ਆਰਟੀਏ ਦਫ਼ਤਰ ਦਾ ਕਲਰਕ ਕਰੋਨਾ ਤੋਂ ਪੀੜਤ, ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਸੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ:
ਇੱਥੋਂ ਦੇ ਸੈਕਟਰ-76 ਸਥਿਤ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਦਫ਼ਤਰ ਦੇ ਕਲਰਕ ਸੁਖਰਾਜ ਸਿੰਘ ਉਰਫ਼ ਮੰਟੂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਨੇ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਨੂੰ ਸੀਲ ਕਰ ਦਿੱਤਾ ਹੈ। ਦੱਸਿਆ ਗਿਆ ਹੈ ਕਿ ਪੀੜਤ ਕਲਰਕ ਨੂੰ ਪਿਛਲੇ ਇਕ ਹਫ਼ਤੇ ਤੋਂ ਬੁਖ਼ਾਰ ਦੀ ਸ਼ਿਕਾਇਤ ਸੀ ਅਤੇ ਘੱਟ ਹੀ ਦਫ਼ਤਰ ਆਉਂਦਾ ਸੀ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਸੁਖਰਾਜ ਸਿੰਘ ਚੰਡੀਗੜ੍ਹ ਦਾ ਵਸਨੀਕ ਹੈ। ਉਸ ਦੀ ਅੱਜ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਸਕੱਤਰ ਆਰਟੀਏ ਸੁਖਵਿੰਦਰ ਕੁਮਾਰ ਸਮੇਤ ਸਾਰੇ ਦਫ਼ਤਰੀ ਸਟਾਫ਼ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਸਾਰੇ ਕਰਮਚਾਰੀਆਂ ਨੂੰ ਅਗਲੇ ਹੁਕਮਾਂ ਤੱਕ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਆਖਿਆ ਗਿਆ ਹੈ। ਇਸ ਤੋਂ ਪਹਿਲਾਂ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ।
ਸਕੱਤਰ ਆਰਟੀਏ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਦੋ ਦਿਨ ਲਈ ਦਫ਼ਤਰ ਬੰਦ ਕਰਕੇ ਟਰਾਂਸਪੋਰਟ ਵਿਭਾਗ ਦੇ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਦਫ਼ਤਰੀ ਮੁਲਾਜ਼ਮਾਂ ਦੇ ਸੈਂਪਲਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਦਫ਼ਤਰ ਨੂੰ ਖੋਲ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਦਫ਼ਤਰੀ ਸਟਾਫ਼ ਦੀ ਰਿਪੋਰਟ ਨੈਗੇਟਿਵ ਆਈ ਤਾਂ ਸੋਮਵਾਰ ਨੂੰ ਉੱਚ ਅਧਿਕਾਰੀਆਂ ਦੀ ਪ੍ਰਵਾਨਗੀ ਨਾਲ ਦਫ਼ਤਰ ਖੋਲ੍ਹਿਆ ਜਾਵੇਗਾ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲੀਸ ਵੱਲੋਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿੱਚ ਜਿਨ੍ਹਾਂ ਵਾਹਨ ਚਾਲਕਾਂ ਦੇ ਚਲਾਨ ਕੀਤੇ ਜਾਂਦੇ ਹਨ। ਉਨ੍ਹਾਂ ਨੂੰ ਚਲਾਨ ਭੁਗਤਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਰਟੀਏ ਦਫ਼ਤਰ ਆਉਣਾ ਪੈਂਦਾ ਹੈ ਅਤੇ ਰੋਜ਼ਾਨਾ ਹੀ ਦਫ਼ਤਰ ਵਿੱਚ ਸੈਂਕੜੇ ਲੋਕ ਪਹੁੰਚੇ ਹੁੰਦੇ ਹਨ ਅਤੇ ਕਾਫੀ ਭੀੜ ਭੜੱਕਾ ਹੁੰਦਾ ਹੈ। ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਮੰਗ ਕੀਤੀ ਕਿ ਕਰੋਨਾ ਮਹਾਮਾਰੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟਣ ਤੋਂ ਬਾਅਦ ਮੌਕੇ ’ਤੇ ਹੀ ਚਲਾਨ ਭੁਗਤਾਨ ਕਰਨ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਆਰਟੀਏ ਦਫ਼ਤਰ ਵਿੱਚ ਭੀੜ ਘਟਾਈ ਜਾ ਸਕੇ।

Load More Related Articles

Check Also

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ ਮੁਹਾਲੀ ਵਿੱਚ ਰੋਜ਼ਾਨਾ ਵੱਖ-ਵੱਖ…