
ਸਾਹਿਬਜ਼ਾਦਾ ਅਜੀਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਪ੍ਰੇਮ ਸਿੰਘ ਪ੍ਰੇਮੀ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਨਰਿੰਦਰ ਸਿੰਘ ਦਮਦਮੀ ਟਕਸਾਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਵੱਲੋਂ ਧਰਮ ਦੀ ਆਜ਼ਾਦੀ ਖ਼ਾਤਰ ਛੋਟੀ ਉਮਰੇ ਪ੍ਰਾਪਤ ਕੀਤੀ, ਅਦੁੱਤੀ ਤੇ ਲਾਸਾਨੀ ਸ਼ਹਾਦਤ ਦੇ ਪੂਰੇ ਪ੍ਰਸੰਗ ਬਾਰੇ ਜਾਣੂ ਕਰਵਾਇਆ। ਬੀਬੀ ਅਮਨਦੀਪ ਕੌਰ ਖਾਲਸਾ ਲੁਧਿਆਣਾ ਵਾਲਿਆਂ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਭਾਈ ਹਰਪ੍ਰੀਤ ਸਿੰਘ, ਭਾਈ ਤੇਜਿੰਦਰ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਹਰਜਸ ਕੀਰਤਨੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਮਨਜਿੰਦਰ ਸਿੰਘ ਦਮਦਮੀ ਟਕਸਾਲ, ਭਾਈ ਕੰਵਲਜੀਤ ਸਿੰਘ ਜਵੱਦੀ ਟਕਸਾਲ, ਭਾਈ ਕੁਲਦੀਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਪ੍ਰਿਤਪਾਲ ਸਿੰਘ, ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਨਿਤਿਨ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।