
ਚੰਡੀਗੜ੍ਹ ਦੀ ਤਰਜ਼ ’ਤੇ ਮੁਹਾਲੀ ਵਿੱਚ ਜਲਦੀ ਬਣਨਗੇ ਗੋਲ ਚੌਂਕ: ਕੁਲਵੰਤ ਸਿੰਘ
ਸੜਕ ਦੁਰਘਟਨਾਵਾਂ ਦੇ ਮੱਦੇਨਜ਼ਰ ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਚੁੱਕਿਆ ਮੁੱਦਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਮੁਹਾਲੀ ਵਿੱਚ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਟਰੈਫ਼ਿਕ ਸਮੱਸਿਆ ਤੋਂ ਛੁਟਕਾਰਾ ਮਿਲਣ ਅਤੇ ਸੜਕ ਹਾਦਸਿਆਂ ਨੂੰ ਠੱਲ੍ਹ ਪੈਣ ਦੀ ਆਸ ਬੱਝ ਗਈ ਹੈ। ਉਪਰੋਕਤ ਸਮੱਸਿਆਵਾਂ ਨਾਲ ਨਜਿੱਠਣ ਲਈ ਮੁਹਾਲੀ ਦੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੂਰੀ ਦ੍ਰਿੜਤਾ ਨਾਲ ਇਹ ਮੁੱਦਾ ਚੁੱਕਿਆ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੁਹਾਲੀ ਕੌਮਾਂਤਰੀ ਏਅਰਪੋਰਟ ਚੌਂਕ ਤੋਂ ਲੈ ਕੇ ਨਿਊ ਸੰਨ੍ਹੀ ਐਨਕਲੇਵ ਟੀ-ਪੁਆਇੰਟ ਤੱਕ ਟਰੈਫ਼ਿਕ ਪ੍ਰਭਾਵਿਤ ਚੌਂਕਾਂ ਦੀ ਕਾਇਆ-ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਅਤਿ-ਸੰਵੇਦਨਸ਼ੀਲ ਚੌਂਕ ਹਨ, ਜਿੱਥੇ ਰੋਜ਼ਾਨਾ ਸੜਕ ਦੁਰਘਟਨਾਵਾਂ ਵਾਪਰਦੀਆਂ ਹਨ ਅਤੇ ਹੁਣ ਤੱਕ ਕਾਫ਼ੀ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਉਨ੍ਹਾਂ ਮੰਗ ਰੱਖੀ ਕਿ ਆਵਾਜਾਈ ਸਮੱਸਿਆ ਅਤੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਢੁਕਵੇਂ ਪ੍ਰਬੰਧ ਕਰਨ ਦੀ ਸਖ਼ਤ ਲੋੜ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅਜਿਹਾ ਹੋਣ ਨਾਲ ਨਾ ਸਿਰਫ਼ ਆਵਾਜਾਈ ਸਮੱਸਿਆ ਹੱਲ ਹੋਵੇਗੀ ਅਤੇ ਹਾਦਸੇ ਘਟਣਗੇ, ਬਲਕਿ ਸ਼ਹਿਰ ਦੀ ਸੁੰਦਰਤਾ ਨੂੰ ਵੀ ਚਾਰ ਚੰਨ ਲੱਗਣਗੇ। ਉਨ੍ਹਾਂ ਨੇ ਮੁਹਾਲੀ ਵਿੱਚ ਟਰੈਫ਼ਿਕ ਸਮੱਸਿਆ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਸ਼ਹਿਰ ਵਿੱਚ ਚੰਡੀਗੜ੍ਹ ਦੀ ਤਰਜ਼ ’ਤੇ ਗੋਲ ਚੌਂਕ ਬਣਾਏ ਜਾਣ। ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਸ਼ਹਿਰ ਵਿੱਚ 16 ਚੌਂਕ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਮੁਹਾਲੀ ਹਲਕੇ ਦੇ ਵਸਨੀਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੜਾਅਵਾਰ ਪੂਰਾ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ।
ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ (ਪੁੱਡਾ) ਮੰਤਰੀ ਅਮਨ ਅਰੋੜਾ ਨੇ ‘ਆਪ’ ਵਿਧਾਇਕ ਦੀ ਉਪਰੋਕਤ ਮੰਗ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਜਿਹੜੀਆਂ ਮੰਗਾਂ ਦਾ ਜ਼ਿਕਰ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ ਹੈ, ਉਨ੍ਹਾਂ ਨੂੰ ਤਿੰਨ ਪੜਾਵਾਂ ਵਿੱਚ ਮੁਕੰਮਲ ਕੀਤਾ ਜਾਵੇਗਾ। ਇਸ ਸਬੰਧੀ ਗਮਾਡਾ ਅਤੇ ਪੁੱਡਾ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਠੋਸ ਕਦਮ ਚੁੱਕਣ ਅਤੇ ਗੋਲ ਚੌਂਕ ਬਣਾਉਣ ’ਤੇ ਆਉਣ ਵਾਲੇ ਖ਼ਰਚੇ ਦਾ ਐਸਟੀਮੇਟ ਬਣਾ ਕੇ ਭੇਜਣ ਦੇ ਆਦੇਸ਼ ਦਿੱਤੇ ਜਾਣਗੇ ਅਤੇ ਲੋਕ ਹਿੱਤ ਵਿੱਚ ਜਲਦੀ ਹੀ ਇਸ ਪ੍ਰਾਜੈਕਟ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
ਪੁੱਡਾ ਮੰਤਰੀ ਨੇ ਵਿਧਾਇਕ ਕੁਲਵੰਤ ਸਿੰਘ ਨੂੰ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਮੁਹਾਲੀ ਨਾਲ ਪੁਰਾਣਾ ਨਾਤਾ ਹੈ ਅਤੇ ਉਹ ਵੀ ਸਮੇਂ ਸਮੇਂ ਸਿਰ ਇਸ ਖੇਤਰ ਦੇ ਵਿਕਾਸ ਲਈ ਹਦਾਇਤਾਂ ਜਾਰੀ ਕਰਨ ਅਤੇ ਸਮੀਖਿਆ ਕਰਦੇ ਰਹਿੰਦੇ ਹਨ।