ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕੰਪਿਊਟਰ ਮੁਹੱਈਆ ਕਰਵਾਉਣ ਲਈ 10 ਕਰੋੜ ਰੁਪਏ ਖਰਚ ਕੀਤੇ ਜਾਣਗੇ: ਸਿੱਧੂ

ਵਿਧਾਇਕ ਬਲਬੀਰ ਸਿੱਧੂ ਨੇ ਸਰਕਾਰੀ ਸਕੂਲ ਸੈਦਪੁਰ ਵਿੱਚ ਪੰਜ ਸਕੂਲਾਂ ਦੇ ਬੱਚਿਆਂ ਨੂੰ ਵੰਡੀਆਂ ਮੁਫ਼ਤ ਜਰਸੀਆਂ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਦਸੰਬਰ:
ਅਜੋਕਾ ਸਮਾਂ ਕੰਪਿਊਟਰ ਦੇੇ ਨਾਲ ਨਾਲ ਮੁਕਾਬਲੇ ਦਾ ਵੀ ਯੁੱਗ ਹੈ। ਇਸ ਲਈ ਸਾਨੂੰ ਮੁੱਢ ਤੋਂ ਹੀ ਬੱਚਿਆਂ ਨੂੰ ਕੰਪਿਊਟਰ ਸਿੱਖਿਆ ਦੇ ਨਾਲ ਨਾਲ ਮਿਆਰੀ ਸਿੱਖਿਆ ਦੇਣ ਦਾ ਵੀ ਪ੍ਰਬੰਧ ਕਰਨਾ ਪਵੇਗਾ ਤਾਂ ਹੀ ਸਾਡੇ ਬੱਚੇ ਇਸ ਮੁਕਾਬਲੇ ਦੇ ਯੁੱਗ ਵਿਚ ਸਫਲ ਹੋ ਸਕਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਸ: ਬਲਬੀਰ ਸਿੰਘ ਸਿੱਧੂ ਨੇ ਪਿੰਡ ਸੈਦਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਗਿਦੜਪੁਰ, ਚਡਿਆਲਾ ਸੂਦਾ, ਪੱਤੜਾਂ ਅਤੇ ਸੋਏ ਮਾਜਰੇ ਦੇ ਕਰੀਬ 340 ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਸ਼ਾਹਪੁਰ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੁਫ਼ਤ ਜਰਸੀਆਂ ਵੰਡਣ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕੰਪਿਊਟਰ ਮੁਹੱਈਆ ਕਰਵਾਉਣ ’ਤੇ 10 ਕਰੋੜ ਰੁਪਏ ਖਰਚ ਕਰੇਗੀ ਤਾਂ ਜੋ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਕੰਪਿਊਟਰ ਦੀ ਮੁੱਢਲੀ ਸਿੱਖਿਆ ਦਾ ਗਿਆਨ ਹੋ ਸਕੇ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਪ੍ਰਾਇਮਰੀ ਸਿੱਖਿਆ ਵੱਲ ਕੋਈ ਤਵੱਜੋ ਨਹੀਂ ਦਿੱਤੀ ਗਈ ਜਿਸ ਕਾਰਨ ਪੰਜਾਬ ਦੇ ਪ੍ਰਾਇਮਰੀ ਸਕੂਲ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਬਣੀ ਮੌਜੂਦਾ ਸਰਕਾਰ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਬੁਨਿਆਦੀ ਲੋੜਾਂ ਦੀ ਪੂਰਤੀ ਦਾ ਬੀੜਾ ਚੁੱਕਿਆ ਗਿਆ ਹੈ ਤਾਂ ਜੋ ਮੁੱਢ ਤੋਂ ਹੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਉਪਲਬਧ ਹੋ ਸਕੇ। ਉਨ੍ਹਾਂ ਇਸ ਮੌਕੇ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਕਿਉਂਕਿ ਮੁਕਾਬਲੇ ਦੇ ਯੁੱਗ ਵਿਚ ਸਿੱਖਿਆ ਤੋਂ ਬਿਨਾਂ ਕੋਈ ਵੀ ਤਰੱਕੀ ਨਹੀਂ ਕਰ ਸਕਦਾ।
ਸ੍ਰੀ ਸਿੱਧੂ ਨੇ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਹਲਕੇ ’ਚ ਪੈਂਦੇ ਪ੍ਰਾਇਮਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਇਨ੍ਹਾਂ ਸਕੂਲਾਂ ਵਿਚ ਬਿਹਤਰ ਬੁਨਿਆਦੀ ਸਿੱਖਿਆ ਢਾਂਚੇ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮੇਟੀ ਵੱਲੋਂ ਸਾਲ 2007 ਤੋਂ ਲਗਾਤਾਰ ਬੱਚਿਆਂ ਨੂੰ ਸਰਦੀ ਦੇ ਬਚਾਓ ਲਈ ਮੁਫਤ ਜਰਸੀਆਂ ਵੰਡਣਾ ਇਕ ਬਹੁਤ ਹੀ ਸ਼ਲਾਘਾਯੋਗ ਕੰਮ ਹੈ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਗਰੇਵਾਲ ਨੇ ਇਸ ਮੌਕੇ ਦੱਸਿਆ ਕਿ ਹਰ ਸਾਲ ਜਿੱਥੇ ਬੱਚਿਆਂ ਨੂੰ ਮੁਫ਼ਤ ਜਰਸੀਆਂ ਦਿੱਤੀਆਂ ਜਾਂਦੀਆਂ ਹਨ ਉੱਥੇ ਕਮੇਟੀ ਵੱਲੋਂ ਆਯੁਰਵੈਦਿਕ ’ਤੇ ਹੋਮਿਓਪੈਥਿਕ ਡਿਸਪੈਂਸਰੀ ਦੇ ਨਾਲ ਦੰਦਾਂ ਦਾ ਹਸਪਤਾਲ ਵੀ ਚਲਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਅਜੇਬ ਸਿੰਘ, ਸਕੱਤਰ ਹਰਨੇਕ ਸਿੰਘ, ਸਾਬਕਾ ਸਰਪੰਚ ਸੈਦਪੁਰ ਸੁਰਜੀਤ ਸਿੰਘ, ਨਰਿੰਦਰ ਸਿੰਘ ਸੋਨੀ, ਹਰਚੰਦ ਸਿੰਘ ਮਾਸਟਰ, ਰਣਧੀਰ ਸਿੰਘ, ਸੂਬੇਦਾਰ ਕਰਮ ਸਿੰਘ, ਜਸਵਿੰਦਰ ਸਿੰਘ ਪੱਪਾ ਗਿਦੜਪੁਰ, ਮਨਦੀਪ ਸਿੰਘ ਮੱਲੀ, ਰਣਬੀਰ ਸਿੰਘ ਅਤੇ ਜਗਤਾਰ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…