ਵਿਦਿਆਰਥੀਆਂ ਦੀ ਸੁਰੱਖਿਆ: ਮੁਹਾਲੀ ਵਿੱਚ ਵੱਖ ਵੱਖ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ‘ਨਿਰਦੇਸ਼ਾ ਅਨੁਸਾਰ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਨਿਗਰਾਨੀ ਹੇਠ ਗਠਿਤ ਜ਼ਿਲ੍ਹਾ ਪੱਧਰੀ ਇੰਸਪੈਕਸ਼ਨ ਕਮੇਟੀ ਵੱਲੋਂ ਵੀਰਵਾਰ ਨੂੰ ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਐਸ.ਏ.ਐਸ. ਨਗਰ (ਮੁਹਾਲੀ) ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਸਕੂਲ ਪ੍ਰਬੰਧਕਾਂ ਨੂੰ ਖ਼ਾਮੀਆਂ ਦੂਰ ਕਰਨ ਅਤੇ ਨਿਯਮਾਂ ਦੀ ਪਾਲਣਾ ਕਰਨ ਦਾ ਪਾਠ ਪੜ੍ਹਾਇਆ ਗਿਆ। ਜ਼ਿਲ੍ਹਾ ਇਸਤਰੀ ਅਕਾਲੀ ਦਲ ਸ਼ਹਿਰੀ ਦੀ ਪ੍ਰਧਾਨ ਤੇ ਕਮਿਸ਼ਨ ਦੇ ਮੈਂਬਰ ਕੁਲਦੀਪ ਕੌਰ ਕੰਗ ਤੇ ਹੋਰਨਾਂ ਟੀਮ ਮੈਂਬਰਾਂ ਨੇ ਚੈਕਿੰਗ ਦੌਰਾਨ ਹਰੇਕ ਸਕੂਲ ਬੱਸ ਵਿੱਚ ਲੇਡੀ ਅਟੈਡੈਂਟ, ਸੀਸੀਟੀਵੀ ਕੈਮਰੇ, ਸਪੀਡ ਗਵਰਨਰ, ਫਸਟ ਏਡ ਬਾਕਸ ਅਤੇ ਹੋਰ ਮਾਪਦੰਡਾਂ ਨੂੰ ਪਾਲਿਸੀ ਅਧੀਨ ਚੈਕ ਕੀਤਾ ਗਿਆ ਅਤੇ ਸੇਫ ਸਕੂਲ ਵਾਹਨ ਪਾਲਿਸੀ ਅਤੇ ਹਾਈ ਕੋਰਟ ਦੀਆਂ ਹਦਾਇਤਾਂ ਨੂੰ ਸਖ਼ਤੀ ਅਤੇ ਸੂਚਾਰੂ ਢੰਗ ਨਾਲ ਲਾਗੂ ਕਰਨ ਲਈ ਸਬੰਧਤ ਸਕੂਲਾਂ ਦੇ ਪਿੰ੍ਰਸੀਪਲਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ ਗਿਆ ਹੈ ਕਿ ਸਾਰੇ ਸਕੂਲ ਪ੍ਰਬੰਧਕਾਂ ਕੋਲੋਂ ਹਾਈ ਕੋਰਟ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਨਵੇਂ ਸਿਰੇ ਤੋਂ ਹਲਫ਼ਨਾਮਾ ਲਿਆ ਜਾਵੇ। ਇਸ ਤੋਂ ਇਲਾਵਾ ਵੱਖਰੇ ਤੌਰ ’ਤੇ ਇਕ ਸਰਟੀਫਿਕੇਟ ਹਾਸਲ ਕੀਤਾ ਜਾਵੇ ਤਾਂ ਜੋ ਹਾਈ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਜ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਸੁਰੱਖਿਅਤ ਸਕੂਲ ਵਾਹਨ ਸਕੀਮ ਅਧੀਨ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਸਕੂਲ ਪ੍ਰਬੰਧਕਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਵਿਦਿਆਰਥੀਆਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤਣ। ਉਨ੍ਹਾਂ ਦੱਸਿਆ ਕਿ ਸੁਰੱਖਿਅਤ ਸਕੂਲ ਵਾਹਨ ਸਕੀਮ ਅਧੀਨ ਹਰੇਕ ਸਕੂਲ ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਸਕੂਲ ਬੱਸ ਦੇ ਅੱਗੇ ਅਤੇ ਪਿੱਛੇ ਸਕੂਲ ਬੱਸ ਲਿਖਿਆ ਜਾਵੇ। ਜੇਕਰ ਬੱਸ ਕਿਰਾਏ ’ਤੇ ਹੋਵੇ ਤਾਂ ਉਸ ’ਤੇ ਆਨ ਸਕੂਲ ਡਿਊਟੀ ਲਿਖਿਆ ਹੋਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਨਵਪ੍ਰੀਤ ਕੌਰ, ਯਾਦਵਿੰਦਰ ਕੌਰ ਅਤੇ ਮੋਹਿਤਾ ਵਰਮਾ, ਕਮਲਜੀਤ ਸਿੰਘ, ਮਨਿੰਦਰ ਸਿੰਘ, ਟਰਾਂਸਪੋਰਟ ਵਿਭਾਗ ਦੇ ਨੁਮਾਇੰਦੇ ਬਲਜੀਤ ਸਿੰਘ, ਗੁਰਮੇਲ ਸਿੰਘ ਅਤੇ ਸਿੱਖਿਆ ਵਿਭਾਗ ਤੋਂ ਸ੍ਰੀਮਤੀ ਗੁਰਪ੍ਰੀਤ ਕੌਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…