Nabaz-e-punjab.com

ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਮਰਨ ਵਰਤ ’ਤੇ ਬੈਠੇ ਸੱਜਣ ਸਿੰਘ ਦੀ ਹਮਾਇਤ ਦਾ ਐਲਾਨ

ਮੁਹਾਲੀ ਵਿੱਚ ਸਫ਼ਾਈ ਦਾ ਕੰਮ ਬੰਦ ਕਰ ਕੇ ਸੜਕਾਂ ’ਤੇ ਉਤਰੇ ਸਫ਼ਾਈ ਕਾਮੇ, ਮਜ਼ਦੂਰਾਂ ਨੇ ਮਾਰਕੀਟਾਂ ਵਿੱਚ ਕੀਤਾ ਮਾਰਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ:
ਪੰਜਾਬ ਸਰਕਾਰ ਦੇ ਝੂਠੇ ਲਾਰਿਆਂ, ਧੱਕੇਸ਼ਾਹੀ ਅਤੇ ਵਾਅਦਾਖ਼ਿਲਾਫ਼ੀ ਦੇ ਵਿਰੋਧ ਵਿੱਚ ਪੰਜਾਬ ਐਂਡ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਐਕਸ਼ਨ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਅਤੇ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਬੀਤੀ ਪਿਛਲੇ ਚਾਰ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਮੁਲਾਜ਼ਮ ਸੰਘਰਸ਼ ਲਹਿਰ ਦੇ ਪ੍ਰਮੁੱਖ ਆਗੂ ਸੱਜਣ ਸਿੰਘ ਨੂੰ ਯੂਟੀ ਪੁਲੀਸ ਵੱਲੋਂ ਜ਼ਬਰਦਸਤੀ ਚੁੱਕ ਕੇ ਹਸਪਤਾਲ ਵਿੱਚ ਲਿਜਾਉਣ ਦੇ ਵਿਰੋਧ ਵਿੱਚ ਅੱਜ ਸਮੂਹ ਸਫ਼ਾਈ ਕਾਮਿਆਂ ਅਤੇ ਮੁਲਾਜ਼ਮਾਂ ਅਤੇ ਦਿਹਾੜੀਦਾਰਾਂ ਨੇ ਸੱਜਣ ਸਿੰਘ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦਿਆਂ ਮੁਹਾਲੀ ਵਿੱਚ ਮੁਕੰਮਲ ਤੌਰ ’ਤੇ ਸਫ਼ਾਈ ਦਾ ਕੰਮ ਬੰਦ ਕਰ ਕੇ ਹੁਕਮਰਾਨਾਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਸਬੰਧੀ ਵੱਡੀ ਗਿਣਤੀ ਵਿੱਚ ਮੁਲਾਜ਼ਮ ਇੱਥੋਂ ਦੇ ਫੇਜ਼-9 ਦੇ ਪਾਰਕ ਵਿੱਚ ਇਕੱਠੇ ਹੋਏ ਅਤੇ ਮੁਲਾਜ਼ਮ ਮੰਗਾਂ ’ਤੇ ਚਰਚਾ ਕਰਨ ਮਗਰੋਂ ਸ਼ਹਿਰ ਦੀਆਂ ਸੜਕਾਂ, ਮਾਰਕੀਟਾਂ ਵਿੱਚ ਰੋਸ ਮਾਰਚ ਕਰਦਿਆਂ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਠੀ ਵੱਲ ਕੂਚ ਕਰ ਦਿੱਤਾ। ਲੇਕਿਨ ਪੁਲੀਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕਦਿਆਂ ਜਲਦੀ ਹੀ ਕੈਬਨਿਟ ਮੰਤਰੀ ਸਿੱਧੂ ਨਾਲ ਮੁਲਾਕਾਤ ਕਰਵਾਉਣ ਦੀ ਗੱਲ ਆਖੀ। ਇਸ ਮਗਰੋਂ ਲਗਭਗ ਇਕ ਘੰਟੇ ਦੀ ਜਦੋ ਜਹਿਦ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੇ 10 ਮੈਂਬਰੀ ਵਫ਼ਦ ਦੀ ਸ੍ਰੀ ਸਿੱਧੂ ਨਾਲ ਮੁਲਾਕਾਤ ਕਰਵਾਈ।
