ਦੇਸ਼ ਵਿੱਚ ਰੰਗ, ਨਸਲ, ਧਰਮ ਤੇ ਜਾਤ ਆਧਾਰਿਤ ਵਿਤਕਰੇ ਦੀ ਕੋਈ ਗੁੰਜਾਇਸ਼ ਨਹੀਂ: ਲਾਲਪੁਰਾ

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਮੁਹਾਲੀ ਦਾ ਕੀਤਾ ਦੌਰਾ

ਸਿਵਲ ਤੇ ਪੁਲੀਸ ਅਫ਼ਸਰਾਂ ਨਾਲ ਮੀਟਿੰਗ ਕਰਕੇ ਘੱਟ ਗਿਣਤੀਆਂ ਲਈ ਸਕੀਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ:
ਇੱਥੋਂ ਦੇ ਸੈਕਟਰ67 ਸਥਿਤ ਨਾਈਪਰ ਇੰਸਟੀਚਿਊਟ ਵਿਖੇ ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਿਵਲ ਅਤੇ ਪੁਲੀਸ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਾਨੂੰ ਘੱਟ ਗਿਣਤੀਆਂ ਨਾਲ ਸਮਾਨਤਾ ਤੇ ਸਦਭਾਵ ਨਾਲ ਵਿਵਹਾਰ ਕਰਨਾ ਚਾਹੀਦਾ ਹੈ ਅਤੇ ਅਧਿਕਾਰੀਆਂ ਨੂੰ ਘੱਟ ਗਿਣਤੀਆਂ ਖ਼ਿਲਾਫ਼ ਰੰਗ, ਨਸਲ ਭੇਦ, ਧਰਮ ਅਤੇ ਜਾਤ ਆਧਾਰਿਤ ਕਿਸੇ ਤਰ੍ਹਾਂ ਦਾ ਵਿਤਕਰਾ ਜਾਂ ਅਤਿਆਚਾਰ ਰੋਕਣ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਭਾਰਤ ਦੇ ਸੰਵਿਧਾਨਕ ਢਾਂਚੇ ਮੁਤਾਬਕ ਦੇਸ਼ ਵਿੱਚ ਘੱਟ ਗਿਣਤੀਆਂ ਖ਼ਿਲਾਫ਼ ਕਿਸੇ ਤਰ੍ਹਾਂ ਦਾ ਵਿਤਕਰਾ ਸੰਭਵ ਨਹੀਂ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਾਲਪੁਰਾ ਨੇ ਦੱਸਿਆ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ 15 ਨੁਕਾਤੀ ਪ੍ਰੋਗਰਾਮ ਨੂੰ ਅਮਲ ਵਿੱਚ ਲਿਆਉਣ ਲਈ ਹਰ ਸੰਭਵ ਯਤਨ ਕਰੇਗਾ। ਜਿਸ ਦਾ ਮੁੱਖ ਏਜੰਡਾ ਭਾਰਤ ਵਿੱਚ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣਾ ਹੈ। ਉਨ੍ਹਾਂ ਦੱਸਿਆ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਮੁੱਖ ਤੌਰ ’ਤੇ 6 ਘੱਟ ਗਿਣਤੀਆਂ ਜਿਨ੍ਹਾਂ ਵਿੱਚ ਮੁਸਲਿਮ, ਈਸਾਈ, ਸਿੱਖ, ਜੈਨੀ, ਬੋਧੀ ਅਤੇ ਪਾਰਸੀ ਸ਼ਾਮਲ ਹਨ ਦੀ ਭਲਾਈ ਲਈ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਘੱਟ ਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਪ੍ਰਾਇਮਰੀ ਜਮਾਤ ਤੋਂ ਪੀਐਚਡੀ ਤੱਕ ਦੀ ਪੜਾਈ ਲਈ ਵਿੱਤੀ ਮਦਦ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਘੱਟ ਗਿਣਤੀ ਦੇ ਬੱਚੇ ਨੇ ਆਈਏਐਸ ਦੀ ਪ੍ਰੀਖਿਆ ਦਾ ਮੁੱਢਲਾ ਦਾ ਟੈਸਟ ਪਾਸ ਕਰ ਲਿਆ ਹੈ ਤਾਂ ਉਸ ਨੂੰ ਮੁੱਖ ਪ੍ਰੀਖਿਆ ਅਤੇ ਇੰਟਰਵਿਊ ਲਈ ਵੀ ਮਾਇਕ ਮਦਦ ਮਿਲਦੀ ਹੈ ਜੋ ਨਾ ਮੋੜਨਯੋਗ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਵਿੱਚ ਪੜਾਈ ਲਈ ਵਿਦਿਆਰਥੀਆਂ ਦੇ ਦਾਖ਼ਲੇ ਉਪਰੰਤ ਅਗਲੀ ਪੜਾਈ ਲਈ 15 ਲੱਖ ਰੁਪਏ ਤੱਕ ਦਾ ਲੋਨ 6 ਫੀਸਦੀ ਸਾਲਾਨਾ ਵਿਆਜ ’ਤੇ ਦਿੱਤਾ ਜਾਂਦਾ ਹੈ।
ਸ੍ਰੀ ਲਾਲਪੁਰਾ ਨੇ ਦੱਸਿਆ ਕਿ ਘੱਟ ਗਿਣਤੀਆਂ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ 20 ਲੱਖ ਰੁਪਏ ਤੱਕ ਦਾ ਲੋਨ 6ਫੀਸਦੀ ਵਿਆਜ ਤੇ ਦਿੱਤਾ ਜਾਂਦਾ ਹੈ ਅਤੇ ਜੇਕਰ ਲੋਨ ਕਿਸੇ ਅੌਰਤ ਨੇ ਲੈਣਾ ਹੈ ਤਾਂ ਵਿਆਜ ਦੀ ਦਰ 4 ਫੀਸਦੀ ਸਾਲਾਨਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਆਪਣਾ ਕਿੱਤਾ ਸਥਾਪਤ ਕਰਨ ਲਈ ਵੱਧ ਤੋਂ ਵੱਧ 30 ਲੱਖ ਰੁਪਏ ਦਾ ਕਰਜ਼ਾ 8 ਫੀਸਦੀ ਵਿਆਜ ਦਰ ਤੇ ਦਿੱਤਾ ਜਾਂਦਾ ਹੈ।
ਇਸ ਤੋਂ ਪਹਿਲਾ ਲਾਲਪੁਰਾ ਨੇ ਜ਼ਿਲ੍ਹਾ ਪ੍ਰਸ਼ਾਸਕ ਦੇ ਸੀਨੀਅਰ ਅਫ਼ਸਰਾਂ ਤੇ ਪੁਲੀਸ ਅਧਿਕਾਰੀਆਂਨੂੰ ਨਿਰਦੇਸ਼ ਦਿੱਤੇ ਕਿ ਫਿਰਕੂ ਗੜਬੜੀ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਤੁਰੰਤ ਐਕਸ਼ਨ ਲੈ ਕੇ ਹੱਲ ਕੱਢਣਾ ਚਾਹੀਦਾ ਹੈ ਤਾਂ ਜੋ ਸਮਾਜ ਵਿੱਚ ਫਿਰਕੂ ਸਦਭਾਵ ਬਣਿਆ ਰਹੇ। ਉਂਜ ਚੇਅਰਮੈਨ ਨੇ ਜ਼ਿਲ੍ਹਾ ਮੁਹਾਲੀ ਪ੍ਰਸ਼ਾਸਨ ਦੇ ਕੰਮ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਮੀਟਿੰਗ ਵਿੱਚ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐਸਪੀ (ਐੱਚ) ਰਵਿੰਦਰਪਾਲ ਸਿੰਘ, ਐਸਡੀਐਮ ਹਰਬੰਸ ਸਿੰਘ, ਐਸਡੀਐਮ ਖਰੜ ਅਬਿਕੇਸ਼ ਗੁਪਤਾ, ਐਸਡੀਐਮ ਡੇਰਾਬੱਸੀ ਸ੍ਰੀਮਤੀ ਸਵਾਤੀ ਟਿਵਾਣਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…