
ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ ’ਤੇ ਦਾਗੀ ਮੰਤਰੀਆਂ ਤੇ ਅਫ਼ਸਰਾਂ ਨੂੰ ਜੇਲ੍ਹ ਭੇਜਾਂਗੇ: ਸੁਖਬੀਰ ਬਾਦਲ
ਪਿੰਡ ਬੜੀ ਦੀ ਸ਼ਾਮਲਾਤ ਜ਼ਮੀਨ ਪ੍ਰਾਈਵੇਟ ਹਸਪਤਾਲ ਨੂੰ ਲੀਜ਼ ’ਤੇ ਦੇਣ ਦਾ ਮਾਮਲਾ ਭਖਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਕਤੂਬਰ:
ਇੱਥੋਂ ਦੇ ਨਜ਼ਦੀਕੀ ਪਿੰਡ ਬੜੀ ਦੀ ਗਰਾਮ ਪੰਚਾਇਤ ਵੱਲੋਂ ਲਗਪਗ 7 ਏਕੜ 3 ਕਨਾਲ ਜ਼ਮੀਨ ਕਿਸੇ ਪ੍ਰਾਈਵੇਟ ਕੰਪਨੀ ਨੂੰ ਹਸਪਤਾਲ ਬਣਾਉਣ ਲਈ ਕੌਡੀਆਂ ਦੇ ਭਾਅ ਲੀਜ਼ ’ਤੇ ਦੇਣ ਦਾ ਮਾਮਲਾ ਭਖ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਾਮਲਾਤ ਜ਼ਮੀਨਾਂ ਬਚਾਉਣ ਲਈ ਅੱਜ ਵਰ੍ਹਦੇ ਮੀਂਹ ਵਿੱਚ ਪਿੰਡ ਬੜੀ ਵਿਖੇ ਰੋਸ ਰੈਲੀ ਕੀਤੀ ਗਈ। ਜਿਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੀ ਸ਼ਾਮਲਾਤ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਵੇਚਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਬਲਬੀਰ ਸਿੱਧੂ ਨੇ ਸ਼ਾਮਲਾਤ ਜ਼ਮੀਨਾਂ ਹਥਿਆਉਣ ਲਈ ਸਾਰੀਆਂ ਹੱਦਾਂ ਪਾਰ ਦਿੱਤੀਆਂ ਹਨ।
ਇਸ ਮੌਕੇ ਸੁਖਬੀਰ ਬਾਦਲ ਨੇ ਆਪਣੇ ਵਰਕਰਾਂ ਵਿੱਚ ਜੋਸ਼ ਭਰਦਿਆਂ ਕਿਹਾ ਕਿ ਪੰਜਾਬ ਵਿੱਚ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ, ਕਾਂਗਰਸੀ ਮੰਤਰੀਆਂ ਦੇ ਕਥਿਤ ਘੁਟਾਲਿਆਂ ਸਬੰਧੀ ਉੱਚ ਪੱਧਰੀ ਪੜਤਾਲ ਵਿੱਚ ਸਪੈਸ਼ਲ ਜਾਂਚ ਕਮਿਸ਼ਨ ਬਿਠਾਇਆ ਜਾਵੇਗਾ ਅਤੇ ਕਸੂਰਵਾਰ ਕਾਂਗਰਸੀ ਮੰਤਰੀਆਂ, ਆਗੂਆਂ ਅਤੇ ਜ਼ਿੰਮੇਵਾਰ ਅਫ਼ਸਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇਗਾ। ਉਨ੍ਹਾਂ ਪਾਰਟੀ ਵਰਕਰਾਂ ਸਮੇਤ ਆਮ ਲੋਕਾਂ ਨੂੰ ਅੌਖੇ ਸੌਖੇ ਦੋ ਮਹੀਨੇ ਕੱਢਣ ਦੀ ਅਪੀਲ ਕਰਦਿਆਂ ਕਿਹਾ ਕਿ ਦਾਗੀ ਮੰਤਰੀਆਂ ਅਤੇ ਕਾਂਗਰਸੀ ਆਗੂਆਂ ਦੇ ਆਖੇ ਲੱਗ ਕੇ ਨਿਯਮਾਂ ਦੇ ਖ਼ਿਲਾਫ਼ ਗਲਤ ਕੰਮ ਕਰਨ ਵਾਲੇ ਅਫ਼ਸਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬੜੀ ਪਿੰਡ ਦੀ ਸ਼ਾਮਲਾਤ ਜ਼ਮੀਨ ਲੀਜ਼ ’ਤੇ ਦੇਣ ਲਈ ਭਲਕੇ 25 ਅਕਤੂਬਰ ਨੂੰ ਬੋਲੀ ਰੱਖੀ ਗਈ ਹੈ। ਜਿਸ ਨੂੰ ਅਕਾਲੀ ਦਲ ਕਿਸੇ ਵੀ ਕਿਸਮ ’ਤੇ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਪਿੰਡ ਬੜੀ ਦੀ ਉਕਤ ਜ਼ਮੀਨ ਦੀ ਕੀਮਤ 90 ਕਰੋੜ ਰੁਪਏ ਦੱਸੀ ਜਾ ਰਹੀ ਹੈ ਪ੍ਰੰਤੂ ਸਰਕਾਰ ਇਹ ਜ਼ਮੀਨ ਕੌਡੀਆਂ ਦੇ ਭਾਅ ਦੇਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਇੱਕ ਵਫ਼ਦ ਪੰਚਾਇਤ ਮੰਤਰੀ, ਸਕੱਤਰ ਅਤੇ ਡਾਇਰੈਕਟਰ ਨੂੰ ਮਿਲੇਗਾ ਅਤੇ ਜੇ ਲੋੜ ਪਈ ਤਾਂ ਅਦਾਲਤ ਦਾ ਬੂਹਾ ਖੜਕਾਇਆ ਜਾਵੇਗਾ।
ਇਸ ਮੌਕੇ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਬੜੀ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਯੂਥ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਸਿਮਰਨਜੀਤ ਸਿੰਘ ਚੰਦੂਮਾਜਰਾ, ਅਕਾਲੀ-ਬਸਪਾ ਦੇ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਮੀਤ ਸਿੰਘ ਬਾਕਰਪੁਰ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਕਰਮਜੀਤ ਕੰਮਾ, ਗੁਰਮੀਤ ਸਿੰਘ ਸ਼ਾਮਪੁਰ, ਪਰਵਿੰਦਰ ਸਿੰਘ ਤਸਿੰਬਲੀ, ਓਐੱਸਡੀ ਹਰਦੇਵ ਹਰਪਾਲਪੁਰ ਸਮੇਤ ਵੱਖ-ਵੱਖ ਪਿੰਡਾਂ ਦੇ ਲੋਕ ਹਾਜ਼ਰ ਸਨ।