
ਅਕਾਲੀ-ਭਾਜਪਾ ਆਗੂਆਂ ਨੇ ਸਿਹਤ ਮੰਤਰੀ ਖ਼ਿਲਾਫ਼ ਡੀਸੀ ਦਫ਼ਤਰ ਵਿੱਚ ਦਿੱਤੀ ਲਿਖਤੀ ਸ਼ਿਕਾਇਤ
ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਰਫਿਊ ਦੌਰਾਨ ਸੋਸ਼ਲ ਡਿਸਟੈਂਸ ਦੀਆਂ ਉਡਾਈਆਂ ਧੱਜੀਆਂ: ਬੈਦਵਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ:
ਅਕਾਲੀ ਦਲ ਤੇ ਭਾਜਪਾ ਨੇ ਕਰੋਨਾਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਕਰਫਿਊ ਕਾਰਨ ਧਾਰਾ 144 ਦੇ ਬਾਵਜੂਦ ਬੀਤੇ ਦਿਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸੀ ਵਰਕਰਾਂ ਸਮੇਤ ਸ਼ਰ੍ਹੇਆਮ ਕਾਨੂੰਨ ਅਤੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਦੇ ਮੁੱਦੇ ’ਤੇ ਘੇਰ ਲਿਆ ਹੈ। ਇਸ ਸਬੰਧੀ ਅਕਾਲੀ-ਭਾਜਪਾ ਦੇ ਆਗੂਆਂ ਨੇ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਦੇ ਨਾਂ ਲਿਖਿਆ ਮੰਗ ਪੱਤਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮੈਡਮ ਪੂਜਾ ਸਿਆਲ ਨੂੰ ਦਿੱਤਾ ਗਿਆ। ਉਨ੍ਹਾਂ ਕੀਤੀ ਕਿ ਸਿਹਤ ਮੰਤਰੀ ਸਮੇਤ ਕਾਂਗਰਸੀ ਵਰਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਧਰ, ਅਕਾਲੀ ਵਿਧਾਇਕ ਐਨਕੇ ਸ਼ਰਮਾ ਨੇ ਸ੍ਰੀ ਸਿੱਧੂ ’ਤੇ ਨਿਸ਼ਾਨਾ ਸਾਧਦਿਆਂ ਸਿੱਖ ਸ਼ਰਧਾਲੂਆਂ ਅਤੇ ਇਕਾਂਤਵਾਸ ਕੇਂਦਰਾਂ ਅਤੇ ਆਈਸੋਲੇਸ਼ਨ ਵਾਰਡਾਂ ਵਿੱਚ ਬੁਨਿਆਦੀ ਸਿਹਤ ਸਹੂਲਤਾਂ ਮੁਹੱਈਆ ਨਾ ਕਰਵਾਉਣ ਅਤੇ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦਾ ਦੋਸ਼ ਲਾਇਆ ਹੈ।
ਇਸ ਮੌਕੇ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਬੀਸੀ ਸੈੱਲ ਦੇ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਆਰਪੀ ਸ਼ਰਮਾ, ਭਾਜਪਾ ਆਗੂ ਅਰੁਣ ਸ਼ਰਮਾ ਅਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਕੋਵਿਡ-19 ਦੇ ਭਿਆਨਕ ਦੌਰ ਵਿੱਚ ਜਿੱਥੇ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਧਾਰਾ 144 ਲਗਾਈ ਗਈ ਹੈ ਅਤੇ ਕਿਸੇ ਵਿਅਕਤੀ ਨੂੰ ਕਰਫਿਊ ਪਾਸ ਤੋਂ ਬਿਨਾਂ ਘਰ ਤੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਹੈ। ਆਮ ਲੋਕ ਤਾਂ ਪਿਛਲੇ ਡੇਢ ਮਹੀਨੇ ਤੋਂ ਸੋਸ਼ਲ ਡਿਸਟੈਂਸ ਨਿਯਮਾਂ ਦੀ ਪਾਲਣਾ ਕਰਦੇ ਆ ਰਹੇ ਹਨ, ਪ੍ਰੰਤੂ
ਬੀਤੇ ਕੱਲ੍ਹ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਨੂੰ ਨਾਲ ਲੈ ਕੇ ਤਿਰੰਗਾ ਦਿਵਸ ਦੀ ਆੜ ਵਿੱਚ ਇੱਥੋਂ ਦੇ ਫੇਜ਼-3/5 ਦੀਆਂ ਟਰੈਫ਼ਿਕ ਲਾਈਟ ਪੁਆਇੰਟ ’ਤੇ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ ਉਡਾਉਂਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਸ਼ਰ੍ਹੇਆਮ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਉਨ੍ਹਾਂ ਮੰਗ ਕੀਤੀ ਕਿ ਸਿਹਤ ਮੰਤਰੀ ਸਮੇਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।