ਵਿਧਾਇਕ ਸਿੱਧੂ ਨੇ ਸਰਕਾਰੀ ਕਾਲਜ ਵਿੱਚ ਨਵੇਂ ਕਮਰਿਆਂ ਦੀ ਉਸਾਰੀ ਲਈ 15 ਲੱਖ ਦੀ ਗਰਾਂਟ ਦਾ ਚੈੱਕ ਦਿੱਤਾ

ਸਰਕਾਰੀ ਕਾਲਜ ਨੂੰ ਨਵੀਂ ਦਿਖ ਪ੍ਰਦਾਨ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ

ਸਰਕਾਰੀ ਕਾਲਜ ਨੂੰ ਪੰਜਾਬ ਯੂੁਨੀਵਰਸਿਟੀ ਚੰਡੀਗੜ੍ਹ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ਼-6 ਸਥਿਤ ਹਲਕੇ ਦੀ ਇੱਕੋ-ਇੱਕ ਵੱਕਾਰੀ ਵਿਦਿਅਕ ਸੰਸਥਾ ਸਰਕਾਰੀ ਕਾਲਜ ਨੂੰ ਨਵੀਂ ਦਿਖ ਪ੍ਰਦਾਨ ਕਰ ਕੇ ਇਸ ਕਾਲਜ ਵਿੱਚ ਬਿਹਤਰ ਸਿੱਖਿਆ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਸਥਾਨਕ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਕਾਲਜ ਵਿਖੇ ਨਵੇਂ ਕਮਰਿਆਂ ਦੀ ਉਸਾਰੀ ਲਈ 15 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਕਾਲਜ ਦੀ ਪਿੰ੍ਰਸੀਪਲ ਸ੍ਰੀਮਤੀ ਕੋਮਲ ਬਰੋਕਾ ਨੂੰ ਸੌਂਪਣ ਉਪਰੰਤ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਦਿੱਤੀ। ਸ੍ਰੀ ਸਿੱਧੂ ਨੇ ਇਸ ਮੌਕੇ ਦੱਸਿਆ ਕਿ ਸਰਕਾਰੀ ਕਾਲਜ ਐਸ.ਏ.ਐਸ. ਨਗਰ ਹਲਕੇ ਦਾ ਇੱਕੋ ਇੱਕ ਕਾਲਜ ਹੈ, ਜਿੱਥੇ ਐਸ.ਏ.ਐਸ. ਨਗਰ ਦੇ ਨਾਲ-ਨਾਲ ਹੋਰਨਾਂ ਬਹੁਤ ਸਾਰੇ ਪਿੰਡਾਂ ਦੇ ਨੌਜਵਾਨ ਲੜਕੇ ਲੜਕੀਆਂ ਉਚੇਰੀ ਪੜ੍ਹਾਈ ਲਈ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕਾਲਜ ਦੀ ਮਾਨਤਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਲੈਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਇਸ ਕਾਲਜ ਵਿੱਚ ਵਿੱਦਿਆ ਦਾ ਮਿਆਰੀ ਹੋਣਾ ਯਕੀਨੀ ਬਣਾਇਆ ਜਾਵੇਗਾ ਤੇ ਇਸ ਕਾਲਜ ਨੂੰ ਚੰਡੀਗੜ੍ਹ ਦੇ ਕਾਲਜਾਂ ਦੇ ਪੈਟਰਨ ’ਤੇ ਲਿਜਾਇਆ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਇਸ ਕਾਲਜ ਦੇ ਕੰਮਾਂ ਲਈ ਫੰਡਾਂ ਦੀ ਕਿਸੇ ਕਿਸਮ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਾਲਜ ਨੂੰ 5 ਲੱਖ ਰੁਪਏ ਦੀ ਗਰਾਂਟ ਹੋਰ ਦਿੱਤੀ ਜਾਵੇਗੀ।
