ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਬਰਾੜ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਬਰਾੜ ਨੇ ਪਿੰਡ ਕੈਲੋਂ, ਚੱਪੜਚਿੜੀ, ਬਰਿਆਲੀ ਤੇ ਲਖਨੌਰ ਵਿੱਚ ਕੀਤਾ ਚੋਣ ਪ੍ਰਚਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਸੰਯੁਕਤ ਸਮਾਜ ਮੋਰਚਾ ਦੇ ਮੁਹਾਲੀ ਤੋਂ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਅੱਜ ਮੁਹਾਲੀ ਦੇ ਐਸਡੀਐਮ ਦਫ਼ਤਰ ਵਿੱਚ ਪਹੁੰਚ ਕੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਲਗਾਈਆਂ ਕਰੋਨਾ ਪਾਬੰਦੀਆਂ ਦੇ ਚੱਲਦਿਆਂ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਬਰਾੜ ਨੇ ਬਹੁਤ ਘੱਟ ਗਿਣਤੀ ਵਿੱਚ ਆਪਣੇ ਸਾਥੀਆਂ ਸਮੇਤ ਐਸਡੀਐਮ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਅਤੇ ਸੰਯੁਕਤ ਸਮਾਜ ਮੋਰਚਾ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਨਿਰਣਾਇਕ ਭੂਮਿਕਾ ਨਿਭਾਵੇਗਾ।
ਨਾਮਜ਼ਦਗੀ ਪੇਪਰ ਦਾਖ਼ਲ ਕਰਨ ਤੋਂ ਮਗਰੋਂ ਬਰਾੜ ਨੇ ਪਿੰਡ ਕੈਲੋਂ, ਚੱਪੜਚਿੜੀ, ਬਰਿਆਲੀ ਅਤੇ ਲਖਨੌਰ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਮੁਹਾਲੀ ਹਲਕੇ ਨੂੰ ਇਕ ਅਜਿਹਾ ਉਮੀਦਵਾਰ ਦਿੱਤਾ ਹੈ ਜਿਸ ਦਾ ਇੰਨਾ ਭਰੋਸਾ ਵੀ ਨਹੀਂ ਕਿ ਉਹ ਚੋਣਾਂ ਮਗਰੋਂ ਕਿਹੜੀ ਪਾਰਟੀ ਵਿੱਚ ਜਾ ਵੜੇ। ਉਨ੍ਹਾਂ ਆਸ ਪ੍ਰਗਟਾਈ ਕਿ ਮੁਹਾਲੀ ਹਲਕੇ ਦੇ ਲੋਕ ਬਲਬੀਰ ਸਿੱਧੂ ਅਤੇ ਕੁਲਵੰਤ ਸਿੰਘ ਦੀਆਂ ਕੋਝੀਆਂ ਚਾਲਾਂ ਨੂੰ ਬਾਖ਼ੂਬੀ ਸਮਝਦੇ ਹਨ ਅਤੇ ਇਸ ਵਾਰੀ ਰਵਾਇਤੀ ਪਾਰਟੀਆਂ ਨੂੰ ਨਕਾਰਦੇ ਹੋਏ ਸੰਯੁਕਤ ਸਮਾਜ ਮੋਰਚੇ ਨੂੰ ਇੱਕ ਮੌਕਾ ਦੇਣਗੇ।
ਇਸ ਦੇ ਨਾਲ ਹੀ ਬਰਾੜ ਨੇ ਸੰਯੁਕਤ ਸਮਾਜ ਮੋਰਚੇ ਵੱਲੋਂ 31 ਜਨਵਰੀ ਨੂੰ ਮਨਾਏ ਜਾਣ ਵਾਲੇ ਵਿਸ਼ਵਾਸ਼ਘਾਤ ਦਿਵਸ ਮੌਕੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਬਰਾੜ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਕਾਰਪੋਰੇਟ ਵਰਸਿਜ਼ ਕਿਸਾਨੀ ਦੀ ਲੜਾਈ ਹੈ। ਇਕ ਪਾਸੇ ਵੱਡੇ ਕਾਰਪੋਰੇਟ ਘਰਾਣੇ ਹਨ ਜੋ ਕਿਸਾਨਾਂ ਨੂੰ ਆਪਣੇ ਗੁਲਾਮ ਬਣਾਉਣ ਲਈ ਜ਼ੋਰ ਲਗਾ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਲਈ ਖੜ੍ਹੇ ਹਨ। ਬਰਾੜ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਕਿਸੇ ਵੀ ਹਾਲਤ ਵਿੱਚ ਪੰਜਾਬ ਦੀ ਕਿਸਾਨੀ ਨੂੰ ਬਰਬਾਦ ਕਰਨ ਦੀਆਂ ਕੁਝ ਕੋਝੀਆਂ ਚਾਲਾਂ ਕਾਮਯਾਬ ਨਹੀਂ ਹੋਣ ਦੇਵੇਗਾ। ਬਰਾੜ ਨੇ ਕਿਹਾ ਕਿ ਭਾਜਪਾ ਅਤੇ ਮੋਦੀ ਸਰਕਾਰ ਨੇ ਕਿਸਾਨਾਂ ਦੇ ਨਾਲ ਵਿਸਵਾਸ਼ਘਾਤ ਕੀਤਾ ਕਿਸਾਨ ਅੰਦੋਲਨ ਖਤਮ ਕਰਨ ਵੇਲੇ ਜੋ ਵਾਅਦੇ ਕਿਸਾਨਾਂ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕਰਨ ਤੋਂ ਮੋਦੀ ਸਰਕਾਰ ਪਿੱਛੇ ਹਟ ਰਹੀ ਹੈ। ਅਜਿਹੇ ਵਿੱਚ ਜੇਕਰ ਭਵਿੱਖ ਵਿੱਚ ਮੁੜ ਤੋਂ ਕਿਸਾਨ ਮੋਰਚਾ ਲਗਾਉਣਾ ਪਿਆ ਤਾਂ ਉਸ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…