Nabaz-e-punjab.com

ਅਕਾਲੀ-ਭਾਜਪਾ ਕੌਂਸਲਰਾਂ ਨੇ ਕੈਬਨਿਟ ਮੰਤਰੀ ਸਿੱਧੂ ’ਤੇ ਲਾਇਆ ਗੁੰਮਰਾਹ ਕਰਨ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਸਰਬਪੱਖੀ ਵਿਕਾਸ ਲਈ ਵਿਕਾਸ ਕਾਰਜਾਂ ਅਤੇ ਓਪਨ ਏਅਰ ਜਿਮ ਲਗਾਉਣ ਦੇ ਪਾਸ ਕੀਤੇ ਕੰਮਾਂ ਸਬੰਧੀ ਟੈਂਡਰ ਨਾ ਖੋਲ੍ਹੇ ਜਾਣ ਦੇ ਮਾਮਲੇ ਨੂੰ ਲੈ ਕੇ ਕੜਾਕੇ ਦੀ ਠੰਢ ਵਿੱਚ ਸਿਆਸਤ ਗਰਮਾ ਗਈ ਹੈ। ਅੱਜ ਅਕਾਲੀ-ਭਾਜਪਾ ਦੇ ਕੌਂਸਲਰਾਂ ਨੇ ਨਗਰ ਨਿਗਮ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ’ਤੇ ਨਗਰ ਨਿਗਮ ਦੇ ਕੰਮਾਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਅਤੇ ਮੀਡੀਆ ਵਿੱਚ ਗਲਤ ਬਿਆਨਬਾਜ਼ੀ ਕਰਕੇ ਸ਼ਹਿਰ ਵਾਸੀਆਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ।
ਇਸ ਮੌਕੇ ਅਕਾਲੀ ਦਲ ਦੇ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ, ਸੁਖਦੇਵ ਸਿੰਘ ਪਟਵਾਰੀ, ਪਰਮਜੀਤ ਸਿੰਘ ਕਾਹਲੋਂ ਅਤੇ ਆਰਪੀ ਸ਼ਰਮਾ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਦੇ ਦਬਾਅ ਹੇਠ ਵਿਕਾਸ ਕੰਮਾਂ ਦੇ 200 ਟੈਂਡਰ ਨਹੀਂ ਖੋਲ੍ਹ ਰਹੇ ਹਨ। ਜਿਸ ਕਾਰਨ ਸ਼ਹਿਰ ਦਾ ਵਿਕਾਸ ਪ੍ਰਭਾਵਿਤ ਹੋ ਰਿਹਾ ਹੈ। ਇਨ੍ਹਾਂ ਕੌਂਸਲਰਾਂ ਨੇ ਦੱਸਿਆ ਕਿ 5 ਅਗਸਤ 2016 ਨੂੰ ਹੋਈ ਵਿਸ਼ੇਸ਼ ਮੀਟਿੰਗ ਮਤਾ ਨੰਬਰ-173 ਰਾਹੀਂ ਸੈਕਟਰ-48, ਸੈਕਟਰ-71 ਅਤੇ ਸੈਕਟਰ-76 ਤੋਂ 80 ਦੀ ਮੈਂਟੀਨੈਂਸ ਅਤੇ ਕੈਪੀਟਲ ਵਰਕਸ ਨਗਰ ਨਿਗਮ ਦੇ ਸਪੁਰਦ ਕਰਨ ਦਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਮੀਟਿੰਗ ਵਿੱਚ ਕਾਂਗਰਸ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਸਮੇਤ 13 ਮੈਂਬਰਾਂ ਵੱਲੋਂ ਵੀ ਆਪਣੀ ਸਹਿਮਤੀ ਦਿੱਤੀ ਗਈ ਸੀ।
