੱਚ ਘੁੰਮ ਰਹੇ ਹਨ, ਜਿਨ੍ਹਾਂ ਕੋਲ ਅਸਲਾ ਵੀ ਹੋ ਸਕਦਾ ਹੈ। ਸੂਚਨਾ ਮਿਲਦੇ ਹੀ ਸਨਅਤੀ ਏਰੀਆ ਪੁਲੀਸ ਚੌਕੀ ਦੇ ਇੰਚਾਰਜ ਅਵਤਾਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਛਾਪੇਮਾਰੀ ਕਰਕੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਕੋਲੋਂ ਇਕ .32 ਬੋਰ ਦਾ ਰਿਵਾਲਵਰ (ਦੇਸੀ ਕੱਟਾ) ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਥਾਣਾ ਮੁਖੀ ਨੇ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਮੁਹਾਲੀ ਦੀ ਕਿਸੇ ਫੈਕਟਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਫਿਰ ਕੇ ਫੈਕਟਰੀਆਂ ਦੀ ਰੈਕੀ ਕਰ ਰਹੇ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਅਤੇ ਕਰੋਨਾ ਟੈੱਸਟ ਕਰਵਾਇਆ ਗਿਆ।
ਸਨਅਤੀ ਏਰੀਆ ਪੁਲੀਸ ਚੌਕੀ ਦੇ ਇੰਚਾਰਜ ਅਵਤਾਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੁਲਜ਼ਮ ਰਾਜੀਵ ਕੁਮਾਰ ਦੇ ਖ਼ਿਲਾਫ਼ ਪਹਿਲਾਂ ਹੀ ਹਰਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਕਤਲ ਅਤੇ ਲੁੱਟ-ਖੋਹ ਦੇ 9 ਕੇਸ ਦਰਜ ਹਨ। ਕਤਲ ਦੇ ਇਕ ਕੇਸ ਵਿੱਚ ਮੁਲਜ਼ਮ ਨੂੰ ਸਜ਼ਾ ਵੀ ਹੋਈ ਹੈ ਅਤੇ ਤਿੰਨ ਕੇਸਾਂ ਵਿੱਚ ਭਗੌੜਾ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਲੁੱਟਾਂ-ਖੋਹਾਂ ਦੇ ਮਾਮਲਿਆਂ ਸਬੰਧੀ ਹੋਰ ਅਹਿਮ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…