Nabaz-e-punjab.com

ਅਕਾਲੀ ਦਲ ਤੇ ਭਾਜਪਾ ਗੱਠਜੋੜ ਦਾ ਰਿਸ਼ਤਾ ਪਹਿਲਾਂ ਵਾਂਗ ਮਜ਼ਬੂਤ: ਸੋਮ ਪ੍ਰਕਾਸ਼

ਪੰਜਾਬ ਸਿਰ 2 ਲੱਖ ਕਰੋੜ ਦੇ ਕਰਜ਼ੇ ਮੁਆਫ਼ੀ ਬਾਰੇ ਕੈਪਟਨ ਸਰਕਾਰ ਨੂੰ ਵਿਵਸਥਾ ਕਰਨੀ ਚਾਹੀਦੀ ਹੈ

550 ਸਾਲਾ ਪ੍ਰਕਾਸ਼ ਪੁਰਬ ਸਾਰੀਆਂ ਧਿਰਾਂ ਨੂੰ ਰਲ ਮਿਲ ਕੇ ਮਨਾਉਣਾ ਚਾਹੀਦਾ ਐ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਕਤੂਬਰ:
ਅਕਾਲੀ-ਭਾਜਪਾ ਗੱਠਜੋੜ ਬਾਰੇ ਪੁੱਛੇ ਜਾਣ ’ਤੇ ਕੇਂਦਰੀ ਰਾਜ ਵਣਜ ਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼ ਨੇ ਦਾਅਵਾ ਕੀਤਾ ਕਿ ਦੋਵੇਂ ਭਾਈਵਾਲ ਪਾਰਟੀਆਂ ਦੇ ਗੱਠਜੋੜ ਦਾ ਰਿਸ਼ਤਾ ਪਹਿਲਾਂ ਵਾਂਗ ਵਧੇਰੇ ਮਜ਼ਬੂਤ ਹੈ ਅਤੇ ਦੋਵੇਂ ਪਾਰਟੀਆਂ ਦੀ ਲੀਡਰਸ਼ਿਪ ਵਿੱਚ ਵੀ ਕੋਈ ਮਤਭੇਦ ਨਹੀਂ ਹਨ। ਉਹ ਅੱਜ ਇੱਥੇ ਦੋ ਰੋਜ਼ਾ ਕਰਜ਼ਾ ਮੇਲੇ ਦੇ ਪਹਿਲੇ ਦਿਨ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹਰਿਆਣਾ ਵਿੱਚ ਭਾਜਪਾ ਦਾ ਕਦੇ ਵੀ ਅਕਾਲੀ ਦਲ ਨਾਲ ਸਿਆਸੀ ਗੱਠਜੋੜ ਨਹੀਂ ਸੀ ਸਗੋਂ ਅਕਾਲੀ ਦਲ ਨੇ ਸ਼ੁਰੂ ਤੋਂ ਹੀ ਇਨੈਲੋ ਨਾਲ ਮਿਲ ਕੇ ਚੋਣਾਂ ਲੜੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦਾ ਪੰਜਾਬ ਦੀ ਸਿਆਸਤ ਅਤੇ ਗੱਠਜੋੜ ’ਤੇ ਕੋਈ ਅਸਰ ਨਹੀਂ ਪਵੇਗਾ। ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਵੱਲੋਂ ਆਉਣ ਵਾਲੇ ਸਮੇਂ ਵਿੱਚ 50-50 ਸੀਟਾਂ ’ਤੇ ਚੋਣ ਲੜਨ ਦੇ ਬਿਆਨ ਸਬੰਧੀ ਛਿੜੀ ਚਰਚਾ ਬਾਰੇ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਫਿਲਹਾਲ ਭਾਜਪਾ ਦਾ ਅਜਿਹਾ ਕੋਈ ਇਰਾਦਾ ਨਹੀਂ ਹੈ। ਇਹ ਮਹਿਜ਼ ਸ੍ਰੀ ਮਿੱਤਲ ਦੀ ਨਿੱਜੀ ਰਾਇ ਹੋ ਸਕਦੀ ਹੈ। ਅਜਿਹਾ ਕੋਈ ਵੀ ਫੈਸਲਾ ਲੈਣ ਦਾ ਹੱਕ ਸਿਰਫ਼ ਹਾਈ ਕਮਾਂਡ ਕੋਲ ਹੈ। ਕੇਂਦਰੀ ਰਾਜ ਮੰਤਰੀ ਦੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਭਾਜਪਾ ਅਤਿਵਾਦ ਦੇ ਸਖ਼ਤ ਖ਼ਿਲਾਫ਼ ਹੈ ਪਰ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਸਿੱਖ ਨੌਜਵਾਨ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਕੇ ਉਸ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਅਤੇ ਹੋਰ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਦਾ ਫੈਸਲਾ ਕੇਂਦਰ ਸਰਕਾਰ ਨੇ ਬਹੁਤ ਸੋਚ ਸਮਝ ਕੇ ਲਿਆ ਹੈ। ਭਾਜਪਾ ਦੇ ਅਤਿਵਾਦ ਸਬੰਧੀ ਸਟੈਂਡ ਬਾਰੇ ਪੁੱਛੇ ਜਾਣ ’ਤੇ ਸੋਮ ਪ੍ਰਕਾਸ਼ ਨੇ ਸਪੱਸ਼ਟ ਕੀਤਾ ਕਿ ਭਾਜਪਾ ਅਤਿਵਾਦ ਦੇ ਸਖ਼ਤ ਖ਼ਿਲਾਫ਼ ਹੈ ਪ੍ਰੰਤੂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਅਤੇ ਸਜ਼ਾਵਾ ਭੁਗਤ ਚੁੱਕੇ ਬੰਦੀ ਸਿੰਘ ਦੀ ਰਿਹਾਈ ਬਾਰੇ ਸਿੱਖਾਂ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਪਿਛਲੇ ਲੰਮੇ ਤੋਂ ਮੰਗ ਕੀਤੀ ਜਾ ਰਹੀ ਸੀ। ਕੇਂਦਰ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਸਿੱਖ ਕੈਦੀ ਦੀ ਫਾਂਸ਼ੀ ਰੱਦ ਕਰਨ ਅਤੇ ਬਾਕੀ ਸਿੰਘਾਂ ਨੂੰ ਰਿਹਾਅ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ।
ਪ੍ਰਕਾਸ਼ ਪੁਰਬ ਬਾਰੇ ਪੁੱਛੇ ਜਾਣ ’ਤੇ ਸੋਮ ਪ੍ਰਕਾਸ਼ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਰਾਜਨੀਤੀ ਕਰਨ ਦੀ ਬਜਾਏ ਸਾਰੀਆਂ ਧਿਰਾਂ ਨੂੰ ਸਾਂਝੇ ਤੌਰ ’ਤੇ ਮਨਾਉਣਾ ਚਾਹੀਦਾ ਹੈ ਅਤੇ ਕਿਸੇ ਨੂੰ ਸੱਦਾ ਪੱਤਰ ਮਿਲਣ ਦੀ ਉਡੀਕ ਨਹੀਂ ਕਰਨੀ ਚਾਹੀਦੀ। ਸਰਕਾਰ ਤੇ ਸਿੱਖਾਂ ਵਿੱਚ ਵਖਰੇਵੇਂ ਬਾਰੇ ਪੁੱਛੇ ਜਾਣ ’ਤੇ ਭਾਜਪਾ ਆਗੂ ਨੇ ਕਿਹਾ ਕਿ ਇਹ ਸੂਬਾ ਸਰਕਾਰ ਅਤੇ ਐਸਜੀਪੀਸੀ ਦਾ ਆਪਸੀ ਮਾਮਲਾ ਹੈ। ਅਤਿਵਾਦ ਦੌਰਾਨ ਪੰਜਾਬ ਸਿਰ ਚੜੇ ਦੋ ਲੱਖ ਕਰੋੜ ਦੇ ਕਰਜ਼ੇ ਬਾਰੇ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਕੈਪਟਨ ਸਰਕਾਰ ਨੂੰ ਖ਼ੁਦ ਵਿਵਸਥਾ ਕਰਨੀ ਚਾਹੀਦੀ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਕੌਂਸਲਰ ਸੈਹਬੀ ਅਨੰਦ, ਏਡੀਸੀ ਸ੍ਰੀਮਤੀ ਆਸ਼ਿਕਾ ਜੈਨ, ਐਸਡੀਐਮ ਜਗਦੀਪ ਸਹਿਗਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਲਿਜਾਉਣ ਲਈ ਬਹੁਤ ਵਧੀਆਂ ਕੰਮ ਅਤੇ ਇਤਿਹਾਸਕ ਫੈਸਲੇ ਕਰ ਰਹੀ ਹੈ। ਜੰਮੂ-ਕਸ਼ਮੀਰ ਵਿੱਚ ਧਾਰਾ 370 ਖ਼ਤਮ ਕਰਨਾ ਸਰਕਾਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਇਸ ਮੁੱਦੇ ’ਤੇ ਲੋਕ ਸਭਾ ਵਿੱਚ ਭਾਜਪਾ ਸਮੇਤ ਵਿਰੋਧੀ ਧਿਰ ਦੇ ਮੈਂਬਰਾਂ ਸਣੇ ਕੁੱਲ 370 ਮੈਂਬਰਾਂ ਨੇ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਅਰਬਾਂ ਖਬਰਾਂ ਰੁਪਏ ਖ਼ਰਚ ਕਰਕੇ ਜੰਮੂ ਕਸ਼ਮੀਰ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਅਮਰੀਕਾ ਵਾਲੇ ਨਰਿੰਦਰ ਮੋਦੀ ਦਾ ਵੀਜ਼ਾ ਲਗਾਉਣ ਤੋਂ ਵੀ ਕੰਨੀ ਕਤਰਾਉਂਦਾ ਸੀ ਲੇਕਿਨ ਹੁਣ ਅਮਰੀਕਾ ਵਾਰ ਵਾਰ ਪ੍ਰਧਾਨ ਮੰਤਰੀ ਨੂੰ ਸੱਦ ਕੇ ਵਿਕਾਸ ਯੋਜਨਾਵਾਂ ਸਬੰਧੀ ਸਲਾਹ ਮਸ਼ਵਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਬੜੀ ਖ਼ੁਸ਼ੀ ਦੀ ਗੱਲ ਹੈ ਕਿ ਅਜੋਕੇ ਸਮੇਂ ਵਿੱਚ ਭਾਰਤ ਵਿਕਾਸ਼ਸ਼ੀਲ ਦੇਸ਼ਾਂ ਦੀ ਮੁਹਰਲੀ ਕਤਾਰ ਵਿੱਚ ਸ਼ਾਮਲ ਹੋ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…