
ਝੋਨੇ ਦੀ ਵਿਕਰੀ: ਕਿਸਾਨਾਂ ਨੂੰ 79 ਕਰੋੜ 46 ਲੱਖ ਦੀ ਅਦਾਇਗੀ ਕੀਤੀ: ਡੀਸੀ
ਮੰਡੀਆਂ ਵਿੱਚ 93 ਹਜ਼ਾਰ 472 ਮੀਟਰਕ ਟਨ ਝੋਨੇ ਦੀ ਹੋਈ ਆਮਦ
ਖਰੀਦੇ ਗਏ ਝੋਨੇ ’ਚੋਂ 71 ਹਜ਼ਾਰ 835 ਮੀਟਰਕ ਟਨ ਝੋਨੇ ਦੀ ਕਰਵਾਈ ਗਈ ਲਿਫ਼ਟਿੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਕਤੂਬਰ:
ਮੁਹਾਲੀ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਸਥਾਪਿਤ ਕੀਤੇ ਖਰੀਦ ਕੇਂਦਰਾਂ ਵਿੱਖੇ ਖਰੀਦ ਦਾ ਕੰਮ ਤਸੱਲੀ ਬਖ਼ਸ਼ ਚਲ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਵੱਲੋਂ ਪੁੱਜੇ ਝੋਨੇ ਚੋਂ ਖਰੀਦ ਕੀਤੇ ਝੋਨੇ ਦੇ ਇਵਜ਼ ਚ ਕਿਸਾਨਾਂ ਨੂੰ 79 ਕਰੋੜ 46 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ ਅਤੇ ਏਜੰਸੀਆਂ ਵੱਲੋ ਕਰੀਬ 100 ਫੀਸਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੇਂਦਰਾਂ ਚ 93 ਹਜ਼ਾਰ 472 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ’ਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 93 ਹਜ਼ਾਰ 334 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦੇ ਗਏ ਝੋਨੇ ’ਚੋਂ 71 ਹਜ਼ਾਰ 835 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕਰਵਾਈ ਗਈ ਹੈ।
ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ’ਚੋਂ ਪਨਗ੍ਰੇਨ ਵੱਲੋਂ 21ਹਜ਼ਾਰ 724 ਮੀਟਰਕ ਟਨ, ਮਾਰਕਫੈਡ ਵੱਲੋਂ 37 ਹਜ਼ਾਰ 557 ਮੀਟਰਕ ਟਨ, ਪਨਸਪ ਵੱਲੋਂ 15 ਹਜ਼ਾਰ 515 ਮੀਟਰਕ ਟਨ, ਪੰਜਾਬ ਰਾਜ ਵੇਅਰ ਹਾਉਸਿੰਗ ਕਾਰਪੋਰੇਸ਼ਨ ਵੱਲੋਂ 11 ਹਜ਼ਾਰ 902 ਮੀਟਰਕ ਟਨ, ਐਫ਼ਸੀਆਈ ਵੱਲੋਂ 06 ਹਜ਼ਾਰ 502 ਮੀਟਰਕ ਟਨ ਅਤੇ ਵਾਪਰੀਆਂ ਵੱਲੋਂ 134 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫ਼ਟਿੰਗ ਵਿੱਚ ਹੋਰ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਕੇਵਲ ਸੁਪਰ ਐਸ.ਐਮ.ਐਸ. ਲੱਗੀ ਕੰਬਾਇਨ ਨਾਲ ਹੀ ਕਰਵਾਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਈ ਜਾਵੇ ਕਿਉਂਕਿ ਰਾਤ ਨੂੰ ਫ਼ਸਲ ਕੱਟਣ ਨਾਲ ਜਿਥੇ ਉਸ ਵਿੱਚ ਨਮੀਂ ਦੀ ਮਾਤਰਾ ਤੈਅ ਮਾਪਦੰਡਾਂ ਤੋਂ ਵੱਧ ਹੁੰਦੀ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ। ਕਿਉਂਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਕਿਸਾਨਾਂ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।