Nabaz-e-punjab.com

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਮਾਮਲੇ ਵਿੱਚ ਰੂਪਨਗਰ ਦਾ ਥਾਣੇਦਾਰ ਗ੍ਰਿਫ਼ਤਾਰ, ਭ੍ਰਿਸ਼ਟਾਚਾਰ ਦਾ ਕੇਸ ਦਰਜ

ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਹੋਏ ਝਗੜੇ ਵਿੱਚ ਹਮਲਾਵਰਾਂ ਖ਼ਿਲਾਫ਼ ਰਾਜ਼ੀਨਾਮਾ ਕਰਨ ਦਾ ਦਬਾਅ ਪਾਉਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਮੁਹਾਲੀ ਵਿਜੀਲੈਂਸ ਦੇ ਇੰਸਪੈਕਟਰ ਇੰਦਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਰੂਪਨਗਰ ਸਿਟੀ ਥਾਣੇ ਵਿੱਚ ਤਾਇਨਾਤ ਏਐਸਆਈ ਇੰਦਰਪਾਲ ਸਿੰਘ ਨੂੰ 6 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਸੁੱਚਾ ਸਿੰਘ ਵਾਸੀ ਪਿੰਡ ਕਠਿਆਣ, ਹਮੀਰਪੁਰ (ਹਿਮਾਚਲ ਪ੍ਰਦੇਸ਼) ਦੀ ਸ਼ਿਕਾਇਤ ’ਤੇ ਮੁਲਜ਼ਮ ਥਾਣੇਦਾਰ ਦੇ ਖ਼ਿਲਾਫ਼ ਵਿਜੀਲੈਂਸ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਡੀਐਸਪੀ ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸੁੱਚਾ ਸਿੰਘ ਨੇ ਵਿਜੀਲੈਂਸ ਦਫ਼ਤਰ ਵਿੱਚ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਭਰਾ ਦੀਪਕ ਪਠਾਣੀਆਂ ਦਾ ਵਿਨੋਦ ਕੁਮਾਰ ਵਾਸੀ ਪਾਵਰ ਕਲੋਨੀ ਰੂਪਨਗਰ ਨਾਲ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਝਗੜਾ ਹੋਇਆ ਸੀ। ਬੀਤੀ 26 ਫਰਵਰੀ ਨੂੰ ਵਿਨੋਦ ਕੁਮਾਰ ਤੇ ਕੁਝ ਹੋਰਨਾਂ ਵੱਲੋਂ ਉਸ ਦੇ ਭਰਾ ਦੀਪਕ ਪਠਾਣੀਆਂ ਦੀ ਕੁੱਟਮਾਰ ਕੀਤੀ ਗਈ ਸੀ। ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਸਰਕਾਰੀ ਹਸਪਤਾਲ ਰੂਪਨਗਰ ਵਿੱਚ ਦਾਖ਼ਲ ਕਰਵਾਇਆ ਗਿਆ। ਮੈਡੀਕਲ ਰਿਪੋਰਟ ਅਤੇ ਪੀੜਤ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਦੂਜੀ ਧਿਰ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਥਾਣਾ ਸਿਟੀ ਰੂਪਨਗਰ ਦੇ ਏਐਸਆਈ ਇੰਦਰਪਾਲ ਸਿੰਘ ਜਾਂਚ ਕਰ ਰਹੇ ਸੀ। ਪ੍ਰੰਤੂ ਪੁਲੀਸ ਨੇ ਹਮਲਾਵਰਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਜ਼ਖ਼ਮੀ ਦੀਪਕ ਪਠਾਣੀਆਂ ਦੇ ਭਰਾ ਅਤੇ ਸ਼ਿਕਾਇਤ ਕਰਤਾ ਸੁੱਚਾ ਸਿੰਘ ਨੂੰ ਥਾਣੇ ਸੱਦ ਕੇ ਦਬਾਅ ਪਾਇਆ ਗਿਆ ਕਿ ਹਮਲਾਵਰ ਵਿਨੋਦ ਕੁਮਾਰ ਅਤੇ ਹੋਰਨਾਂ ਨਾਲ ਰਾਜ਼ੀਨਾਮਾ ਕੀਤਾ ਜਾਵੇ। ਨਹੀਂ ਤਾਂ ਉਸ ਦੇ ਖ਼ਿਲਾਫ਼ ਵਿਨੋਦ ਕੁਮਾਰ ਦੀ ਪਤਨੀ ਨਾਲ ਛੇੜਛਾੜ ਅਤੇ ਅਗਵਾ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਜਾਵੇਗਾ।
ਵਿਜੀਲੈਂਸ ਨੂੰ ਮਿਲੀ ਸ਼ਿਕਾਇਤ ਅਨੁਸਾਰ ਥਾਣੇਦਾਰ ਨੇ ਪੀੜਤ ਪਰਿਵਾਰ ਨੂੰ ਡਰਾ ਧਮਕਾ ਕੇ ਇਸ ਕੇਸ ’ਚੋਂ ਬਚਣ ਲਈ 10 ਹਜ਼ਾਰ ਦੇਣ ਲਈ ਆਖਿਆ ਅਤੇ ਸੌਦਾ 9 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਇਸ ਤਰ੍ਹਾਂ ਥਾਣੇਦਾਰ ਇੰਦਰਪਾਲ ਸਿੰਘ ਨੇ 3 ਹਜ਼ਾਰ ਰੁਪਏ ਪਹਿਲਾਂ ਹੀ ਵਸੂਲ ਕਰ ਲਏ ਸੀ ਪ੍ਰੰਤੂ ਇਸ ਦੇ ਬਾਵਜੂਦ ਥਾਣੇਦਾਰ ਨੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਨਹੀਂ ਕੀਤਾ। ਜਿਸ ਕਾਰਨ ਸੁੱਚਾ ਸਿੰਘ ਨੇ ਵਿਜੀਲੈਂਸ ਦਫ਼ਤਰ ਮੁਹਾਲੀ ਵਿੱਚ ਲਿਖਤੀ ਸ਼ਿਕਾਇਤ ਦੇ ਕੇ ਪੁਲੀਸ ਦੀਆਂ ਵਧੀਕੀਆਂ ਬਾਰੇ ਦੱਸਿਆ ਗਿਆ। ਵਿਜੀਲੈਂਸ ਨੇ ਸ਼ਿਕਾਇਤ ਨੂੰ ਆਧਾਰ ਬਣਾ ਕੇ ਅੱਜ ਏਐਸਆਈ ਇੰਦਰਪਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤ ਕਰਤਾ ਕੋਲੋਂ ਦੂਜੀ ਕਿਸ਼ਤ 6 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਥਾਣੇਦਾਰ ਨੂੰ ਭਲਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…