ਉਨ੍ਹਾਂ ਕਿਹਾ ਕਿ ਇਹ ਮਤਾ ਸ਼ਹਿਰ ਵਾਸੀਆਂ ਦੀ ਭਲਾਈ ਅਤੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਸੀ। ਇਸ ਨਾਲ ਨਿਗਮ ਨੂੰ ਕੋਈ ਵਿੱਤੀ ਘਾਟਾ ਨਹੀਂ ਪਿਆ ਸਗੋਂ ਨਗਰ ਨਿਗਮ ਨੂੰ ਲੋਕਾਂ ਦੀ ਮੰਗ ਅਨੁਸਾਰ ਕੰਮ ਕਰਵਾਉਣ ਲਈ ਵੱਧ ਫੰਡ ਅਤੇ ਅਧਿਕਾਰ ਮਿਲੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਖਰੀਦੀ ਜਾਣ ਵਾਲੀ ਵਿਦੇਸ਼ੀ ਟਰੀ ਪਰੂਨਿੰਗ ਮਸ਼ੀਨ, ਸਿਟੀ ਬੱਸ ਸਰਵਿਸ, ਗੈਸ ਪਾਈਪਲਾਈਨ ਵਿਛਾਉਣ ਦੇ ਕੰਮ ਵੀ ਮੰਤਰੀ ਦੀ ਸ਼ਹਿ ’ਤੇ ਰੁਕੇ ਪਏ ਹਨ। ਕੌਂਸਲਰਾਂ ਨੇ ਕਿਹਾ ਕਿ ਸ੍ਰੀ ਸਿੱਧੂ ਨੂੰ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਪ੍ਰਾਪਰਟੀ ਟੈਕਸ ਅਤੇ ਪਿੰਡਾਂ ਵਿੱਚ ਨਕਸ਼ਾ ਫੀਸ ਮੁਆਫ਼ ਕਰਵਾਉਣ ਦੇ ਚੋਣ ਵਾਅਦੇ ਪੂਰੇ ਕਰਨੇ ਚਾਹੀਦੇ ਹਨ।
ਇਸ ਮੌਕੇ ਅਕਾਲੀ ਕੌਂਸਲਰ ਕਮਲਜੀਤ ਸਿੰਘ ਰੂਬੀ, ਫੂਲਰਾਜ ਸਿੰਘ, ਹਰਪਾਲ ਸਿੰਘ ਚੰਨਾ, ਪਰਵਿੰਦਰ ਸਿੰਘ ਤਸਿੰਬਲੀ, ਉਪਿੰਦਰਪ੍ਰੀਤ ਕੌਰ ਗਿੱਲ, ਰਜਿੰਦਰ ਕੌਰ ਕੁੰਭੜਾ, ਰਮਨਪ੍ਰੀਤ ਕੌਰ, ਗੁਰਮੀਤ ਕੌਰ, ਕਮਲਜੀਤ ਕੌਰ, ਰਜਨੀ ਗੋਇਲ, ਜਸਬੀਰ ਕੌਰ ਅੱਤਲੀ, ਕਰਮਜੀਤ ਕੌਰ ਮਟੌਰ, ਭਾਜਪਾ ਕੌਂਸਲਰ ਅਸ਼ੋਕ ਝਾਅ ਤੇ ਸ੍ਰੀਮਤੀ ਪ੍ਰਕਾਸ਼ਵਤੀ ਅਤੇ ਰਮੇਸ਼ ਵਰਮਾ ਵੀ ਹਾਜ਼ਰ ਸਨ।
(ਬਾਕਸ ਆਈਟਮ)
ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਕਾਲੀ-ਭਾਜਪਾ ਕੌਂਸਲਰਾਂ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਉਹ ਡਰਾਮੇਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਨਗਰ ਨਿਗਮ ਚੋਣਾਂ ਨੇੜੇ ਆ ਰਹੀਆਂ ਤਾਂ ਉਹ ਵੋਟਾਂ ਲੈਣ ਲਈ ਤਰਲੋ ਮੱਛੀ ਹੋ ਰਹੇ ਹਨ। ਸ੍ਰੀ ਸਿੱਧੂ ਨੇ ਕਿਹਾ ਕਿ ਉਹ ਭਲਕੇ 28 ਜਨਵਰੀ ਨੂੰ ਮੁਹਾਲੀ ਵਿੱਚ ਪੱਤਰਕਾਰ ਸੰਮੇਲਨ ਸੱਦ ਕੇ ਸਬੂਤਾਂ ਸਮੇਤ ਸਾਰੇ ਤੱਥ ਮੀਡੀਆ ਅੱਗੇ ਪੇਸ਼ ਕਰਨਗੇ। ਇਸ ਤੋਂ ਬਾਅਦ ਸ਼ਹਿਰ ਵਾਸੀ ਖ਼ੁਦ ਜਾਣ ਜਾਣਗੇ ਕਿ ਕੌਣ ਝੂਠ ਬੋਲ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…