ਪੱਤਰਕਾਰਾਂ ਵੱਲੋਂ ਮੁਹਾਲੀ ਵਿੱਚ ਮੈਡੀਕਲ ਕਾਲਜ ਬਣਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਵਿਰੋਧੀ ਇਸ ਸਬੰਧੀ ਪਹਿਲਾਂ ਗੁਮਰਾਹਕੁੰਨ ਪ੍ਰਚਾਰ ਕਰ ਰਹੇ ਸਨ ਪਰੰਤੂ ਹੁਣ ਸੱਚਾਈ ਸਾਹਮਣੇ ਆ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ, ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਪਹਿਲਾਂ ਹੀ ਵਿਸ਼ਵਾਸ ਦਿੱਤਾ ਗਿਆ ਸੀ ਕਿ ਮੈਡੀਕਲ ਕਾਲਜ ਮੋਹਾਲੀ ਵਿਖੇ ਹੀ ਖੋਲ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 375 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਹਲਕੇ ਦੇ ਲੋਕਾਂ ਨੂੰ ਹੀ ਨਹੀਂ ਸਗੋਂ ਸਾਰੇ ਪੰਜਾਬ ਵਾਸੀਆਂ ਨੂੰ ਆਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਵੇਗਾ। ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਲਈ ਥਾਂ ਦਾ ਪ੍ਰਬੰਧ ਕਰ ਲਿਆ ਗਿਆ ਹੈ।
ਸ੍ਰੀ ਸਿੱਧੂ ਨੇ ਹੋਰ ਦੱਸਿਆ ਕਿ ਇਸ ਤੋਂ ਇਲਾਵਾ ਹਲਕੇ ਵਿੱਚ ਪੈਂਦੇ ਪਿੰਡ ਸਨੇਟਾ ਵਿਖੇ ਲੜਕੀਆਂ ਲਈ ਹੁਨਰ ਵਿਕਾਸ ਕੇਂਦਰ ਖੋਲ੍ਹਿਆ ਜਾਵੇਗਾ, ਜਿਸ ਲਈ ਪੰਜ ਏਕੜ ਜ਼ਮੀਨ ਦੇਣ ਸਬੰਧੀ ਪੰਚਾਇਤ ਨੇ ਸਹਿਮਤੀ ਦੇ ਦਿੱਤੀ ਹੈ। ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਕੁਝ ਵਿਰੋਧੀਆਂ ਵੱਲੋਂ ਨਗਰ ਨਿਗਮ ਦੇ ਵਿਕਾਸ ਮਤੇ ਰੋਕਣ ਸਬੰਧੀ ਉਨ੍ਹਾਂ ’ਤੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ ਜਦਕਿ ਉਹ ਹਮੇਸ਼ਾਂ ਇਸ ਹਲਕੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਵਿਕਾਸ ਕਾਰਜਾਂ ਵਿੱਚ ਕਿਸੇ ਨੂੰ ਵੀ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਕਾਲਜ ਦੀ ਪਿੰ੍ਰਸੀਪਲ ਕੋਮਲ ਬਰੋਕਾ ਨੇ ਸ੍ਰੀ ਸਿੱਧੂ ਤੋਂ ਮੰਗ ਕੀਤੀ ਕਿ ਇਸ ਕਾਲਜ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਜੋੜਿਆ ਜਾਵੇ। ਉਨ੍ਹਾਂ ਨੇ ਕਾਲਜ ਨੂੰ ਗਰਾਂਟ ਦੇਣ ਬਦਲੇ ਸ. ਸਿੱਧੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਕਾਲਜ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਕਾਲਜ ਦਾ ਸਮੱੁਚਾ ਸਟਾਫ਼ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰੇਗਾ। ਇਸ ਮੌਕੇ ਸ. ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕੌਂਸਲਰ ਸ. ਨਰਾਇਣ ਸਿੰਘ ਸਿੱਧੂ, ਸਾਬਕਾ ਪਿੰ੍ਰਸੀਪਲ ਮਹਿੰਦਰ ਸਿੰਘ ਢਿੱਲੋਂ ਸਮੇਤ ਕਾਲਜ ਦਾ ਹੋਰ ਸਟਾਫ਼ ਵੀ ਮੌਜੂਦ ਸੀ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…