
ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜਨਵਰੀ:
ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚਾਰ ਹੋਰ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਵਾਰਡ ਨੰਬਰ-4 ਤੋਂ ਇੰਜ. ਜਸਪਾਲ ਸਿੰਘ, ਵਾਰਡ ਨੰਬਰ-12 ਤੋਂ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਪਾਰਸ, ਵਾਰਡ ਨੰਬਰ-14 ਤੋਂ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਵਾਰਡ ਨੰਬਰ-30 ਤੋਂ ਨੌਜਵਾਨ ਆਗੂ ਕੈਪਟਨ ਰਮਨਦੀਪ ਸਿੰਘ ਬਾਵਾ ਅਤੇ ਵਾਰਡ ਨੰਬਰ-38 ਤੋਂ ਅਜੈਪਾਲ ਸਿੰਘ ਮਿੱਡੂਖੇੜਾ ਨੂੰ ਪਾਰਟੀ ਦੀ ਟਿਕਟ ਦੇ ਕੇ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਉਮੀਦਵਾਰ ਤੱਕੜੀ ਚੋਣ ਨਿਸ਼ਾਨ ’ਤੇ ਹੀ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਬਾਕੀ ਉਮੀਦਵਾਰਾਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਸਿੱਖਿਆ ਅਤੇ ਸਮਾਜ ਪੱਖੋਂ ਯੋਗ ਤੇ ਸੂਝਵਾਨ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾ ਰਿਹਾ ਹੈ। ਇਸ ਸਮੇਂ ਚੋਣ ਲੜ ਰਹੇ ਉਮੀਦਵਾਰਾਂ ਨੇ ਪਾਰਟੀ ਦਾ ਧੰਨਵਾਦ ਕੀਤਾ। ਉਕਤ ਉਮੀਦਵਾਰਾਂ ਨੇ ਕਿਹਾ ਕਿ ਚੋਣ ਜਿੱਤ ਕੇ ਮੁਹਾਲੀ ਦੇ ਵਿਕਾਸ ਅਤੇ ਤਰੱਕੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਹਾਊਸ ਵਿੱਚ ਠੋਸ ਤਰੀਕੇ ਨਾਲ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਸੁਖਬੀਰ ਬਾਦਲ ਦੇ ਓਐਸਡੀ ਚਰਨਜੀਤ ਸਿੰਘ ਬਰਾੜ, ਸਿਮਰਨਜੀਤ ਸਿੰਘ ਚੰਦੂਮਾਜਰਾ ਵੀ ਮੌਜੂਦ ਸਨ।
ਇੱਥੇ ਇਹ ਜ਼ਿਕਰਯੋਗ ਹੈ ਕਿ ਚੰਦੂਮਾਜਰਾ ਵੱਲੋਂ ਪਿਛਲੇ ਦਿਨੀਂ ਐਲਾਨੇ 28 ਉਮੀਦਵਾਰਾਂ ’ਚੋਂ ਜ਼ਿਆਦਾਤਰ ਸਾਬਕਾ ਕੌਂਸਲਰ ਤੇ ਅਕਾਲੀ ਆਗੂ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਚੁੱਕੇ ਹਨ। ਜਿਸ ਕਾਰਨ ਅਕਾਲੀ ਦਲ ਨੂੰ ਐਤਕੀਂ ਨਵੇਂ ਚਿਹਰੇ ਲੱਭਣੇ ਪੈ ਰਹੇ ਹਨ। ਪਿਛਲੀ ਵਾਰ ਸੀਨੀਅਰ ਲੀਡਰਸ਼ਿਪ ਦੀ ਅਣਦੇਖੀ ਦੇ ਚੱਲਦਿਆਂ ਕੁਲਵੰਤ ਸਿੰਘ ਦੇ ਧੜੇ ਨੇ ਆਜ਼ਾਦ ਗਰੁੱਪ ਬਣਾ ਕੇ ਚੋਣ ਲੜੀ ਸੀ।