ਜਥੇਬੰਦੀ ਦੇ ਆਗੂਆਂ ਨੇ ਮੰਤਰੀ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਸਥਾਈ ਹੱਲ ਲਈ ਮੁੱਖ ਮੰਤਰੀ ਜਾਂ ਮੁੱਖ ਸਕੱਤਰ ਨਾਲ ਪੈਨਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ। ਸ੍ਰੀ ਸਿੱਧੂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਮੁੱਖ ਮੰਤਰੀ ਜਾਂ ਮੁੱਖ ਸਕੱਤਰ ਨਾਲ ਜਲਦੀ ਮੀਟਿੰਗ ਕਰਵਾਈ ਜਾਵੇਗੀ। ਇਸ ਉਪਰੰਤ ਸਫ਼ਾਈ ਕਰਮਚਾਰੀਆਂ ਨੇ ਆਪਣਾ ਰੋਸ ਪ੍ਰਦਰਸ਼ਨ ਖ਼ਤਮ ਤਾਂ ਕਰ ਦਿੱਤਾ ਪ੍ਰੰਤੂ ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਸਰਕਾਰ ਨੇ ਮੁਲਾਜ਼ਮ ਮੰਗਾਂ ਦਾ ਜਲਦੀ ਨਿਪਟਾਰਾ ਨਹੀਂ ਕੀਤਾ ਤਾਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਮੋਹਨ ਸਿੰਘ, ਜਨਰਲ ਸਕੱਤਰ ਪਵਨ ਗੋਡਯਾਲ, ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੋਭਾ ਰਾਮ, ਮਦਨ ਲਾਲ, ਡੋਰ-ਟੂ-ਡੋਰ ਗਾਰਬੇਜ ਕੁਲੈਕਸ਼ਨ ਕਮੇਟੀ ਦੇ ਪ੍ਰਧਾਨ ਰਾਜਨ ਚਵੱਰੀਆ, ਠੇਕੇ ਪ੍ਰਣਾਲੀ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੇ ਆਗੂ ਗੁਰਪ੍ਰੀਤ ਸਿੰਘ ਰਾਜਾ, ਅਨਿਲ ਕੁਮਾਰ, ਸੁਭਰਾਮਨੀਅਮ, ਡੇਰਾਬਸੀ ਤੋਂ ਰਾਜੇਸ਼ ਕੁਮਾਰ, ਜ਼ੀਰਕਪੁਰ ਤੋਂ ਪ੍ਰਧਾਨ ਪ੍ਰਦੀਪ ਕੁਮਾਰ ਸੂਦ, ਲਾਲੜੂ ਤੋਂ ਹਰਵਿੰਦਰ ਸਿੰਘ, ਖਰੜ ਤੋਂ ਬਲਕੇਸ਼ ਕੁਮਾਰ ਹੋਰ ਕਈ ਆਗੂਆਂ ਨੇ ਧਰਨੇ ਨੂੰ ਸੰਬੋਧਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮ ਵੈਲਫੇਅਰ ਐਕਟ 2016 ਬਿਨਾਂ ਕਿਸੇ ਸੋਧ ਕੀਤੇ ਲਾਗੂ ਕਰਕੇ ਆਊਟ ਸੋਰਸ, ਠੇਕਾ ਪ੍ਰਣਾਲੀ, ਦਿਹਾੜੀਦਾਰ, ਵਰਕਚਾਰਜ, ਹੈੱਡਹਾਕ ਅਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਕੰਮ ਕਰਦੇ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਦੇ ਕੇ ਪੱਕਾ ਕੀਤਾ ਜਾਵੇ। ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ। ਡੀਏ ਦੀਆਂ 3 ਕਿਸ਼ਤਾਂ ਸਮੇਤ 40 ਮਹੀਨਿਆਂ ਦਾ ਬਕਾਇਆ ਦਿੱਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਤੁਰੰਤ ਲਾਗੂ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…