ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
‘ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਬਣਨ ਤੋਂ ਬਾਅਦ ਮੁਹਾਲੀ ਹਲਕੇ ਦੇ ਸਾਰੇ ਪਿੰਡ ਤੇ ਸ਼ਹਿਰ ਵਿੱਚ ਬਣੀਆਂ ਐਸੋਸੀਏਸ਼ਨਾਂ, ਐਕਸ ਸਰਵਿਸਮੈਨ, ਸ਼ਹਿਰ ਦੇ ਸਾਰੇ ਫੇਜ਼ਾਂ ਅਤੇ ਹਲਕੇ ਦੇ ਲੋਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਜਿਸ ਲਈ ਸਾਡੀ ਸਰਕਾਰ ਹਮੇਸ਼ਾਂ ਦੀ ਤਰ੍ਹਾਂ ਵਚਨਬੱਧ ਰਹੀ ਹੈ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਅੱਜ ਪਿੰਡ ਕੈਲੋਂ, ਗਿੱਦੜਪੁਰ, ਸੈਦਪੁਰ ਤੇ ਮੌਜਪੁਰ ਵਿਖੇ ਕੀਤੇ ਤੂਫਾਨੀ ਦੌਰੇ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਭਾਵੇਂ ਕੋਈ ਵੀ ਹੋਵੇ ਪਰ ਹਲਕੇ ਵਿਚੋਂ ਜਿੱਤਣ ਵਾਲੇ ਉਮੀਦਵਾਰ ਦਾ ਇਹ ਫਰਜ਼ ਬਣਦਾ ਹੈ ਕਿ ਉਸ ਨੂੰ ਜਿੱਤ ਦਿਵਾਉਣ ਵਾਲੇ ਹਰੇਕ ਵਿਅਕਤੀ ਦੀ ਦੁਖ ਤਕਲੀਫਾਂ ਅਤੇ ਉਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਧਿਆਨ ਰੱਖੇ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕਰਵਾਏ ਕਿਉਂਕਿ ਉਨ੍ਹਾਂ ਦੀ ਇੱਕ-ਇੱਕ ਕੀਮਤੀ ਵੋਟ ਨਾਲ ਹੀ ਉਹ ਵਿਧਾਇਕ ਬਣਿਆ ਹੈ।
ਇਸ ਮੌਕੇ ਪਿੰਡ ਦੇ ਸਰਪੰਚ ਹਰਵਿੰਦਰ ਸਿੰਘ ਲਾਲਾ ਨੇ ਕਿਹਾ ਕਿ ਸਮੇਂ ਦੀ ਮੰਗ ਇਹ ਹੈ ਕਿ ਮੋਹਾਲੀ ਹਲਕੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਨੂੰ ਭਾਰੀ ਲੀਡ ਨਾਲ ਜਿਤਾਈਏ। ਉਨ੍ਹਾਂ ਕਿਹਾ ਕਿ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਹਲਕੇ ਦੀਆਂ ਸਾਰੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਬਾਰੇ ਪਹਿਲਾਂ ਤੋਂ ਹੀ ਜਾਣੂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਗੱਠਜੋੜ ਸਰਕਾਰ ਨੇ ਮੋਹਾਲੀ ਹਲਕੇ ’ਚ ਵੱਡੇ ਪ੍ਰੋਜੈਕਟ ਲਿਆ ਕੇ ਇਸ ਹਲਕੇ ਦੀ ਨੁਹਾਰ ਬਦਲ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਿਕਾਸ ਦੀ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਫ਼ ਸੁਥਰੀ ਦਿੱਖ ਵਾਲੇ ਪੜ੍ਹੇ ਲਿਖੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੂੰ ਵੱਡੀ ਲੀਡ ਨਾਲ ਜਿਤਾਉਣ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਨੂੰ ਵੀ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ।
ਮੀਟਿੰਗ ਦੌਰਾਨ ਮਾਸਟਰ ਨਾਜਰ ਸਿੰਘ ਨੇ ਕਿਹਾ ਕਿ ਲੋਕ ਜੇਕਰ 10 ਸਾਲ ਬਾਅਦ ਵੀ ਨਹੀਂ ਜਾਗੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਮੋਹਾਲੀ ਦੀ ਸੰਪੰਨਤਾ ਅਤੇ ਅਮੀਰ ਵਿਰਾਸਤ ਸਿਰਫ਼ ਇਤਿਹਾਸ ਦੀਆਂ ਕਿਤਾਬਾਂ ਵਿਚ ਹੀ ਦਰਜ ਰਹਿ ਜਾਵੇਗੀ। ਇਸ ਲਈ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਬੇਰੁਜ਼ਗਾਰੀ ਨੂੰ ਦੂਰ ਕਰਨ, ਕਿਸਾਨਾਂ ਦੀ ਆਤਮਹੱਤਿਆਵਾਂ ਨੂੰ ਰੋਕਣ ਲਈ ਅਤੇ ਕਿਸਾਨ ਭਾਈਚਾਰੇ ਨੂੰ ਮੁੜ ਤੋਂ ਮਜ਼ਬੂਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਯਕੀਨੀ ਬਣਾਉਣਾ ਹੋਵੇਗਾ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਉਮੀਦਵਾਰ ਨੂੰ ਜ਼ੋਰਦਾਰ ਜਿੱਤ ਦਿਵਾਉਣ ਲਈ ਇਕੱਠੇ ਹੋ ਕੇ ਹੰਭਲਾ ਮਾਰੀਏ। ਇਸ ਮੌਕੇ ਭਾਰੀ ਇਕੱਠ ਨੇ ਦੋਵੇਂ ਹੱਥ ਖੜੇ ਕਰਕੇ ਕੈਪਟਨ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਲੇਬਰਫੈਡ ਪੰਜਾਬ ਦੇ ਐਮ.ਡੀ ਪਰਮਿੰਦਰ ਸਿੰਘ ਸੋਹਾਣਾ, ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦਿਹਾਤੀ ਦੀ ਪ੍ਰਧਾਨ ਬੀਬੀ ਬਲਜਿੰਦਰ ਕੌਰ, ਰਵਿੰਦਰ ਰਵੀ ਬਲਾਕ ਸੰਮਤੀ ਮੈਂਬਰ, ਜਗਪਾਲ ਸਿੰਘ, ਬਹਾਦਰ ਸਿੰਘ ਸਰਪੰਚ, ਅਜਾਇਬ ਸਿੰਘ ਸਾਬਕਾ ਸਰਪੰਚ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…