
ਤੇਲ ਤੇ ਰਸੋਈ ਗੈਸ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੱਲੋਂ ਰੋਸ ਪ੍ਰਦਰਸ਼ਨ
ਖੱਚਰ ਰੇਹੜੇ ’ਤੇ ਚੜ੍ਹ ਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ
ਸੀਨੀਅਰ ਆਗੂ ਕੈਪਟਨ ਸਿੱਧੂ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਵਧੀਆਂ ਕੀਮਤਾਂ ਫੌਰੀ ਵਾਪਸ ਲੈਣ ਦੀ ਮੰਗ ਕੀਤੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਲੋੜੇ ਵਾਧੇ ਦੇ ਵਿਰੁੱਧ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਵਰਕਰਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜ਼ਿਲ਼੍ਹਾ ਕੋਆਰਡੀਨੇਟਰ ਡਾ. ਮੇਜਰ ਸਿੰਘ ਦੀ ਅਗਵਾਈ ਹੇਠ ਏਡੀਸੀ ਰਾਜੀਵ ਗੁਪਤਾ ਨੂੰ ਮੰਗ ਪੱਤਰ ਸੌਂਪਦਿਆਂ ਰਸੋਈ ਗੈਸ ਅਤੇ ਤੇਲ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕੀਤੀ ਗਈ।
ਇਸ ਮੌਕੇ ਸੇਵਾਮੁਕਤ ਆਈਏਐਸ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਹੋਰਨਾਂ ਆਗੂਆਂ ਅਤੇ ਵਰਕਰਾਂ ਨੇ ਇਕ ਖੱਚਰ ਰੇਹੜ੍ਹੇ ’ਤੇ ਸਵਾਰ ਹੋ ਕੇ ਸ਼ਹਿਰ ਦੀਆਂ ਸੜਕਾਂ ’ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੀਤੇ ਦਿਨੀਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ। ਜਿਸ ਦੇ ਨਾਲ ਪੰਜਾਬ ਸਣੇ ਦੇਸ਼ ਦੇ ਲੋਕਾਂ ਦੀ ਆਰਥਿਕਤਾ ’ਤੇ ਬਹੁਤ ਵੱਡਾ ਬੋਝ ਪਿਆ ਹੈ।
ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਟੈਕਸ ਅਤੇ ਪੰਜਾਬ ਸਰਕਾਰ ਦੇ ਵੈਟ ਲਾਉਣ ਨਾਲ ਇਹ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਘਰੇਲੂ ਗੈਸ ਦੀਆਂ ਕੀਮਤਾਂ ਵਧਣ ਨਾਲ ਜਿੱਥੇ ਗਰੀਬ ਅਤੇ ਦਰਮਿਆਨੇ ਦਰਜੇ ਦੇ ਪਰਿਵਾਰਾਂ ਦਾ ਆਰਥਿਕ ਢਾਂਚਾ ਡਾਵਾਂਡੋਲ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਇਨ੍ਹਾ ਕੀਮਤਾਂ ਦੇ ਵਾਧੇ ਨੂੰ ਫੌਰੀ ਵਾਪਿਸ ਲੈਣ ਦੀ ਮੰਗ ਕਰਦਾ ਹੈ। ਕੈਪਟਨ ਸਿੱਧੂ ਨੇ ਕਿਹਾ ਕਿ ਜੇ ਅਜਿਹਾ ਨਹੀ ਹੁੰਦਾ ਤਾਂ ਪਾਰਟੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਇਸ ਬੋਲੋੜੇ ਵਾਧੇ ਦੇ ਖ਼ਿਲਾਫ਼ ਸੰਘਰਸ਼ ਕਰੇਗੀ। ਏਡੀਸੀ ਨੂੰ ਮੰਗ ਪੱਤਰ ਸੌਂਪਣ ਵਾਲੇ ਵਫ਼ਦ ਵਿੱਚ ਜ਼ਿਲ਼੍ਹਾ ਕੋਆਰਡੀਨੇਟਰ ਡਾ. ਮੇਜਰ ਸਿੰਘ, ਰਜਿੰਦਰ ਸਿੰਘ ਸੇਠੀ, ਅਰਜਨ ਸਿੰਘ ਸ਼ੇਰਗਿੱਲ, ਬਲਜੀਤ ਸਿੰਘ ਜਗਤਪੂਰਾ, ਬਚਿੱਤਰ ਸਿੰਘ, ਸਤਬੀਰ ਸਿੰਘ, ਅਮਨਪ੍ਰੀਤ ਸਿੰਘ, ਹਰਚਰਨ ਸਿੰਘ, ਸਤਿੰਦਰ ਸਿੰਘ ਅਤੇ ਐਡਵੋਕੇਟ ਹਰਪ੍ਰੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।